ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਜਾਂਚ ਏਜੰਸੀ 'ਤੇ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਦੱਸਿਆ ਗਿਆ ਸੀ ਕਿ ਕੇਂਦਰ ਸਰਕਾਰ ਦੀ ਜਾਂਚ ਏਜੰਸੀ ਸਤੇਂਦਰ ਜੈਨ ਨੂੰ ਗ੍ਰਿਫਤਾਰ ਕਰਨ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਹੁਣ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਹੈ ਕਿ ਕੇਂਦਰ ਸਰਕਾਰ ਦੀ ਜਾਂਚ ਏਜੰਸੀ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕਰਨ ਜਾ ਰਹੀ ਹੈ। ਜਿਸ ਤਰ੍ਹਾਂ ਕੇਂਦਰੀ ਜਾਂਚ ਏਜੰਸੀ ਨੇ ਸਤੇਂਦਰ ਜੈਨ ਖ਼ਿਲਾਫ਼ ਫਰਜ਼ੀ ਕੇਸ ਤਿਆਰ ਕੀਤਾ ਹੈ, ਉਸੇ ਤਰ੍ਹਾਂ ਮਨੀਸ਼ ਸਿਸੋਦੀਆ ਖ਼ਿਲਾਫ਼ ਵੀ ਫਰਜ਼ੀ ਕੇਸ ਤਿਆਰ ਕੀਤਾ ਗਿਆ ਹੈ।
ਮਨੀਸ਼ ਸਿਸੋਦੀਆ ਨੇ ਭਾਰਤ ਦੀ ਸਿੱਖਿਆ ਕ੍ਰਾਂਤੀ ਵਿੱਚ ਬਹੁਤ ਕੰਮ ਕੀਤਾ ਹੈ। ਇਸ ਤੋਂ ਪਹਿਲਾਂ ਗਰੀਬ ਬੱਚੇ ਸਰਕਾਰੀ ਸਕੂਲਾਂ ਵਿੱਚ ਤੀਜੀ ਜਮਾਤ ਦੀ ਸਿੱਖਿਆ ਪ੍ਰਾਪਤ ਕਰਦੇ ਸਨ। ਪਹਿਲਾਂ ਇਨ੍ਹਾਂ ਸਾਰੇ ਬੱਚਿਆਂ ਦਾ ਭਵਿੱਖ ਹਨੇਰੇ ਵਿੱਚ ਸੀ। ਮਨੀਸ਼ ਸਿਸੋਦੀਆ ਨੇ ਇਨ੍ਹਾਂ ਬੱਚਿਆਂ ਦਾ ਭਵਿੱਖ ਸੰਵਾਰਿਆ ਹੈ।
ਇਸ ਦੇ ਨਾਲ ਹੀ 18 ਲੱਖ ਬੱਚਿਆਂ 'ਤੇ ਸਵਾਲ ਉਠਾਉਂਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੀ ਉਹ ਭ੍ਰਿਸ਼ਟ ਹਨ ਅਤੇ ਨਾਲ ਹੀ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵੀ ਸਵਾਲ ਕੀਤਾ ਕਿ ਇਹ ਲੋਕ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਭ੍ਰਿਸ਼ਟ ਕਹਿ ਰਹੇ ਹਨ, ਤੁਹਾਨੂੰ ਕੀ ਲੱਗਦਾ ਹੈ।
ਮਨੀਸ਼ ਸਿਸੋਦੀਆ ਨੇ ਦਿੱਲੀ ਦੇ ਗਰੀਬ ਬੱਚਿਆਂ ਨੂੰ ਹੀ ਨਹੀਂ ਸਗੋਂ ਪੂਰੇ ਦੇਸ਼ ਨੂੰ ਬਿਹਤਰ ਸਿੱਖਿਆ ਦੇਣ ਦੀ ਦਿਸ਼ਾ ਦਿਖਾਈ ਹੈ। ਦਿੱਲੀ ਹੀ ਨਹੀਂ ਬਲਕਿ ਪੂਰੀ ਦੁਨੀਆ ਦਿੱਲੀ ਦੀ ਸਿੱਖਿਆ ਵਿੱਚ ਕ੍ਰਾਂਤੀ ਦੀ ਗੱਲ ਕਰ ਰਹੀ ਹੈ। ਹਰ ਪਾਸੇ ਹੈਪੀਨੈਸ ਕਲਾਸ ਅਤੇ ਐਂਟਰਪ੍ਰੈਨਿਓਰਸ਼ਿਪ ਕਲਾਸ ਦੀ ਚਰਚਾ ਹੋ ਰਹੀ ਹੈ। ਮਨੀਸ਼ ਸਿਸੋਦੀਆ ਨੇ ਪੂਰੀ ਦੁਨੀਆ ਵਿੱਚ ਭਾਰਤ ਦਾ ਨਾਮ ਰੋਸ਼ਨ ਕੀਤਾ ਹੈ।