ਨਵੀਂ ਦਿੱਲੀ: ਲੋਕ ਸਭਾ ਤੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਕਾਂਗਰਸੀ ਆਗੂ ਰਾਹੁਲ ਗਾਂਧੀ ਮੰਗਲਵਾਰ ਨੂੰ ਵਾਇਨਾਡ ਜਾਣਗੇ, ਜਿੱਥੇ ਉਹ ਰੋਡ ਸ਼ੋਅ ਕੱਢਣਗੇ। ਕਾਂਗਰਸੀ ਆਗੂਆਂ ਨੂੰ ਰਾਹੁਲ ਦੇ ਸਵਾਗਤ ਤੇ ਸ਼ਕਤੀ ਪ੍ਰਦਰਸ਼ਨ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਦੋਸ਼ੀ ਠਹਿਰਾਏ ਜਾਣ ਦੇ ਖਿਲਾਫ ਰਾਹੁਲ ਗਾਂਧੀ ਦੀ ਅਪੀਲ 'ਤੇ ਸੂਰਤ ਦੀ ਅਦਾਲਤ 'ਚ 13 ਅਪ੍ਰੈਲ ਨੂੰ ਸੁਣਵਾਈ ਹੋਵੇਗੀ। ਦੱਸ ਦਈਏ ਕਿ ਇਸ ਸਮੇਂ ਰਾਹੁਲ ਗਾਂਧੀ ਜ਼ਮਾਨਤ 'ਤੇ ਬਾਹਰ ਹਨ, ਜਿਹਨਾਂ ਨੂੰ ਗੁਜਰਾਤ ਦੀ ਸੈਸ਼ਨ ਕੋਰਟ ਨੇ ਵਧਾ ਦਿੱਤਾ ਸੀ। ਤੁਹਾਨੂੰ ਦੱਸ ਦੇਈਏ ਕਿ ਬੀਤੀ 23 ਮਾਰਚ ਨੂੰ ਸੂਰਤ ਦੀ ਇੱਕ ਹੇਠਲੀ ਅਦਾਲਤ ਨੇ ਭਾਜਪਾ ਵਿਧਾਇਕ ਪੂਰਨੇਸ਼ ਮੋਦੀ ਦੁਆਰਾ ਦਾਇਰ ਇੱਕ ਮਾਮਲੇ ਵਿੱਚ ਉਨ੍ਹਾਂ ਨੂੰ ਪੂਰੇ ਮੋਦੀ ਭਾਈਚਾਰੇ ਨੂੰ ਬਦਨਾਮ ਕਰਨ ਦਾ ਦੋਸ਼ੀ ਠਹਿਰਾਇਆ ਸੀ ਤੇ ਸਜ਼ਾ ਸੁਣਾਈ ਸੀ।
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਬਾਅਦ ਵਿੱਚ ਇੱਕ ਨਿਯਮ ਦੇ ਤਹਿਤ ਲੋਕ ਸਭਾ ਤੋਂ ਅਯੋਗ ਕਰਾਰ ਦੇ ਦਿੱਤਾ ਗਿਆ ਸੀ, ਜਿਸ ਵਿੱਚ ਦੋਸ਼ੀ ਸੰਸਦ ਮੈਂਬਰਾਂ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਸੀ। ਗਾਂਧੀ ਨੂੰ ਉਸ ਦੇ ਅਪਰਾਧ ਲਈ ਵੱਧ ਤੋਂ ਵੱਧ ਦੋ ਸਾਲ ਦੀ ਸਜ਼ਾ ਸੁਣਾਈ ਗਈ ਸੀ, ਪਰ ਹੁਕਮ ਦੇ ਵਿਰੁੱਧ ਅਪੀਲ ਦਾਇਰ ਕਰਨ ਲਈ ਸਜ਼ਾ ਨੂੰ 30 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਜੇਕਰ ਸਜ਼ਾ ਨੂੰ ਰੱਦ ਨਹੀਂ ਕੀਤਾ ਗਿਆ ਤਾਂ ਉਹ ਅਗਲੇ ਅੱਠ ਸਾਲਾਂ ਲਈ ਚੋਣ ਨਹੀਂ ਲੜ ਸਕਣਗੇ।