ਨਵੀਂ ਦਿੱਲੀ: ਕੇਂਦਰੀ ਜਾਂਚ ਏਜੰਸੀ (CBI) ਨੇ ਐਤਵਾਰ ਨੂੰ ਕੋ-ਲੋਕੇਸ਼ਨ ਘੁਟਾਲੇ ਦੇ ਮਾਮਲੇ ਵਿੱਚ ਨੈਸ਼ਨਲ ਸਟਾਕ ਐਕਸਚੇਂਜ ਦੀ ਸਾਬਕਾ ਮੈਨੇਜਿੰਗ ਡਾਇਰੈਕਟਰ ਅਤੇ ਸੀਈਓ ਚਿੱਤਰਾ ਰਾਮਕ੍ਰਿਸ਼ਨ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ।
ਸ਼ਨੀਵਾਰ ਨੂੰ ਦਿੱਲੀ ਦੀ ਇਕ ਅਦਾਲਤ ਨੇ ਚਿੱਤਰਾ ਰਾਮਕ੍ਰਿਸ਼ਨ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਏਐਨਆਈ ਮੁਤਾਬਕ ਸੀਬੀਆਈ ਦੀ ਇੱਕ ਟੀਮ ਨੇ ਐਤਵਾਰ ਨੂੰ ਚਿਤਰਾ ਨੂੰ ਪੁੱਛਗਿੱਛ ਲਈ ਬੁਲਾਇਆ ਅਤੇ ਬਾਅਦ ਵਿੱਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਨੂੰ ਸੋਮਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸੀਬੀਆਈ ਨੇ 25 ਫਰਵਰੀ ਨੂੰ ਉਨ੍ਹਾਂ ਦੇ ਸਹਿਯੋਗੀ ਆਨੰਦ ਸੁਬਰਾਮਨੀਅਨ ਨੂੰ ਗ੍ਰਿਫ਼ਤਾਰ ਕੀਤਾ ਸੀ।
18 ਫਰਵਰੀ ਨੂੰ ਵੀ ਚਿੱਤਰਾ ਨੇ ਆਪਣਾ ਬਿਆਨ ਦਰਜ ਕਰਵਾਇਆ ਸੀ। ਸੀਬੀਆਈ ਨੇ ਹਿਮਾਲਿਆ ਦੇ ਅਦਿੱਖ ਯੋਗੀ ਨੂੰ ਭੇਜੀ ਗਈ ਮੇਲ ਬਾਰੇ ਪੁੱਛਗਿੱਛ ਕੀਤੀ ਸੀ। ਇਸ ਤੋਂ ਇਲਾਵਾ ਉਸ ਤੋਂ 50 ਦੇ ਕਰੀਬ ਸਵਾਲ ਪੁੱਛੇ ਗਏ ਸੀ। ਉਸਦੇ ਜਵਾਬ ਵਿੱਚ ਉਸਨੇ ਪੀੜਤ ਕਾਰਡ ਖੇਡਣ ਦੀ ਕੋਸ਼ਿਸ਼ ਕੀਤੀ ਕਿ ਉਸਨੂੰ ਬਹੁਤਾ ਪਤਾ ਨਹੀਂ ਸੀ। ਉਸਨੇ ਇਹ ਵੀ ਦਾਅਵਾ ਕੀਤਾ ਸੀ ਕਿ ਉਹ ਬੇਕਸੂਰ ਹੈ ਅਤੇ ਕੋਈ ਉਸਨੂੰ ਫਸਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।