ਨਵੀਂ ਦਿੱਲੀ/ਚੰਡੀਗੜ੍ਹ: ਦਿੱਲੀ ’ਚ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਦਿੱਲੀ ਦੇ ਸਟੇਡੀਅਮਾਂ ਨੂੰ ਜੇਲ੍ਹਾਂ ਵਿੱਚ ਤਬਦੀਲ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਦਿੱਲੀ ਦੇ ਗ੍ਰਹਿ ਮੰਤਰੀ ਸਤਿੰਦਰ ਜੈਨ ਨੇ ਕੇਂਦਰ ਸਰਕਾਰ ਦੀ ਮਾਰਫ਼ਤ ਦਿੱਲੀ ਪੁਲਿਸ ਵੱਲੋਂ ਕੀਤੀ ਗਈ ਮੰਗ ਨੂੰ ਲਿਖਤੀ ਰੂਪ ਵਿਚ ਠੁਕਰਾਉਂਦੇ ਹੋਏ ਕਿਹਾ ਕਿ ਦਿੱਲੀ ਸਰਕਾਰ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਡੱਕਣ ਦੇ ਵਿਰੁੱਧ ਹੈ, ਇਸ ਲਈ ਦਿੱਲੀ ਸਟੇਡੀਅਮਾਂ ਨੂੰ ਜੇਲ੍ਹਾਂ ਵਿੱਚ ਤਬਦੀਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਧਰ, ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਹੈ।
ਪਾਰਟੀ ਵੱਲੋਂ ਜਾਰੀ ਸੂਚਨਾ ਅਨੁਸਾਰ ਗ੍ਰਹਿ ਮੰਤਰੀ ਸਤਿੰਦਰ ਜੈਨ ਨੇ ਦਿੱਲੀ ਪੁਲਿਸ ਨੂੰ ਕਿਹਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ। ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨਣੀਆਂ ਚਾਹੀਦੀਆਂ ਹਨ। ਕਿਸਾਨਾਂ ਨੂੰ ਜੇਲ੍ਹਾਂ ਵਿੱਚ ਡੱਕਣਾ ਇਸ ਦਾ ਹੱਲ ਨਹੀਂ ਹੈ। ਇਨ੍ਹਾਂ ਦਾ ਅੰਦੋਲਨ ਬਿਲਕੁਲ ਸ਼ਾਂਤਮਈ (ਅਹਿੰਸਕ) ਹੈ। ਸ਼ਾਂਤਮਈ ਤਰੀਕੇ ਨਾਲ ਅੰਦੋਲਨ ਕਰਨਾ ਹਰ ਭਾਰਤੀ ਦਾ ਸੰਵਿਧਾਨਿਕ ਹੱਕ ਹੈ। ਇਸ ਲਈ ਉਨ੍ਹਾਂ ਨੂੰ ਜੇਲ੍ਹਾਂ ਵਿਚ ਬੰਦ ਨਹੀਂ ਕੀਤਾ ਜਾ ਸਕਦਾ। ਇਸ ਲਈ ਸਟੇਡੀਅਮਾਂ ਨੂੰ ਜੇਲ੍ਹ ਬਣਾਉਣ ਦੀ ਦਿੱਲੀ ਪੁਲਿਸ ਦੀ ਇਸ ਅਰਜ਼ੀ ਨੂੰ ਦਿੱਲੀ ਸਰਕਾਰ ਨਾ-ਮਨਜੂਰ ਕਰਦੀ ਹੈ।