ਟੋਕੀਓ/ਓਟਾਵਾ:ਜਾਪਾਨ ਦੇ ਪ੍ਰਧਾਨ ਮੰਤਰੀ ਫੂਮੀਓ ਕਿਸ਼ਿਦਾ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਮੇਤ ਵਿਸ਼ਵ ਆਗੂਆਂ ਨੇ ਓਡੀਸ਼ਾ ਵਿੱਚ ਰੇਲ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਅਤੇ ਭਾਰਤ ਸਰਕਾਰ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ ਵਿਚ ਸ਼ੁੱਕਰਵਾਰ ਸ਼ਾਮ ਨੂੰ ਕੋਰੋਮੰਡਲ ਐਕਸਪ੍ਰੈਸ ਅਤੇ ਬੈਂਗਲੁਰੂ-ਹਾਵੜਾ ਐਕਸਪ੍ਰੈਸ ਅਤੇ ਇਕ ਮਾਲ ਰੇਲਗੱਡੀ ਦੇ ਪਟੜੀ ਤੋਂ ਉਤਰਨ ਨਾਲ ਜੁੜੇ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ ਸ਼ਨੀਵਾਰ ਨੂੰ 261 ਹੋ ਗਈ, ਜਿਸ ਨਾਲ 900 ਤੋਂ ਵੱਧ ਯਾਤਰੀ ਜ਼ਖਮੀ ਹੋ ਗਏ।
ਜਪਾਨ ਤੋਂ ਡੂੰਘੇ ਦੁੱਖ ਦਾ ਪ੍ਰਗਟਾਵਾ :ਜਾਪਾਨ ਦੇ ਪ੍ਰਧਾਨ ਮੰਤਰੀ ਕਿਸ਼ਿਦਾ ਨੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ੋਕ ਸੰਦੇਸ਼ ਭੇਜਿਆ ਹੈ। ਕਿਸ਼ਿਦਾ ਨੇ ਇੱਕ ਬਿਆਨ ਵਿੱਚ ਕਿਹਾ, “ਮੈਂ ਓਡੀਸ਼ਾ ਵਿੱਚ ਰੇਲ ਹਾਦਸੇ ਵਿੱਚ ਕਈ ਲੋਕਾਂ ਦੀ ਮੌਤ ਅਤੇ ਜ਼ਖਮੀ ਹੋਣ ਦੀ ਖਬਰ ਤੋਂ ਬਹੁਤ ਦੁਖੀ ਹਾਂ। ਜਾਪਾਨ ਦੀ ਸਰਕਾਰ ਅਤੇ ਇਥੋਂ ਦੇ ਲੋਕਾਂ ਦੇ ਵੱਲੋਂ, ਮੈਂ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਜਾਪਾਨ ਦੇ ਵਿਦੇਸ਼ ਮੰਤਰੀ ਯੋਸ਼ੀਮਾਸਾ ਹਯਾਸ਼ੀ ਨੇ ਵੀ ਇਸ ਹਾਦਸੇ 'ਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਸ਼ੋਕ ਸੰਦੇਸ਼ ਭੇਜਿਆ ਹੈ।
ਜਸਟਿਨ ਟਰੂਡੋ ਨੇ ਸਾਂਝਾ ਕੀਤਾ ਦੁੱਖ :ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਕਿ ਕੈਨੇਡਾ ਦੇ ਲੋਕ ਇਸ ਔਖੀ ਘੜੀ ਵਿੱਚ ਭਾਰਤ ਦੇ ਲੋਕਾਂ ਨਾਲ ਖੜ੍ਹੇ ਹਨ। ਟਰੂਡੋ ਨੇ ਕਿਹਾ, ‘ਓਡੀਸ਼ਾ ਵਿੱਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਖ਼ਬਰਾਂ ਤੋਂ ਦੁਖੀ ਹਾਂ। ਮੈਂ ਉਨ੍ਹਾਂ ਲੋਕਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
ਭਾਰਤ ਦੇ ਚਾਰ ਦਿਨਾਂ ਦੌਰੇ 'ਤੇ ਆਏ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਕਮਲ ਦਹਿਲ ਪ੍ਰਚੰਡ ਨੇ ਟਵੀਟ ਕੀਤਾ, 'ਓਡੀਸਾ 'ਚ ਰੇਲ ਹਾਦਸੇ 'ਚ ਲੋਕਾਂ ਦੀ ਮੌਤ ਤੋਂ ਦੁਖੀ ਹਾਂ। ਮੈਂ ਇਸ ਦੁੱਖ ਦੀ ਘੜੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਰਕਾਰ ਅਤੇ ਦੁਖੀ ਪਰਿਵਾਰਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਸ਼੍ਰੀਲੰਕਾ ਦੇ ਵਿਦੇਸ਼ ਮੰਤਰੀ ਅਲੀ ਸਾਬਰੀ ਨੇ ਕਿਹਾ ਕਿ ਉਨ੍ਹਾਂ ਨੂੰ ਓਡੀਸ਼ਾ ਵਿੱਚ ਰੇਲ ਹਾਦਸੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਨੇ ਹਾਦਸੇ ਵਿੱਚ ਮਾਰੇ ਗਏ ਸਾਰੇ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਭੂਟਾਨ ਦੇ ਪ੍ਰਧਾਨ ਮੰਤਰੀ ਨੇ ਵੀ ਪ੍ਰਗਟਾਇਆ ਦੁੱਖ :ਭੂਟਾਨ ਦੇ ਪ੍ਰਧਾਨ ਮੰਤਰੀ ਲੋਟੇ ਸ਼ੇਰਿੰਗ ਨੇ ਟਵੀਟ ਕੀਤਾ, 'ਓਡੀਸ਼ਾ 'ਚ ਦਰਦਨਾਕ ਰੇਲ ਹਾਦਸੇ ਦਾ ਪਤਾ ਲੱਗਾ। ਮੈਂ ਭਾਰਤ ਦੇ ਲੋਕਾਂ ਲਈ ਪ੍ਰਾਰਥਨਾ ਕਰਦਾ ਹਾਂ। ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਬਲ ਬਖਸ਼ੇ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰਦੇ ਹਾਂ। ਇਟਲੀ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਐਂਟੋਨੀਓ ਤਾਜਾਨੀ ਨੇ ਵੀ ਰੇਲ ਹਾਦਸੇ 'ਤੇ ਸੋਗ ਪ੍ਰਗਟ ਕੀਤਾ ਹੈ। ਤਾਜਾਨੀ ਨੇ ਟਵੀਟ ਕੀਤਾ, 'ਇਟਾਲੀਅਨ ਸਰਕਾਰ ਬਾਲਾਸੋਰ 'ਚ ਹੋਏ ਦਰਦਨਾਕ ਰੇਲ ਹਾਦਸੇ ਲਈ ਭਾਰਤ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੀ ਹੈ। ਮੈਂ ਪੀੜਤਾਂ ਅਤੇ ਜ਼ਖਮੀਆਂ ਲਈ ਪ੍ਰਾਰਥਨਾ ਕਰਦਾ ਹਾਂ, ਮੈਨੂੰ ਉਮੀਦ ਹੈ ਕਿ ਜੋ ਲੋਕ ਫਸੇ ਹੋਏ ਹਨ, ਉਨ੍ਹਾਂ ਨੂੰ ਬਚਾ ਲਿਆ ਜਾਵੇਗਾ।
ਭਾਰਤ ਸਰਕਾਰ ਅਤੇ ਲੋਕਾਂ ਪ੍ਰਤੀ ਡੂੰਘੀ ਸੰਵੇਦਨਾ :ਸੰਯੁਕਤ ਰਾਸ਼ਟਰ ਮਹਾਸਭਾ ਦੇ ਪ੍ਰਧਾਨ ਸਬਾਹ ਕੋਰੋਸੀ ਨੇ ਵੀ ਜਾਨਾਂ ਗੁਆਉਣ ਵਾਲਿਆਂ ਅਤੇ ਜ਼ਖਮੀਆਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਮਹਾਸਭਾ ਦੇ 77ਵੇਂ ਸੈਸ਼ਨ ਦੇ ਪ੍ਰਧਾਨ ਨੇ ਟਵੀਟ ਕਰਦਿਆਂ ਲਿਖਿਆ ਕਿ, 'ਓਡੀਸ਼ਾ 'ਚ ਰੇਲ ਹਾਦਸੇ ਦੀ ਖਬਰ ਸੁਣ ਕੇ ਮੈਂ ਬਹੁਤ ਦੁਖੀ ਹਾਂ। ਮੇਰੇ ਵਿਚਾਰ ਪੀੜਤਾਂ, ਉਨ੍ਹਾਂ ਦੇ ਪਰਿਵਾਰਾਂ ਨਾਲ ਹਨ। ਮੈਂ ਭਾਰਤ ਸਰਕਾਰ ਅਤੇ ਲੋਕਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ।
ਤਾਈਵਾਨ ਦੇ ਰਾਸ਼ਟਰਪਤੀ ਸਾਈ ਇੰਗ-ਵੇਨ ਨੇ ਵੀ ਪੀੜਤਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ, 'ਤਾਈਵਾਨ ਭਾਰਤ ਵਿੱਚ ਰੇਲ ਹਾਦਸੇ ਤੋਂ ਪ੍ਰਭਾਵਿਤ ਸਾਰੇ ਲੋਕਾਂ ਲਈ ਪ੍ਰਾਰਥਨਾ ਕਰ ਰਿਹਾ ਹੈ। ਮੈਂ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕਰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਬਚਾਅ ਕਾਰਜ ਸਾਰੇ ਲੋੜਵੰਦਾਂ ਨੂੰ ਬਚਾ ਸਕਦਾ ਹੈ।