ਨਵੀਂ ਦਿੱਲੀ: ਮੁੱਖ ਮੰਤਰੀ ਪੰਜਾਬ ਵੱਲੋਂ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਲਿਖੇ ਪੱਤਰ ਬਾਰੇ ਬੁੱਧਵਾਰ ਰਾਜ ਸਭਾ ਮੈਂਬਰ ਅਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਅਜਿਹਾ ਕੋਈ ਪੱਤਰ ਅਜੇ ਤੱਕ ਪ੍ਰਾਪਤ ਨਹੀਂ ਹੋਇਆ ਹੈ, ਜਿਸ ਬਾਰੇ ਮੀਡੀਆ ਵਿੱਚ ਚਰਚਾ ਹੋ ਰਹੀ ਹੈ।
ਭਾਜਪਾ ਪ੍ਰਧਾਨ ਨੇ ਆਪਣੇ ਟਵਿੱਟਰ ਖਾਤੇ 'ਤੇ ਇੱਕ ਟਵੀਟ ਰਾਹੀਂ ਲਿਖਿਆ, ''ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖੁੱਲੇ ਪੱਤਰ ਬਾਰੇ ਮੇਰਾ ਜਵਾਬ ਇਹ ਹੈ ਕਿ ਉਨ੍ਹਾਂ ਨੇ 1 ਨਵੰਬਰ 2020 ਨੂੰ ਮੀਡੀਆ ਦੇ ਅਨੁਸਾਰ ਮੈਨੂੰ ਕੋਈ ਪੱਤਰ ਭੇਜਿਆ ਸੀ, ਹਾਲਾਂਕਿ ਇਸ ਸਮੇਂ ਤੱਕ ਮੈਨੂੰ ਉਨ੍ਹਾਂ ਵੱਲੋਂ ਕੋਈ ਅਜਿਹਾ ਪੱਤਰ ਨਹੀਂ ਮਿਲਿਆ ਹੈ, ਫਿਰ ਵੀ ਮੈਂ ਮੀਡੀਆ ਰਾਹੀਂ ਪ੍ਰਾਪਤ ਉਨ੍ਹਾਂ ਦੇ ਪੱਤਰ ਦਾ ਜਵਾਬ ਦੇ ਰਿਹਾ ਹਾਂ।''
ਜ਼ਿਕਰਯੋਗ ਹੈ ਕਿ ਇੱਕ ਨਵੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਵੱਲੋਂ ਕਿਸਾਨੀ ਅੰਦੋਲਨ ਦੀ ਨਕਸਲਵਾਦ ਨਾਲ ਤੁਲਨਾ ਅਤੇ ਰੇਲਵੇ ਵੱਲੋਂ ਮਾਲ ਗੱਡੀਆਂ ਦੀ ਨਿਰੰਤਰ ਮੁਅੱਤਲੀ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੂੰ ਇੱਕ ਪੱਤਰ ਲਿੱਖ ਕੇ ਚਿਤਾਵਨੀ ਦਿੱਤੀ ਸੀ ਕਿ ਇਸ ਦੇ ਨਾ ਸਿਰਫ਼ ਪੰਜਾਬ ਬਲਕਿ ਦੇਸ਼ ਲਈ ਖ਼ਤਰਨਾਕ ਨਤੀਜੇ ਹੋ ਸਕਦੇ ਹਨ।