ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਮੁੜ ਤੋਂ ਜਾਂਚ ਵਿੱਚ ਸ਼ਾਮਲ ਹੋਣ ਲਈ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਭਲਕੇ (21 ਜੂਨ) ਨੂੰ ਸੰਮਨ ਜਾਰੀ ਕੀਤਾ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਨੈਸ਼ਨਲ ਹੈਰਾਲਡ ਅਖਬਾਰ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਪਿਛਲੇ ਹਫ਼ਤੇ ਲਗਾਤਾਰ ਤਿੰਨ ਦਿਨਾਂ ਦੀ ਪੁੱਛਗਿੱਛ ਤੋਂ ਬਾਅਦ ਈਡੀ ਨੇ ਸੋਮਵਾਰ ਨੂੰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੋਂ ਦੁਬਾਰਾ ਪੁੱਛਗਿੱਛ ਕੀਤੀ। ਰਾਹੁਲ ਗਾਂਧੀ ਦੁਪਹਿਰ ਦੇ ਕਰੀਬ 3.30 ਵਜੇ ਲੰਚ ਬਰੇਕ ਲਈ ਈਡੀ ਦਫ਼ਤਰ ਤੋਂ ਬਾਹਰ ਆਏ ਅਤੇ ਕਰੀਬ ਇੱਕ ਘੰਟੇ ਬਾਅਦ ਮੁੜ ਈਡੀ ਦਫ਼ਤਰ ਪੁੱਜੇ। ਜਾਂਚ ਏਜੰਸੀ ਉਨ੍ਹਾਂ ਤੋਂ ਪੁੱਛਗਿੱਛ ਜਾਰੀ ਰੱਖ ਰਹੀ ਹੈ।
52 ਸਾਲਾ ਰਾਹੁਲ ਗਾਂਧੀ ਤੋਂ ਈਡੀ ਅਧਿਕਾਰੀਆਂ ਨੇ ਪਿਛਲੇ ਹਫ਼ਤੇ ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਨੂੰ ਲਗਾਤਾਰ ਤਿੰਨ ਦਿਨਾਂ ਤੱਕ 30 ਘੰਟੇ ਤੋਂ ਵੱਧ ਪੁੱਛਗਿੱਛ ਕੀਤੀ ਜਿਸ ਦੌਰਾਨ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਉਨ੍ਹਾਂ ਦੇ ਬਿਆਨ ਦਰਜ ਕੀਤੇ ਗਏ। ਉਨ੍ਹਾਂ ਨੇ ਪਿਛਲੇ ਸ਼ੁੱਕਰਵਾਰ ਨੂੰ ਦੁਬਾਰਾ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣਾ ਸੀ ਪਰ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਈਡੀ ਦੇ ਜਾਂਚ ਅਧਿਕਾਰੀ ਨੂੰ ਪੱਤਰ ਲਿਖ ਕੇ ਸ਼ੁੱਕਰਵਾਰ (17 ਜੂਨ) ਨੂੰ ਹੋਣ ਵਾਲੀ ਪੁੱਛਗਿੱਛ ਤੋਂ ਛੋਟ ਦੇਣ ਦੀ ਬੇਨਤੀ ਕੀਤੀ ਸੀ ਕਿਉਂਕਿ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ ਬੀਮਾਰ ਸੀ। ਉਨ੍ਹਾਂ ਦੀ ਬੇਨਤੀ ਨੂੰ ਈਡੀ ਨੇ ਸਵੀਕਾਰ ਕਰ ਲਿਆ ਅਤੇ 20 ਜੂਨ ਨੂੰ ਪੇਸ਼ ਹੋਣ ਲਈ ਕਿਹਾ।