ਨਵੀਂ ਦਿੱਲੀ: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਜਿਸ ਨੂੰ ਲੈਕੇ ਸਿਆਸਤ ਬਰਕਰਾਰ ਹੈ। ਕਾਂਗਰਸ ਦੇ ਇਸ ਕਲੇਸ਼ ਦੌਰਾਨ ਨਵਜੋਤ ਸਿੱਧੂ ਦੀ ਦਿੱਲੀ ਫੇਰੀ ਬਹੁਤ ਅਹਿਮ ਮੰਨੀ ਜਾ ਰਹੀ ਹੈ। ਸੂਤਰਾਂ ਦਾ ਕਹਿਣਾ ਕਿ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ਨੂੰ ਕਿਸੇ ਵੱਡੇ ਅਹੁਦੇ ਦੀ ਜਿੰਮੇਵਾਰੀ ਦਿੱਤੀ ਜਾ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਐਂਟੀ-ਇਨਕੰਬੈਂਸੀ ਫੈਕਟਰ 'ਤੇ ਵਿਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਲਈ ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਸੁਲਝਾਉਣ ਲਈ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੇ ਕੈਬਨਿਟ 'ਚ ਫੇਰਬਦਲ ਕਰਨ ਦਾ ਸੁਝਾਅ ਵੀ ਦਿੱਤਾ ਹੈ।
ਸੂਤਰਾਂ ਦਾ ਕਹਿਣਾ ਕਿ ਕਾਂਗਰਸ ਹਾਈਕਮਾਨ ਕੈਪਟਨ ਅਮਰਿੰਦਰ ਸਿੰਘ ਤੋਂ ਜਿਆਦਾ ਖੁਸ਼ ਨਹੀਂ ਹੈ, ਕਿਉਂਕਿ ਪਿਛਲੇ ਦਿਨੀਂ ਪੰਜਾਬ ਦੇ ਕੁਝ ਵਿਧਾਇਕਾਂ ਅਤੇ ਮੰਤਰੀਆਂ ਵਲੋਂ ਕੈਪਟਨ ਦੀ ਅਗਵਾਈ 'ਤੇ ਸਵਾਲ ਖੜੇ ਕੀਤੇ ਸਨ। ਜਿਸ ਦੇ ਚੱਲਦਿਆਂ ਹਾਈਕਮਾਨ ਨਵਜੋਤ ਸਿੱਧੂ ਨੂੰ ਕੋਈ ਵੱਡਾ ਅਹੁਦਾ ਦੇ ਕੇ ਨਿਵਾਜ਼ ਸਕਦੀ ਹੈ। ਕਾਂਗਰਸ ਦੇ ਕਲੇਸ਼ ਨੂੰ ਖਤਮ ਕਰਨ ਲਈ ਨਵਜੋਤ ਸਿੱਧੂ ਦੀ ਪ੍ਰਿਯੰਕਾ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੀਟਿੰਗ ਅਹਿਮ ਮੰਨੀ ਜਾ ਰਹੀ ਹੈ।
ਇਸ ਸਬੰਧੀ ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਹਾਈਕਮਾਨ ਵਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਦੇ ਮੈਂਬਰ ਹਰੀਸ਼ ਰਾਵਤ ਨੇ ਕਿਹਾ ਕਿ ਨਵਜੋਤ ਸਿੱਧੂ ਦੀ ਇਹ ਮੀਟਿੰਗ ਜ਼ਰੂਰ ਕੋਈ ਹੱਲ ਕੱਢੇਗੀ। ਉਨ੍ਹਾਂ ਦਾ ਕਹਿਣਾ ਕਿ ਤਿੰਨ ਮੈਂਬਰੀ ਕਮੇਟੀ ਵਲੋਂ ਆਪਣੀ ਰਿਪੋਰਟ ਹਾਈਕਮਾਨ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਕਿ ਉਮੀਦ ਹੈ ਕਿ ਪੰਜਾਬ ਕਾਂਗਰਸ ਦਾ ਇਹ ਕਲੇਸ਼ ਜੁਲਾਈ ਦੇ ਪਹਿਲੇ ਹਫ਼ਤੇ ਖਤਮ ਹੋ ਜਾਵੇਗਾ। ਰਾਵਤ ਦਾ ਕਹਿਣਾ ਕਿ ਤਿੰਨ ਮੈਂਬਰੀ ਕਮੇਟੀ ਵਲੋਂ ਆਪਣਾ ਕੰਮ ਪੂਰਾ ਕਰ ਦਿੱਤਾ ਗਿਆ ਹੈ ਅਤੇ ਅਗਲੀ ਜਿੰਮੇਵਾਰੀ ਹਾਈਕਮਾਨ ਦੀ ਹੈ।