ਸ਼੍ਰੀਨਗਰ:ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਫੈਸਲਾ ਆ ਚੁੱਕਾ ਹੈ। ਇਸ ਤੋਂ ਪਹਿਲਾਂ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੂੰ ਸੋਮਵਾਰ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ। ਇਹ ਜਾਣਕਾਰੀ ਪੀਡੀਪੀ ਨੇ ਦਿੱਤੀ ਹੈ।
ਪਾਰਟੀ ਨੇ ਸੋਸ਼ਲ ਮੀਡੀਆ ਉੱਤੇ ਦਿੱਤੀ ਜਾਣਕਾਰੀ: ਪਾਰਟੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਲਿਖਿਆ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੇ ਗੁਪਕਰ 'ਚ ਨੈਸ਼ਨਲ ਕਾਨਫਰੰਸ (ਐੱਨ. ਸੀ.) ਦੇ ਪ੍ਰਧਾਨ ਫਾਰੂਕ ਅਬਦੁੱਲਾ ਅਤੇ ਉਪ ਪ੍ਰਧਾਨ ਉਮਰ ਅਬਦੁੱਲਾ ਦੇ ਘਰ ਨੇੜੇ ਪੱਤਰਕਾਰਾਂ ਨੂੰ ਇਕੱਠੇ ਹੋਣ ਦੀ ਇਜਾਜ਼ਤ ਨਹੀਂ ਦਿੱਤੀ। ਗੁਪਕਰ ਰੋਡ ਦੇ ਐਂਟਰੀ ਪੁਆਇੰਟਾਂ 'ਤੇ ਪੁਲਿਸ ਮੁਲਾਜ਼ਮਾਂ ਦੀ ਇੱਕ ਟੁਕੜੀ ਤਾਇਨਾਤ ਕੀਤੀ ਗਈ ਹੈ ਅਤੇ ਪੱਤਰਕਾਰਾਂ ਨੂੰ ਐਨਸੀ ਆਗੂਆਂ ਦੀ ਰਿਹਾਇਸ਼ ਨੇੜੇ ਜਾਣ ਦੀ ਇਜਾਜ਼ਤ ਨਹੀਂ ਹੈ। ਉਮਰ ਅਬਦੁੱਲਾ ਅਕਤੂਬਰ 2020 ਵਿੱਚ ਆਪਣੀ ਸਰਕਾਰੀ ਰਿਹਾਇਸ਼ ਖਾਲੀ ਕਰਨ ਤੋਂ ਬਾਅਦ ਆਪਣੇ ਪਿਤਾ ਨਾਲ ਰਹਿੰਦਾ ਹੈ।
ਸ਼੍ਰੀਨਗਰ ਦੇ ਸੰਸਦ ਮੈਂਬਰ ਫਾਰੂਕ ਅਬਦੁੱਲਾ ਮੌਜੂਦਾ ਸੰਸਦ ਸੈਸ਼ਨ ਲਈ ਦਿੱਲੀ ਵਿੱਚ ਹਨ ਅਤੇ ਉਨ੍ਹਾਂ ਦਾ ਪੁੱਤਰ ਕਸ਼ਮੀਰ ਘਾਟੀ ਵਿੱਚ ਹੈ। ਦੱਸ ਦੇਈਏ ਕਿ ਸੁਪਰੀਮ ਕੋਰਟ ਦੇ ਇਸ ਫੈਸਲੇ ਕਾਰਨ ਪੂਰੇ ਸੂਬੇ ਵਿੱਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਦੇ ਨਾਲ ਹੀ ਕਾਂਗਰਸ ਨੇਤਾ ਕਪਿਲ ਸਿੱਬਲ ਨੇ ਫੈਸਲੇ ਤੋਂ ਪਹਿਲਾਂ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ ਹੈ।
ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੇ ਕਿਹਾ ਕਿ ਸੰਵਿਧਾਨ ਦੀ ਧਾਰਾ 370 ਦੀ ਵਿਵਸਥਾ ਨੂੰ ਖਤਮ ਕਰਨ 'ਤੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਪਹਿਲਾਂ ਕਿਸੇ ਨੂੰ ਨਜ਼ਰਬੰਦ ਕਰਨ ਜਾਂ ਗ੍ਰਿਫਤਾਰ ਕੀਤੇ ਜਾਣ ਦੀਆਂ ਖਬਰਾਂ 'ਪੂਰੀ ਤਰ੍ਹਾਂ ਬੇਬੁਨਿਆਦ' ਹਨ। ਸਿਨਹਾ ਦਾ ਇਹ ਬਿਆਨ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਵੱਲੋਂ ਦਾਅਵਾ ਕੀਤੇ ਜਾਣ ਤੋਂ ਬਾਅਦ ਆਇਆ ਹੈ ਕਿ ਉਸ ਦੀ ਪ੍ਰਧਾਨ ਮਹਿਬੂਬਾ ਮੁਫਤੀ ਨੂੰ ਸੁਪਰੀਮ ਕੋਰਟ ਦੇ ਫੈਸਲੇ ਤੋਂ ਪਹਿਲਾਂ ਸੋਮਵਾਰ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ।
ਉਪ ਰਾਜਪਾਲ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਇਹ ਪੂਰੀ ਤਰ੍ਹਾਂ ਬੇਬੁਨਿਆਦ ਹੈ। ਪੂਰੇ ਜੰਮੂ-ਕਸ਼ਮੀਰ ਵਿੱਚ ਕਿਸੇ ਨੂੰ ਵੀ ਹਿਰਾਸਤ ਵਿੱਚ ਨਹੀਂ ਲਿਆ ਗਿਆ ਹੈ ਅਤੇ ਨਾ ਹੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਅਫਵਾਹਾਂ ਫੈਲਾਉਣ ਦੀ ਕੋਸ਼ਿਸ਼ ਹੈ। ਸਿਨਹਾ ਨੇ ਕਿਹਾ ਕਿ ਉਹ ਪੂਰੀ ਜ਼ਿੰਮੇਵਾਰੀ ਨਾਲ ਕਹਿ ਰਹੇ ਹਨ ਕਿ ਜੰਮੂ-ਕਸ਼ਮੀਰ 'ਚ ਕਿਤੇ ਵੀ ਸਿਆਸੀ ਕਾਰਨਾਂ ਕਰਕੇ ਕਿਸੇ ਨੂੰ ਨਜ਼ਰਬੰਦ ਜਾਂ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।