ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਮੁੱਖ ਮੰਤਰੀ ਨੂੰ ਮਾਰਨ ਦੀ ਧਮਕੀ ਦੇਣ ਲਈ ਐਸ.ਐਫ.ਜੇ. ਦੇ ਪੰਨੂ ਖਿਲਾਫ਼ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਹਿੰਸਾ ਦਾ ਮਾਹੌਲ ਪੈਦਾ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕਰਨ ਅਤੇ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੂੰ ਮਾਰਨ ਦੀ ਧਮਕੀ ਦੇਣ ਕਾਰਨ ਆਈ.ਐਸ.ਆਈ. ਤੋਂ ਸਮਰਥਨ ਪ੍ਰਾਪਤ ਖਾਲਿਸਤਾਨ ਪੱਖੀ ਗੁਰਪਤਵੰਤ ਸਿੰਘ ਪੰਨੂ ਵਿਰੁੱਧ ਐਫਆਈਆਰ ਦਰਜ ਕਰਨ ਤੋਂ ਬਾਅਦ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਪੰਨੂ ਨੂੰ ਸੂਬੇ ਦੀ ਸ਼ਾਂਤੀ, ਸਥਿਰਤਾ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਕਰੜੀ ਚਿਤਾਵਨੀ ਦਿੱਤੀ ਹੈ।
ਮਹੌਲ ਖਰਾਬ ਕਰਨ ਦੀ ਕੋਸ਼ਿਸ਼ ਦਾ ਕਰਾਰਾ ਜਵਾਬ ਦੇਣਗੇ ਕੈਪਟਨ
ਇਸ ਗੱਲ `ਤੇ ਜ਼ੋਰ ਦਿੰਦਿਆਂ ਕਿ ਪਾਬੰਦੀਸ਼ੁਦਾ ਸਿੱਖਸ ਫਾਰ ਜਸਟਿਸ (ਐਸਐਫਜੇ) ਅਤੇ ਇਸ ਦੇ ਆਪੇ ਬਣੇ ਜਨਰਲ ਕੌਂਸਲ ਵੱਲੋਂ ਪੰਜਾਬ ਵਿੱਚ ਮਾਹੌਲ ਖਰਾਬ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਉਨ੍ਹਾਂ ਦੀ ਸਰਕਾਰ ਵੱਲੋਂ ਕਰਾਰਾ ਜਵਾਬ ਦਿੱਤਾ ਜਾਵੇਗਾ, ਮੁੱਖ ਮੰਤਰੀ ਨੇ ਕਿਹਾ, " ਕਿਸੇ ਨੂੰ ਵੀ ਉਸ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਅਤੇ ਸਾਡੇ ਲੋਕਾਂ ਨੂੰ ਮੁੜ ਅੱਤਵਾਦ ਦੇ ਕਾਲੇ ਦਿਨਾਂ ਵਿੱਚ ਧੱਕਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ, ਜਿਸ ਪੰਜਾਬ ਨੇ ਹਜ਼ਾਰਾਂ ਬੇਦੋਸ਼ਿਆਂ ਦੀਆਂ ਜਾਨਾਂ ਲਈਆਂ।`` ਕੈਪਟਨ ਅਮਰਿੰਦਰ ਨੇ ਕਿਹਾ ਕਿ ਐਸਐਫਜੇ ਦੀਆਂ ਮਾਹੌਲ ਖਰਾਬ ਕਰਨ ਅਤੇ ਵੰਡ ਪਾਉਣ ਦੀਆਂ ਕਾਰਵਾਈਆਂ ਦਾ ਢੁੱਕਵਾਂ ਜਵਾਬ ਦਿੱਤਾ ਜਾਵੇਗਾ।
ਪੰਨੂ ਨਫਰਤ, ਫੁੱਟ ਤੇ ਹਿੰਸਾ ਦੀ ਕੋਸ਼ਿਸ਼ ਕਰ ਰਿਹੈ:ਕੈਪਟਨ
ਇਹ ਜ਼ਿਕਰ ਕਰਦਿਆਂ ਕਿ ਗੁਰੂਆਂ ਦੀ ਧਰਤੀ ਜਿਨ੍ਹਾਂ ਨੇ ਹਮੇਸ਼ਾ ਮਨੁੱਖਤਾ ਦੀ ਏਕਤਾ ਦੀ ਵਿਚਾਰਧਾਰਾ ਦਾ ਪ੍ਰਚਾਰ ਕੀਤਾ, ਪੰਜਾਬ ਧਰਮ, ਜਾਤ ਅਤੇ ਨਸਲ ਦੇ ਭੇਦਭਾਵ ਤੋਂ ਬਿਨਾਂ ਸਾਰਿਆਂ ਦਾ ਘਰ ਹੈ, ਮੁੱਖ ਮੰਤਰੀ ਨੇ ਕਿਹਾ ਕਿ ਧਰਮ ਦੇ ਨਾਂ `ਤੇ ਅਤੇ ਖਾਲਿਸਤਾਨ ਦੀ ਪ੍ਰਾਪਤੀ ਲਈ ਸ਼ਾਂਤੀਪੂਰਨ ਵੱਖਵਾਦੀ ਮੁਹਿੰਮ ਦੀ ਆੜ ਵਿੱਚ ਪੰਨੂ ਦੀਆਂ ਨਫਰਤ, ਫੁੱਟ ਅਤੇ ਹਿੰਸਾ ਨੂੰ ਭੜਕਾਉਣ ਦੀਆਂ ਨਿਰਾਸ਼ਾਜਨਕ ਕੋਸ਼ਿਸ਼ਾਂ ਨੂੰ ਪਹਿਲਾਂ ਹੀ ਪੰਜਾਬ ਅਤੇ ਭਾਰਤ ਦੇ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ ਜੋ ਕਿ ਸ਼ਾਂਤੀ ਅਤੇ ਖੁਸ਼ਹਾਲੀ ਵਿੱਚ ਰਹਿਣਾ ਚਾਹੁੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਰਾਜਨੀਤਿਕ ਨੇਤਾਵਾਂ ਅਤੇ ਪਾਰਟੀਆਂ ਨੇ ਪੰਨੂ ਦੀ ਪਾਕਿਸਤਾਨ ਆਈਐਸਆਈ ਤੋਂ ਫੰਡ ਪ੍ਰਾਪਤ ਵੱਖਰੇ ਮੁਲਕ ਦੀ ਮੰਗ ਕਰਦੀ ਮੁਹਿੰਮ ਦੀ ਨਿੰਦਾ ਕੀਤੀ ਸੀ। ਮੁੱਖ ਮੰਤਰੀ ਵੱਲੋਂ ਪੰਨੂ ਨੂੰ ਇਹ ਸਖਤ ਚਿਤਾਵਨੀ ਪੰਜਾਬ ਪੁਲਿਸ ਦੁਆਰਾ ਸੋਮਵਾਰ ਨੂੰ ਐਸਐਫਜੇ ਦੇ ਫੇਸਬੁੱਕ ਪੇਜ `ਤੇ ਪੋਸਟ ਕੀਤੇ ਗਏ ਇੱਕ ਵੀਡੀਓ ਰਾਹੀਂ ਮੁੱਖ ਮੰਤਰੀ ਨੂੰ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਐਫਆਈਆਰ ਦਰਜ ਕਰਨ ਦੇ ਬਾਅਦ ਦਿੱਤੀ ਗਈ ਹੈ।