ਨਵੀਂ ਦਿੱਲੀ: ਦੱਖਣੀ ਅਫ਼ਰੀਕਾ ਵਿੱਚ ਕੋਰੋਨਾ ਵਾਇਰਸ (Corona virus) ਦੇ ਇੱਕ ਨਵੇਂ ਰੂਪ ਦਾ ਪਤਾ ਲੱਗਣ ਅਤੇ ਇਸ ਨੂੰ ਲੈ ਕੇ ਵਿਸ਼ਵ ਭਰ ਵਿੱਚ ਪੈਦਾ ਹੋਏ ਖਦਸ਼ਿਆਂ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਇਸ ਦੇ ਮੱਦੇਨਜ਼ਰ ‘ਪ੍ਰੋਐਕਟਿਵ’ਹੋਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ ਅਤੇ ਲੋਕਾਂ ਨੂੰ ਵਧੇਰੇ ਚੌਕਸ ਰਹਿਣ ਅਤੇ ਮਾਸਕ ਪਹਿਨਣ ਲਈ ਕਿਹਾ ਹੈ। ਇਸਦੇ ਨਾਲ ਹੀ ਉਨ੍ਹਾਂ ਸਮਾਜਿਕ ਦੂਰੀ (Social distance) ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ।
ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ (Prime Minister) ਨੇ ਸਰਗਰਮ ਰਹਿਣ ਅਤੇ ਰੋਕਥਾਮ ਉਪਾਵਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ (International flights) ਦੀ ਨਿਗਰਾਨੀ ਕਰਨ ਦੀ ਜ਼ਰੂਰਤ ਜ਼ਾਹਰ ਕੀਤੀ।
ਪੀਐਮਓ ਦੇ ਅਨੁਸਾਰ, ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਅੰਤਰਰਾਸ਼ਟਰੀ ਜਹਾਜ਼ਾਂ ਦੀ ਨਿਗਰਾਨੀ ਦੇ ਨਾਲ, ਦਿਸ਼ਾ-ਨਿਰਦੇਸ਼ਾਂ ਅਨੁਸਾਰ ਜੋਖਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਕੋਰੋਨਾ ਦੇ ਮੁੜ ਖ਼ਤਰਿਆਂ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ ਹਟਾਉਣ ਦੀ ਯੋਜਨਾ ਦੀ ਸਮੀਖਿਆ ਕਰਨ ਲਈ ਵੀ ਕਿਹਾ।
ਡਿਜੀਟਲ ਮਾਧਿਅਮ ਰਾਹੀਂ ਹੋਈ ਇਸ ਮੀਟਿੰਗ ਵਿੱਚ ਕੈਬਨਿਟ ਸਕੱਤਰ ਰਾਜੀਵ ਗਾਬਾ, ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਪੀ ਕੇ ਮਿਸ਼ਰਾ, ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ, ਨੀਤੀ ਆਯੋਗ ਦੇ ਮੈਂਬਰ (ਸਿਹਤ) ਵੀਕੇ ਪਾਲ, ਨੀਤੀ ਆਯੋਗ ਦੇ ਏ ਕੇ ਭੱਲਾ ਅਤੇ ਭਾਰਤ ਸਰਕਾਰ ਦੇ ਵਿਗਿਆਨਕ ਸਲਾਹਕਾਰ ਕੇ. ਵਿਜੇ ਰਾਘਵਨ ਸਮੇਤ ਕੁਝ ਹੋਰ ਅਧਿਕਾਰੀ ਮੌਜੂਦ ਸਨ।