ਮੁਜ਼ੱਫਰਨਗਰ:ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਕਿਸਾਨਾਂ ਵੱਲੋਂ ਮਹਾਪੰਚਾਇਤ ਕੀਤੀ ਜਾ ਰਹੀ ਹੈ, ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਮੁਜ਼ੱਫਰਨਗਰ ਵਿੱਚ ਪਹੁੰਚੇ ਹੋਏ ਹਨ ਤੇ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜੀਆਈਸੀ ਗਰਾਊਂਡ ਵਿੱਚ ਦੇਸ਼ ਦੇ ਕੋਨੇ ਕੋਨੇ ਤੋਂ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਪਹੁੰਚੇ ਹੋਏ ਹਨ ਤੇ ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਸਭ ਤੋਂ ਵੱਡੀ ਮਹਾਪੰਚਾਇਤ ਹੈ।
ਜਿੱਥੇ ਵਿਰੋਧੀ ਧਿਰਾਂ ਕਿਸਾਨਾਂ ਦੇ ਹੱਕ ਦੀ ਗੱਲ ਕਰ ਰਹੀਆਂ ਹਨ ਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਉਥੇ ਹੀ ਭਾਜਪਾ ਸਾਂਸਦ ਵੱਲੋਂ ਵੀ ਕਿਸਾਨਾਂ ਦੀ ਹਿਮਾਇਤ ਕੀਤੀ ਗਈ ਹੈ। ਇਸ ਦੌਰਾਨ ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਆਪਣੀ ਹੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਟਵਿੱਟਰ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ’ਚ ਭੀੜ ਦਿਖਾਈ ਦੇ ਰਹੀ ਹੈ। ਉਨ੍ਹਾਂ ਨੇ ਲਿਖਿਆ ਕਿ ਸਾਨੂੰ ਕਿਸਾਨਾਂ ਦੇ ਦਰਦ ਨੂੰ ਸਮਝਣ ਦੀ ਲੋੜ ਹੈ। ਅੱਜ ਲੱਖਾਂ ਕਿਸਾਨ ਮੁਜ਼ੱਫਰਨਗਰ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਉਹ ਸਾਡਾ ਹੀ ਖੂਨ ਹਨ। ਸਾਨੂੰ ਉਨ੍ਹਾਂ ਨਾਲ ਦੁਬਾਰਾ ਆਦਰ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਦੇ ਦਰਦ, ਉਨ੍ਹਾਂ ਦੇ ਨਜ਼ਰੀਏ ਨੂੰ ਸਮਝੋ ਅਤੇ ਜ਼ਮੀਨ 'ਤੇ ਪਹੁੰਚਣ ਲਈ ਉਨ੍ਹਾਂ ਦੇ ਨਾਲ ਕੰਮ ਕਰਨ ਦੀ ਜ਼ਰੂਰਤ ਹੈ।