ਦਿੱਲੀ:ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ (Union Home Minister Ajay Mishra) ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ (Ashish Mishra's Bail Petition) 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ। ਮਿਸ਼ਰਾ ਦੀ ਕਾਰ ਉਸ ਕਾਫਲੇ ਦਾ ਹਿੱਸਾ ਸੀ ਜਿਸ ਨੇ ਪਿਛਲੇ ਸਾਲ ਲਖੀਮਪੁਰ ਖੀਰੀ ਵਿਖੇ ਪ੍ਰਦਰਸ਼ਨ ਕਰ ਰਹੇ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਨੂੰ ਕੁਚਲ ਦਿੱਤਾ ਸੀ। ਆਸ਼ੀਸ਼ ਕਤਲ ਅਤੇ ਸਾਜ਼ਿਸ਼ ਦੇ ਮਾਮਲੇ 'ਚ ਮੁੱਖ ਦੋਸ਼ੀ ਹੈ।
ਅਸ਼ੀਸ਼ ਮਿਸ਼ਰਾ ਨੇ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਦੱਸ ਦੇਈਏ ਕਿ ਇਲਾਹਾਬਾਦ ਹਾਈ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਟਿਕੁਨੀਆ ਥਾਣਾ ਖੇਤਰ ਵਿੱਚ ਹਿੰਸਾ ਦੌਰਾਨ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਖੇਤਰ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ। ਉੱਤਰ ਪ੍ਰਦੇਸ਼ ਪੁਲਿਸ ਦੀ ਐਫਆਈਆਰ ਅਨੁਸਾਰ ਚਾਰ ਕਿਸਾਨਾਂ ਨੂੰ ਇੱਕ ਐਸਯੂਵੀ ਨੇ ਕੁਚਲ ਦਿੱਤਾ ਜਿਸ ਵਿੱਚ ਆਸ਼ੀਸ਼ ਮਿਸ਼ਰਾ ਬੈਠੇ ਸਨ। ਇਸ ਘਟਨਾ ਤੋਂ ਬਾਅਦ ਗੁੱਸੇ 'ਚ ਆਏ ਕਿਸਾਨਾਂ ਨੇ ਡਰਾਈਵਰ ਅਤੇ ਦੋ ਭਾਜਪਾ ਵਰਕਰਾਂ ਦੀ ਕਥਿਤ ਤੌਰ 'ਤੇ ਕੁੱਟਮਾਰ ਕੀਤੀ। ਇਸ ਹਿੰਸਾ ਵਿੱਚ ਇੱਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ।