ਮਾਸਕੋ: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਰਾਸ਼ਟਰੀ ਹਿੱਤਾਂ ਦੇ ਉਲਟ ਫੈਸਲੇ ਲੈਣ ਲਈ ਡਰਾਇਆ ਜਾਂ ਮਜਬੂਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਦੋਂ ਰਾਸ਼ਟਰੀ ਹਿੱਤਾਂ ਦੀ ਰੱਖਿਆ ਦੀ ਗੱਲ ਆਉਂਦੀ ਹੈ ਤਾਂ ਪ੍ਰਧਾਨ ਮੰਤਰੀ ਮੋਦੀ ਸਖਤ ਰੁਖ ਅਪਣਾਉਣ ਤੋਂ ਨਹੀਂ ਝਿਜਕਦੇ ਹਨ। ਰੂਸੀ ਰਾਸ਼ਟਰਪਤੀ ਨੇ ਕਿਹਾ ਕਿ ਮੈਂ ਕਲਪਨਾ ਵੀ ਨਹੀਂ ਕਰ ਸਕਦਾ ਕਿ ਮੋਦੀ ਨੂੰ ਡਰਾਇਆ, ਧਮਕਾਇਆ ਜਾਂ ਕੋਈ ਫੈਸਲਾ ਲੈਣ ਲਈ ਮਜਬੂਰ ਕੀਤਾ ਜਾ ਸਕਦਾ ਹੈ।
ਪੀਐਮ ਮੋਦੀ ਦੀ ਤਾਰੀਫ਼ ਕਰਦੇ ਹੋਏ ਪੁਤਿਨ ਨੇ ਕਿਹਾ ਕਿ ਖਾਸ ਤੌਰ 'ਤੇ ਜਦੋਂ ਇਹ ਫੈਸਲਾ ਭਾਰਤ ਅਤੇ ਭਾਰਤੀ ਲੋਕਾਂ ਦੇ ਰਾਸ਼ਟਰੀ ਹਿੱਤਾਂ ਦੇ ਖਿਲਾਫ ਹੋਵੇ ਤਾਂ ਪੀਐਮ ਮੋਦੀ ਨੂੰ ਮਜਬੂਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਕਿਹਾ ਕਿ ਮੈਂ ਇਸ ਬਾਰੇ ਕਦੇ ਗੱਲ ਨਹੀਂ ਕੀਤੀ, ਮੈਂ ਇਸ ਨੂੰ ਬਾਹਰੋਂ ਦੇਖਦਾ ਹਾਂ। ਉਨ੍ਹਾਂ ਕਿਹਾ ਕਿ ਈਮਾਨਦਾਰੀ ਨਾਲ ਕਹਾਂ ਤਾਂ ਕਈ ਵਾਰ ਮੈਂ ਭਾਰਤ ਦੇ ਹਿੱਤਾਂ ਦੀ ਰੱਖਿਆ ਪ੍ਰਤੀ ਪੀਐਮ ਮੋਦੀ ਦੇ ਸਖ਼ਤ ਰੁਖ਼ ਤੋਂ ਹੈਰਾਨ ਹੋ ਜਾਂਦਾ ਹਾਂ।
ਰੂਸੀ ਰਾਸ਼ਟਰਪਤੀ ਦਫਤਰ ਪੁਤਿਨ 14ਵੇਂ ਵੀਟੀਬੀ ਇਨਵੈਸਟਮੈਂਟ ਫੋਰਮ 'ਰਸ਼ੀਆ ਕਾਲਿੰਗ' ਨੂੰ ਸੰਬੋਧਨ ਕਰ ਰਹੇ ਸਨ। ਭਾਰਤ ਅਤੇ ਰੂਸ ਦੇ ਦੁਵੱਲੇ ਸਬੰਧਾਂ ਨੂੰ ਵੀ ਉਜਾਗਰ ਕਰਦੇ ਹੋਏ ਪੁਤਿਨ ਨੇ ਕਿਹਾ ਕਿ ਦੋਵਾਂ ਦੇਸ਼ਾਂ ਦੇ ਸਬੰਧ ਹਰ ਦਿਸ਼ਾ ਵਿੱਚ 'ਪ੍ਰਗਤੀਸ਼ੀਲਤਾ ਨਾਲ ਵਿਕਾਸ' ਕਰ ਰਹੇ ਹਨ। ਰੂਸੀ ਰਾਸ਼ਟਰਪਤੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਦੋਹਾਂ ਦੇਸ਼ਾਂ ਦੇ ਸਬੰਧਾਂ ਦੀ ਮੁੱਖ 'ਗਾਰੰਟਰ' ਹਨ। ਉਨ੍ਹਾਂ ਨੇ ਦੁਵੱਲੇ ਵਪਾਰ ਦੇ ਵਿਸਤਾਰ ਵਿੱਚ ਤੇਜ਼ੀ ਲਿਆਉਣ ਲਈ ਦੋਵਾਂ ਦੇਸ਼ਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਗੱਲ ਕੀਤੀ।