ਨਵੀਂ ਦਿੱਲੀ: ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ (Rajya Sabha Chairman M Venkaiah Naidu) ਨੇ ਸੰਸਦ ਦੇ ਸਰਦ ਰੁੱਤ ਸੈਸ਼ਨ (parliament winter session) ਤੋਂ ਪਹਿਲਾਂ 28 ਨਵੰਬਰ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ਸੱਦੀ ਹੈ।
ਸੰਸਦ ਦਾ ਸਰਦ ਰੁੱਤ ਇਜਲਾਸ (parliament winter session) 29 ਨਵੰਬਰ ਤੋਂ ਸ਼ੁਰੂ ਹੋਵੇਗਾ ਜੋ ਕਿ 23 ਦਸੰਬਰ ਤੱਕ ਚੱਲੇਗਾ। ਸੰਸਦ 25 ਦਿਨਾਂ ਦੇ ਸੈਸ਼ਨ ਵਿੱਚ 19 ਦਿਨ ਕੰਮ ਕਰੇਗੀ। ਇਸ ਦੌਰਾਨ ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਬਿੱਲਾਂ ਸਮੇਤ ਕੁੱਲ 26 ਬਿੱਲ ਪੇਸ਼ ਕਰ ਸਕਦੀ ਹੈ।
ਸੰਸਦੀ ਮਾਮਲਿਆਂ ਬਾਰੇ ਮੰਤਰੀ ਨੇ ਸੱਦੀ ਬੈਠਕ
ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ, ਅੱਜ ਸਵੇਰੇ 9:30 ਵਜੇ ਸੰਸਦ ਵਿੱਚ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਦੀ ਮੀਟਿੰਗ ਹੋਣੀ ਹੈ।
ਸਰਕਾਰ ਨੇ ਸੰਕੇਤ ਦਿੱਤਾ ਹੈ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਨੂੰ ਪਹਿਲ ਦੇ ਆਧਾਰ 'ਤੇ ਲਿਆ ਜਾਵੇਗਾ। ਕੇਂਦਰੀ ਕੈਬਨਿਟ ਨੇ ਇਸ ਹਫਤੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਸਰਕਾਰ ਦੀ ਤਰਜੀਹ ਹੋਵੇਗੀ।
ਸਰਕਾਰ ਦੇ ਏਜੰਡੇ ਵਿੱਚ ਕ੍ਰਿਪਟੋਕਰੰਸੀ ਐਂਡ ਰੈਗੂਲੇਸ਼ਨ ਆਫ ਆਫੀਸ਼ੀਅਲ ਡਿਜੀਟਲ ਕਰੰਸੀ ਬਿੱਲ, 2021 ਵੀ ਸ਼ਾਮਲ ਹੈ। ਇਸ ਦੌਰਾਨ, ਭਾਜਪਾ ਦੀ ਸੰਸਦੀ ਕਾਰਜਕਾਰਨੀ ਕਮੇਟੀ ਵੀ ਐਤਵਾਰ ਨੂੰ ਪਾਰਲੀਮੈਂਟ ਅਨੇਕਸੀ ਵਿੱਚ ਵੱਖਰੇ ਤੌਰ 'ਤੇ ਮੀਟਿੰਗ ਕਰੇਗੀ।
ਕਾਂਗਰਸ ਨੇ ਆਪਣੇ ਸੰਸਦ ਮੈਂਬਰਾਂ ਨੂੰ ਤਿੰਨ ਲਾਈਨਾਂ ਵਾਲਾ ਵ੍ਹਿੱਪ ਜਾਰੀ ਕਰਕੇ 29 ਨਵੰਬਰ ਨੂੰ ਸੰਸਦ ਦੇ ਦੋਵਾਂ ਸਦਨਾਂ ਵਿੱਚ ਹਾਜ਼ਰ ਰਹਿਣ ਲਈ ਕਿਹਾ ਹੈ। ਭਾਰਤੀ ਜਨਤਾ ਪਾਰਟੀ ਨੇ ਰਾਜ ਸਭਾ 'ਚ ਆਪਣੇ ਮੈਂਬਰਾਂ ਨੂੰ ਤਿੰਨ ਲਾਈਨਾਂ ਵਾਲਾ ਵ੍ਹਿਪ ਜਾਰੀ ਕਰਦਿਆਂ ਕਿਹਾ ਹੈ ਕਿ ਉਹ ਆਗਾਮੀ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਸਦਨ 'ਚ ਜ਼ਰੂਰ ਹਾਜ਼ਰ ਹੋਣ ਕਿਉਂਕਿ ਉਸ ਦਿਨ ਬਹੁਤ ਹੀ ਮਹੱਤਵਪੂਰਨ ਵਿਸ਼ਿਆਂ 'ਤੇ ਚਰਚਾ ਹੋਣੀ ਹੈ। ਸਰਕਾਰ ਨੇ ਇਸ ਸੈਸ਼ਨ ਦੌਰਾਨ 26 ਬਿੱਲਾਂ ਨੂੰ ਸੂਚੀਬੱਧ ਕੀਤਾ ਹੈ, ਜਿਸ ਵਿੱਚ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਬਿੱਲ ਵੀ ਸ਼ਾਮਲ ਹੈ।
29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਵਿੱਚ ਕਿਸੇ ਵੀ ਮਹਿਮਾਨ ਨੂੰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸੂਤਰਾਂ ਅਨੁਸਾਰ ਕੋਵਿਡ ਦੀ ਸਥਿਤੀ ਦੇ ਮੱਦੇਨਜ਼ਰ ਆਉਣ ਵਾਲੇ ਸੈਸ਼ਨ ਵਿੱਚ ਲੋਕ ਸਭਾ ਅਤੇ ਰਾਜ ਸਭਾ ਵਿੱਚ ਵਿਜ਼ਟਰ ਗੈਲਰੀ ਬੰਦ ਰਹੇਗੀ।
ਇਹ ਵੀ ਪੜ੍ਹੋ: ਕਿਸਾਨਾਂ ਦਾ ਟਰੈਕਟਰ ਮਾਰਚ ਮੁਲਤਵੀ