ਨਵੀਂ ਦਿੱਲੀ: ਦਿੱਲੀ ਆਬਕਾਰੀ ਘੁਟਾਲੇ ਦੇ ਮੁਲਜ਼ਮ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Former Deputy Chief Minister Manish Sisodia) ਸ਼ੁੱਕਰਵਾਰ ਨੂੰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ 19 ਜਨਵਰੀ 2024 ਤੱਕ ਵਧਾ ਦਿੱਤੀ ਹੈ। ਅਦਾਲਤ ਨੇ ਮਨੀਸ਼ ਸਿਸੋਦੀਆ ਦੇ ਵਕੀਲ ਨੂੰ ਸੀਬੀਆਈ ਹੈੱਡਕੁਆਰਟਰ ਜਾ ਕੇ ਦਸਤਾਵੇਜ਼ਾਂ ਦੀ ਜਾਂਚ ਕਰਨ ਲਈ 15 ਦਿਨਾਂ ਦਾ ਸਮਾਂ ਦਿੱਤਾ ਹੈ। ਅਦਾਲਤ ਨੇ ਸੀਬੀਆਈ ਨੂੰ ਦਸਤਾਵੇਜ਼ਾਂ ਦੀ ਜਾਂਚ ਲਈ ਲੋੜੀਂਦੇ ਅਧਿਕਾਰੀ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ।
ਤੁਹਾਨੂੰ ਦੱਸ ਦੇਈਏ ਕਿ 21 ਨਵੰਬਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਮਨੀਸ਼ ਸਿਸੋਦੀਆ ਦੇ ਵਕੀਲਾਂ ਨੂੰ ਕਿਹਾ ਸੀ ਕਿ ਤੁਸੀਂ ਕੇਸ ਦੀ ਸੁਣਵਾਈ ਵਿੱਚ ਦੇਰੀ ਕਰਨਾ ਚਾਹੁੰਦੇ ਹੋ। 10 ਨਵੰਬਰ ਨੂੰ ਅਦਾਲਤ ਨੇ ਸਿਸੋਦੀਆ ਨੂੰ ਆਪਣੀ ਬਿਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਸੀ। 30 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ: ਸੀਬੀਆਈ ਨੇ 25 ਅਪ੍ਰੈਲ ਨੂੰ ਦਿੱਲੀ ਵਿੱਚ ਇਸ ਮਾਮਲੇ ਵਿੱਚ ਸਪਲੀਮੈਂਟਰੀ ਚਾਰਜਸ਼ੀਟ (Supplementary Charge Sheet) ਦਾਖ਼ਲ ਕੀਤੀ ਸੀ। ਸੀਬੀਆਈ ਨੇ ਇਸ ਮਾਮਲੇ ਵਿੱਚ ਮਨੀਸ਼ ਸਿਸੋਦੀਆ ਨੂੰ ਵੀ ਮੁਲਜ਼ਮ ਬਣਾਇਆ ਸੀ। ਮਨੀਸ਼ ਸਿਸੋਦੀਆ ਤੋਂ ਇਲਾਵਾ ਸਪਲੀਮੈਂਟਰੀ ਚਾਰਜਸ਼ੀਟ 'ਚ ਬੁਚੀ ਬਾਬੂ, ਅਰਜੁਨ ਪਾਂਡੇ ਅਤੇ ਅਮਨਦੀਪ ਢੱਲ ਨੂੰ ਦੋਸ਼ੀ ਬਣਾਇਆ ਗਿਆ ਹੈ। ਬੁਚੀ ਬਾਬੂ ਤੇਲੰਗਾਨਾ ਦੇ ਮੁੱਖ ਮੰਤਰੀ ਕੇਸੀ ਰਾਓ ਦੀ ਬੇਟੀ ਕਵਿਤਾ ਦੇ ਸੀਏ ਰਹਿ ਚੁੱਕੇ ਹਨ।
ਮੁਲਜ਼ਮਾਂ ਖ਼ਿਲਾਫ਼ ਅਦਾਲਤ ਨੋਟਿਸ:ਦੱਸ ਦੇਈਏ ਕਿ ਸਿਸੋਦੀਆ ਨੂੰ ਸੀਬੀਆਈ (CBI) ਨੇ 26 ਫਰਵਰੀ ਨੂੰ ਗ੍ਰਿਫਤਾਰ ਕੀਤਾ ਸੀ। ਸੀਬੀਆਈ ਨੇ 25 ਨਵੰਬਰ 2022 ਨੂੰ ਪਹਿਲੀ ਚਾਰਜਸ਼ੀਟ ਦਾਖ਼ਲ ਕੀਤੀ ਸੀ। ਅਦਾਲਤ ਨੇ ਇਸ ਤੋਂ ਪਹਿਲਾਂ 15 ਦਸੰਬਰ 2022 ਨੂੰ ਚਾਰਜਸ਼ੀਟ ਦਾ ਨੋਟਿਸ ਲਿਆ ਸੀ। ਅਦਾਲਤ ਨੇ ਮੁਲਜ਼ਮਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 120ਬੀ ਅਤੇ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ 7, 7ਏ ਅਤੇ 8 ਤਹਿਤ ਦਸ਼ ਆਇਦ ਕੀਤੇ ਸਨ। ਪਹਿਲੀ ਚਾਰਜਸ਼ੀਟ ਵਿੱਚ ਜਿਨ੍ਹਾਂ ਮੁਲਜ਼ਮਾਂ ਖ਼ਿਲਾਫ਼ ਅਦਾਲਤ ਨੇ ਨੋਟਿਸ ਲਿਆ ਹੈ, ਉਨ੍ਹਾਂ ਵਿੱਚ ਕੁਲਦੀਪ ਸਿੰਘ, ਨਰਿੰਦਰ ਸਿੰਘ, ਵਿਜੇ ਨਾਇਰ, ਅਭਿਸ਼ੇਕ ਬੋਇਨਪੱਲੀ, ਅਰੁਣ ਰਾਮਚੰਦਰ ਪਿੱਲੈ, ਮੁਥੂ ਗੌਤਮ ਅਤੇ ਸਮੀਰ ਮਹਿੰਦਰੂ ਸ਼ਾਮਲ ਹਨ।