ਨਵੀਂ ਦਿੱਲੀ: ਰੇਲਵੇ ਮੰਤਰੀ ਪੀਯੂਸ਼ ਗੋਇਲ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਸੰਬੰਧੀ ਪੰਜਾਬ ਵਿੱਚ ਚੱਲ ਰਹੀ ਕਿਸਾਨੀ ਲਹਿਰ ਸਵਾਰਥ ਹਿੱਤਾਂ ਤੋਂ ਪ੍ਰੇਰਿਤ ਹੈ ਅਤੇ ਕਾਂਗਰਸ ਪਾਰਟੀ ਇਸ ਲਹਿਰ ਨੂੰ ਅੱਗੇ ਵਧਾ ਰਹੀ ਹੈ। ਇਸ ਦੇ ਨਾਲ ਹੀ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਜੇਕਰ ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ ਕਿਸਾਨਾਂ ਦੇ ਮਨਾਂ ਵਿੱਚ ਕੋਈ ਸ਼ੰਕਾ ਹੈ ਤਾਂ ਕੇਂਦਰ ਸਰਕਾਰ ਦਾ ਦਰਵਾਜ਼ਾ ਉਨ੍ਹਾਂ ਨਾਲ ਗੱਲਬਾਤ ਲਈ ਹਮੇਸ਼ਾਂ ਖੁੱਲ੍ਹਾ ਹੈ। ਪੰਜਾਬ ਵਿੱਚ ਕਿਸਾਨਾਂ ਦੇ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਤ ਹੋਈ ਹੈ ਅਤੇ ਮਾਲ ਗੱਡੀਆਂ ਦਾ ਕੰਮ ਨਾ ਚੱਲਣ ਕਾਰਨ ਉਦਯੋਗ ਪ੍ਰਭਾਵਿਤ ਹੋ ਰਹੇ ਹਨ।
ਦੋਹਾਂ ਕੇਂਦਰੀ ਮੰਤਰੀਆਂ ਨੇ ਪੰਜਾਬ ਵਿੱਚ ਚੱਲ ਰਹੇ ਕਿਸਾਨੀ ਅੰਦੋਲਨ ਲਈ ਕਾਂਗਰਸ ਪਾਰਟੀ ਦੀ ਅਲੋਚਨਾ ਕੀਤੀ ਹੈ। ਕੇਂਦਰੀ ਮੰਤਰੀ ਗੋਇਲ ਨੇ ਕਿਹਾ ਕਿ ਝੋਨੇ ਅਤੇ ਹੋਰ ਫਸਲਾਂ ਦੀ ਖਰੀਦ ਦੇਸ਼ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ‘ਤੇ ਕੀਤੀ ਜਾ ਰਹੀ ਹੈ ਅਤੇ ਮੌਜੂਦਾ ਮੌਸਮ ਵਿੱਚ ਪੰਜਾਬ ਵਿੱਚ ਝੋਨੇ ਦੀ ਖਰੀਦ ਸਭ ਤੋਂ ਵੱਧ ਹੈ।