ਨਵੀਂ ਦਿੱਲੀ: ਕੇਰਲ ਦੇ ਵਾਇਨਾਡ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਵੱਡਾ ਝਟਕਾ ਜਾਣਕਾਰੀ ਅਨੁਸਾਰ ਅੱਜ ਮੈਂਬਰਸ਼ਿਪ ਰੱਦ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਵੀਰਵਾਰ ਨੂੰ ਸੂਰਤ ਦੀ ਸੈਸ਼ਨ ਕੋਰਟ ਨੇ ਮਾਨਹਾਨੀ ਦੇ ਇਕ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ 2 ਸਾਲ ਦੀ ਕੈਦ ਅਤੇ 15,000 ਰੁਪਏ ਜੁਰਮਾਨਾ ਲਗਾਇਆ ਸੀ।
ਸੂਰਤ ਦੀ ਅਦਾਲਤ ਨੇ ਕੀ ਕਿਹਾ ?:ਅਦਾਲਤ ਨੇ ਆਪਣੇ ਫੈਸਲੇ 'ਚ ਕਿਹਾ ਸੀ ਕਿ ਜੇਕਰ ਰਾਹੁਲ ਗਾਂਧੀ ਨੂੰ ਘੱਟ ਸਜ਼ਾ ਦਿੱਤੀ ਜਾਂਦੀ ਹੈ ਤਾਂ ਜਨਤਾ 'ਚ ਗਲਤ ਸੰਦੇਸ਼ ਜਾਵੇਗਾ। ਅਦਾਲਤ ਨੇ ਆਪਣੇ ਫੈਸਲੇ ਵਿੱਚ ਸੁਪਰੀਮ ਕੋਰਟ ਦੀ ਉਸ ਚੇਤਾਵਨੀ ਨੂੰ ਵੀ ਦੁਹਰਾਇਆ, ਜਿਸ ਵਿੱਚ ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਨੂੰ ਚੇਤਾਵਨੀ ਦਿੱਤੀ ਸੀ। 2018 ਵਿੱਚ, ਸੁਪਰੀਮ ਕੋਰਟ ਨੇ 'ਚੌਕੀਦਾਰ ਚੋਰ ਹੈ' ਮਾਮਲੇ 'ਤੇ ਰਾਹੁਲ ਗਾਂਧੀ ਨੂੰ ਚੇਤਾਵਨੀ ਦਿੱਤੀ ਸੀ। ਰਾਹੁਲ ਨੇ ਇਸ ਮਾਮਲੇ 'ਚ ਮੁਆਫੀ ਮੰਗ ਲਈ ਸੀ।