ਨਵੀਂ ਦਿੱਲੀ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਜਿਥੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਤਾਬਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ, ਉਥੇ ਹੀ ਕੇਂਦਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਮੂਰਤੀ ਸਥਾਪਤ ਕੀਤੇ ਜਾਣ ਨੂੰ ਲੈ ਕੇ ਨਵਾਂ ਵਿਵਾਦ ਖੜਾ ਹੋ ਗਿਆ ਹੈ, ਜਿਸ ਦਾ ਸਿੱਖ ਪੰਥ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਸੋਸ਼ਲ ਮੀਡੀਆ 'ਤੇ ਦਿੱਲੀ ਦੇ ਗੁਰਦੁਆਰਾ ਸੀਸਗੰਜ ਸਾਹਿਬ ਅੱਗੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਕੇਂਦਰ ਸਰਕਾਰ ਵੱਲੋਂ ਮੂਰਤੀ ਲਗਾਉਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਇਸ ਪੂਰੇ ਮਾਮਲੇ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਪ੍ਰੋਗਰਾਮ ਨਾ ਕੀਤੇ ਜਾਣ ਕਿਉਂਕਿ ਸਿੱਖ ਧਰਮ ਵਿੱਚ ਮੂਰਤੀ ਪੂਜਾ ਦੀ ਕੋਈ ਥਾਂ ਨਹੀਂ ਹੈ।