ਨਵੀਂ ਦਿੱਲੀ:ਦੀਵਾਲੀ ਦੇ ਮੌਕੇ 'ਤੇ ਮੋਦੀ ਸਰਕਾਰ (MODI GOVERNMENT) ਨੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਕੇਂਦਰ ਸਰਕਾਰ ਨੇ ਡੀਜ਼ਲ-ਪੈਟਰੋਲ 'ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ ਹੈ। ਵੀਰਵਾਰ ਤੋਂ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਕ੍ਰਮਵਾਰ 5 ਰੁਪਏ ਅਤੇ 10 ਰੁਪਏ ਘੱਟ ਜਾਵੇਗੀ। ਐਕਸਾਈਜ਼ ਡਿਊਟੀ ਵਿੱਚ ਕਟੌਤੀ ਨਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਉਸੇ ਅਨੁਪਾਤ ਵਿੱਚ ਹੇਠਾਂ ਆਉਣਗੀਆਂ
ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਜਿਸ ਤਰ੍ਹਾਂ ਜ਼ਿਮਨੀ ਚੋਣਾਂ ਦੇ ਨਤੀਜੇ ਇਕ ਦਿਨ ਪਹਿਲਾਂ ਆਏ ਹਨ, ਉਸ ਨੇ ਯਕੀਨੀ ਤੌਰ 'ਤੇ ਮੋਦੀ ਸਰਕਾਰ ਨੂੰ ਇੱਕ ਸੰਕੇਤ ਜਰੂਰ ਦੇ ਦਿੱਤਾ ਹੈ। ਹਿਮਾਚਲ ਦੇ ਮੁੱਖ ਮੰਤਰੀ ਨੇ ਸਰਕਾਰੀ ਬਿਆਨ ਵਿੱਚ ਇਹ ਵੀ ਮੰਨਿਆ ਕਿ ਲੋਕਾਂ ਨੇ ਮਹਿੰਗਾਈ ਕਾਰਨ ਉਨ੍ਹਾਂ ਦੀ ਸਰਕਾਰ ਨੂੰ ਵੋਟ ਨਹੀਂ ਦਿੱਤੀ। ਪਾਰਟੀ ਅੰਦਰਲੇ ਕਈ ਆਗੂਆਂ ਨੇ ਵੀ ਇਹ ਮੁੱਦਾ ਉਠਾਇਆ ਹੈ। ਸ਼ਾਇਦ ਇਹੀ ਕਾਰਨ ਹੈ ਕਿ ਮੋਦੀ ਸਰਕਾਰ ਨੇ ਆਮ ਆਦਮੀ ਨੂੰ ਰਾਹਤ ਦੇਣ ਲਈ ਐਕਸਾਈਜ਼ ਡਿਊਟੀ ਘਟਾ ਦਿੱਤੀ ਹੈ।'
ਵਿੱਤ ਮੰਤਰਾਲੇ ਨੇ ਇਕ ਬਿਆਨ 'ਚ ਕਿਹਾ ਕਿ ਭਾਰਤ ਸਰਕਾਰ ਨੇ ਵੀਰਵਾਰ ਤੋਂ ਪੈਟਰੋਲ ਅਤੇ ਡੀਜ਼ਲ 'ਤੇ ਕੇਂਦਰੀ ਐਕਸਾਈਜ਼ ਡਿਊਟੀ ਕ੍ਰਮਵਾਰ 5 ਰੁਪਏ ਅਤੇ 10 ਰੁਪਏ ਘਟਾਉਣ ਦਾ ਅਹਿਮ ਫੈਸਲਾ ਲਿਆ ਹੈ। ਇਸ ਦੇ ਨਾਲ ਹੀ ਵਿੱਤ ਮੰਤਰਾਲੇ ਨੇ ਖਪਤਕਾਰਾਂ ਨੂੰ ਰਾਹਤ ਦੇਣ ਲਈ ਸੂਬਾ ਸਰਕਾਰਾਂ ਨੂੰ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਘਟਾਉਣ ਦੀ ਅਪੀਲ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਡੀਜ਼ਲ 'ਤੇ ਐਕਸਾਈਜ਼ ਡਿਊਟੀ 10 ਰੁਪਏ ਦੀ ਕਟੌਤੀ ਨਾਲ ਆਉਣ ਵਾਲੇ ਹਾੜੀ ਸੀਜ਼ਨ 'ਚ ਕਿਸਾਨਾਂ ਨੂੰ ਫਾਇਦਾ ਹੋਵੇਗਾ।
ਜ਼ਿਕਰਯੋਗ ਹੈ ਕਿ ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ 'ਚ ਪੈਟਰੋਲ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ ਹੈ ਅਤੇ ਲਗਭਗ ਹਰ ਰੋਜ਼ 30-35 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਰਿਹਾ ਹੈ।