ਨਵੀਂ ਦਿੱਲੀ: ਪੈਗਾਸਸ ਜਾਸੂਸੀ ਮਾਮਲੇ ਨਾਲ ਜੁੜੀਆਂ 9 ਪਟੀਸ਼ਨਾਂ 'ਤੇ ਮੰਗਲਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਸ ਮਾਮਲੇ ਨਾਲ ਸਬੰਧਤ ਪਟੀਸ਼ਨਾਂ ਦੀ ਸੁਣਵਾਈ 16 ਅਗਸਤ ਨੂੰ ਹੋਵੇਗੀ। ਇਸ ਮਾਮਲੇ ਵਿੱਚ ਪੱਤਰਕਾਰਾਂ, ਵਕੀਲਾਂ, ਸਮਾਜਿਕ ਕਾਰਕੁਨਾਂ ਅਤੇ ਐਡੀਟਰਜ਼ ਗਿਲਡ ਆਫ਼ ਇੰਡੀਆ ਵੱਲੋਂ ਐਸ.ਆਈ.ਟੀ ਜਾਂਚ ਦੀ ਮੰਗ ਕਰਦਿਆਂ ਅਰਜ਼ੀਆਂ ਦਾਇਰ ਕੀਤੀਆਂ ਗਈਆਂ ਹਨ।
ਪਿਛਲੀ ਸੁਣਵਾਈ ਵਿੱਚ ਅਦਾਲਤ ਨੇ ਕਿਹਾ ਸੀ, ਕਿ ਕਿਉਂਕਿ ਬਹੁਤ ਸਾਰੀਆਂ ਪਟੀਸ਼ਨਾਂ ਹਨ, ਉਨ੍ਹਾਂ ਵਿੱਚੋਂ ਕੁੱਝ ਇਸੇ ਪ੍ਰਕਾਰ ਦੀਆਂ ਪਟੀਸ਼ਨਾਂ ਹਨ। ਅਜਿਹੀ ਸਥਿਤੀ ਵਿੱਚ ਅਦਾਲਤ ਨੂੰ ਅੱਗੇ ਵਧਣ ਤੋਂ ਪਹਿਲਾਂ ਕੇਂਦਰ ਸਰਕਾਰ ਦਾ ਪੱਖ ਸੁਣਨਾ ਪਵੇਗਾ। ਹਾਲਾਂਕਿ ਅਦਾਲਤ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਨ ਤੋਂ ਗੁਰੇਜ਼ ਕੀਤਾ ਸੀ। ਇਸ ਦੀ ਬਜਾਏ ਪਾਰਟੀਆਂ ਨੂੰ ਸਰਕਾਰ ਨੂੰ ਪਟੀਸ਼ਨਾਂ ਦੀਆਂ ਕਾਪੀਆਂ ਦੇਣ ਲਈ ਕਿਹਾ ਗਿਆ।
ਦਰਅਸਲ, ਐਡੀਟਰਜ਼ ਗਿਲਡ ਆਫ਼ ਇੰਡੀਆ ਅਤੇ ਸੀਨੀਅਰ ਪੱਤਰਕਾਰਾਂ ਵੱਲੋਂ ਦਾਇਰ ਕੀਤੀਆਂ ਗਈਆਂ ਪਟੀਸ਼ਨਾਂ ਦੇ ਜਾਸੂਸੀ ਮਾਮਲੇ ਦੀ ਸੁਤੰਤਰ ਜਾਂਚ ਦੀ ਮੰਗ ਕਰਨ ਵਾਲੀਆਂ 9 ਪਟੀਸ਼ਨਾਂ 'ਤੇ ਫਿਲਹਾਲ ਸੁਣਵਾਈ ਚੱਲ ਰਹੀ ਹੈ।