ਨਵੀਂ ਦਿੱਲੀ: ਪ੍ਰਧਾਨ ਮੰਤਰੀ ਸ਼ੁੱਕਰਵਾਰ ਨੂੰ ਗੁਜਰਾਤ ਦਾ ਦੌਰਾ ਕਰਨਗੇ ਅਤੇ ਕਰੀਬ 4,400 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ ਅਤੇ ਕੇਂਦਰ ਸਰਕਾਰ ਦੀ ਆਵਾਸ ਯੋਜਨਾ ਤਹਿਤ 19,000 ਲਾਭਪਾਤਰੀਆਂ ਨੂੰ ਘਰ ਅਲਾਟ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਮੋਦੀ ਗਾਂਧੀਨਗਰ 'ਚ 'ਆਲ ਇੰਡੀਆ ਐਜੂਕੇਸ਼ਨ ਐਸੋਸੀਏਸ਼ਨ ਕਨਵੈਨਸ਼ਨ' 'ਚ ਸ਼ਿਰਕਤ ਕਰਨਗੇ ਅਤੇ ਗਿਫਟ ਸਿਟੀ ਵੀ ਜਾਣਗੇ।
ਬਿਆਨ ਵਿੱਚ ਕਿਹਾ ਗਿਆ ਹੈ ਕਿ ਗਾਂਧੀਨਗਰ ਵਿੱਚ ਪ੍ਰੋਗਰਾਮ ਦੌਰਾਨ ਮੋਦੀ 2,450 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਇਨ੍ਹਾਂ ਵਿੱਚ ਸ਼ਹਿਰੀ ਵਿਕਾਸ ਵਿਭਾਗ, ਜਲ ਸਪਲਾਈ ਵਿਭਾਗ, ਸੜਕ ਅਤੇ ਟਰਾਂਸਪੋਰਟ ਵਿਭਾਗ ਅਤੇ ਖਾਣਾਂ ਅਤੇ ਖਣਿਜ ਵਿਭਾਗ ਦੇ ਪ੍ਰਾਜੈਕਟ ਸ਼ਾਮਲ ਹਨ। ਉਹ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੇਂਡੂ ਅਤੇ ਸ਼ਹਿਰੀ) ਦੇ ਲਾਭਪਾਤਰੀਆਂ ਨੂੰ ਚਾਬੀਆਂ ਵੀ ਸੌਂਪਣਗੇ। ਇਨ੍ਹਾਂ ਪ੍ਰੋਜੈਕਟਾਂ ਦੀ ਕੁੱਲ ਲਾਗਤ ਲਗਭਗ 1,950 ਕਰੋੜ ਰੁਪਏ ਹੈ।