ਨਵੀਂ ਦਿੱਲੀ: ਸੰਸਦ ਦੇ ਦੋਵਾਂ ਸਦਨਾਂ ਦੇ 100 ਤੋਂ ਵੱਧ ਵਿਰੋਧੀ ਮੈਂਬਰਾਂ ਦੀ ਮੁਅੱਤਲੀ ਦੇ ਵਿਰੋਧ 'ਚ ਮੰਗਲਵਾਰ ਨੂੰ ਸੰਸਦ ਕੰਪਲੈਕਸ 'ਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਪ੍ਰਦਰਸ਼ਨ ਕੀਤਾ। ਮੁਅੱਤਲ ਕੀਤੇ ਗਏ ਸੰਸਦ ਮੈਂਬਰਾਂ ਨੇ ਨਵੀਂ ਸੰਸਦ ਭਵਨ ਦੇ ਗੇਟ 'ਤੇ ਧਰਨਾ ਦਿੱਤਾ। ਇਸ ਦੌਰਾਨ ਤ੍ਰਿਣਮੂਲ ਕਾਂਗਰਸ ਦੇ ਲੋਕ ਸਭਾ ਮੈਂਬਰ ਕਲਿਆਣ ਬੈਨਰਜੀ ਨੇ ਰਾਜ ਸਭਾ ਦੇ ਹੋਏ ਚੇਅਰਮੈਨ ਜਗਦੀਪ ਧਨਖੜ ਦੇ ਬੋਲਣ ਦੇ ਅੰਦਾਜ਼ ਦੀ ਨਕਲ ਕੀਤੀ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੀ ਮੌਕੇ 'ਤੇ ਖੜ੍ਹੇ ਸਨ ਅਤੇ ਬੈਨਰਜੀ ਧਨਖੜ ਦੀ ਨਕਲ ਕਰਦੇ ਹੋਏ ਆਪਣੇ ਮੋਬਾਈਲ ਫੋਨ 'ਤੇ ਵੀਡੀਓ ਬਣਾਉਂਦੇ ਨਜ਼ਰ ਆਏ। ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਮੈਂਬਰਾਂ ਨੇ ਸੰਸਦ ਕੰਪਲੈਕਸ 'ਚ ਮਹਾਤਮਾ ਗਾਂਧੀ ਦੀ ਮੂਰਤੀ ਅੱਗੇ ਪ੍ਰਦਰਸ਼ਨ ਕੀਤਾ, ਜਿਸ 'ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਨੇ ਵੀ ਸ਼ਮੂਲੀਅਤ ਕੀਤੀ।
ਡੈਮੋਕਰੇਸੀ ਅੰਡਰ ਸੀਜ਼:ਇਸ ਮੌਕੇ ਵਿਰੋਧੀ ਧਿਰ ਦੇ ਕਈ ਸੰਸਦ ਮੈਂਬਰਾਂ ਨੇ ਤਖ਼ਤੀਆਂ ਫੜੀਆਂ ਹੋਈਆਂ ਸਨ ਜਿਨ੍ਹਾਂ 'ਤੇ 'ਡੈਮੋਕਰੇਸੀ ਅੰਡਰ ਸੀਜ਼' ਅਤੇ ਕੁਝ ਹੋਰ ਨਾਅਰੇ ਲਿਖੇ ਹੋਏ ਸਨ। ਉਨ੍ਹਾਂ ‘ਗ੍ਰਹਿ ਮੰਤਰੀ ਅਸਤੀਫ਼ਾ ਦੇਣ' ਦੇ ਨਾਅਰੇ ਵੀ ਲਾਏ। ਖੜਗੇ ਨੇ ਕਿਹਾ ਕਿ ਅਸੀਂ ਸਿਰਫ ਇਹ ਚਾਹੁੰਦੇ ਹਾਂ ਕਿ ਗ੍ਰਹਿ ਮੰਤਰੀ ਸਦਨ 'ਚ ਆ ਕੇ ਸੁਰੱਖਿਆ ਕੁਤਾਹੀ ਦੇ ਮੁੱਦੇ 'ਤੇ ਬਿਆਨ ਦੇਣ। ਉਹ ਕਿਉਂ ਭੱਜ ਰਿਹਾ ਹੈ, ਮੈਨੂੰ ਨਹੀਂ ਪਤਾ। ਸੰਸਦ ਦਾ ਸੈਸ਼ਨ ਚੱਲ ਰਿਹਾ ਹੈ ਪਰ ਉਹ ਸਦਨ ਦੇ ਬਾਹਰ ਬਿਆਨ ਦੇ ਰਹੇ ਹਨ। ਅਜਿਹਾ ਕਦੇ ਨਹੀਂ ਹੁੰਦਾ। ਜਿਹੜੀਆਂ ਗੱਲਾਂ ਸਦਨ ਵਿੱਚ ਕਹਿਣੀਆਂ ਹੁੰਦੀਆਂ ਹਨ, ਉਹ ਬਾਹਰ ਕਹੀਆਂ ਜਾਣ ਤਾਂ ਸਦਨ ਦੀ ਮਰਿਆਦਾ ਨੂੰ ਠੇਸ ਪਹੁੰਚਦੀ ਹੈ।