ਨਵੀਂ ਦਿੱਲੀ: ਨਿਊਜ਼ ਕਲਿੱਕ ਦੇ ਐਚਆਰ ਹੈੱਡ ਅਮਿਤ ਚੱਕਰਵਰਤੀ ਨੇ ਸਰਕਾਰੀ ਗਵਾਹ ਬਣਨ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਅਰਜ਼ੀ ਦਾਖ਼ਲ ਕੀਤੀ ਹੈ। ਵਧੀਕ ਸੈਸ਼ਨ ਜੱਜ ਹਰਦੀਪ ਕੌਰ ਦੀ ਅਦਾਲਤ ਨੇ ਇਸ ਅਰਜ਼ੀ 'ਤੇ ਅਮਿਤ ਚੱਕਰਵਰਤੀ ਦਾ ਬਿਆਨ ਮੈਟਰੋਪੋਲੀਟਨ ਮੈਜਿਸਟ੍ਰੇਟ ਦੀ ਅਦਾਲਤ 'ਚ ਦਰਜ ਕਰਨ ਦੇ ਹੁਕਮ ਦਿੱਤੇ ਹਨ। ਦੱਸ ਦਈਏ ਕਿ 22 ਦਸੰਬਰ ਨੂੰ ਪਟਿਆਲਾ ਹਾਊਸ ਕੋਰਟ ਨੇ ਨਿਊਜ਼ ਕਲਿੱਕ 'ਤੇ ਯੂਏਪੀਏ ਦੇ ਤਹਿਤ ਲੱਗੇ ਦੋਸ਼ਾਂ ਦੀ ਜਾਂਚ ਲਈ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ 60 ਹੋਰ ਦਿਨਾਂ ਦਾ ਸਮਾਂ ਦਿੱਤਾ ਹੈ।
ਇਸ ਸਮੇਂ ਨਿਊਜ਼ ਕਲਿੱਕ ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥਾ ਅਤੇ ਅਮਿਤ ਚੱਕਰਵਰਤੀ ਨਿਆਂਇਕ ਹਿਰਾਸਤ ਵਿੱਚ ਹਨ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਜਾਂਚ ਦੀ ਸਮਾਂ ਸੀਮਾ ਤਿੰਨ ਮਹੀਨੇ ਹੋਰ ਵਧਾਉਣ ਦੀ ਇਜਾਜ਼ਤ ਮੰਗੀ ਸੀ। ਦਿੱਲੀ ਪੁਲਿਸ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਲਈ ਹੋਰ ਸਮਾਂ ਚਾਹੀਦਾ ਹੈ। ਹਾਲ ਹੀ 'ਚ ਅਦਾਲਤ ਨੇ ਨਿਊਜ਼ ਕਲਿੱਕ ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥਾ ਦੀ ਜ਼ਬਤ ਇਲੈਕਟ੍ਰਾਨਿਕ ਉਪਕਰਨਾਂ ਨੂੰ ਜਾਰੀ ਕਰਨ ਦੀ ਮੰਗ ਨੂੰ ਰੱਦ ਕਰ ਦਿੱਤਾ ਸੀ।