ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਹੱਤਿਆ ਕਾਂਡ ਦੇ ਛੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਹੁਕਮਾਂ ਦੀ ਸਮੀਖਿਆ ਲਈ ਵੀਰਵਾਰ ਨੂੰ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। 11 ਨਵੰਬਰ ਨੂੰ ਸੁਪਰੀਮ ਕੋਰਟ ਨੇ ਰਾਜੀਵ ਗਾਂਧੀ ਹੱਤਿਆ ਕਾਂਡ ਦੇ ਸਾਰੇ ਛੇ ਦੋਸ਼ੀਆਂ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ, ਜਿਸ ਵਿੱਚ ਨਲਿਨੀ ਸ੍ਰੀਹਰਨ ਵੀ ਸ਼ਾਮਲ ਸੀ, ਜੋ ਕਰੀਬ ਤਿੰਨ ਦਹਾਕਿਆਂ ਤੋਂ ਉਮਰ ਕੈਦ ਦੀ ਸਜ਼ਾ ਕੱਟ ਰਹੀ ਸੀ।
ਅਦਾਲਤ ਨੇ ਨੋਟ ਕੀਤਾ ਕਿ ਇਕ ਹੋਰ ਦੋਸ਼ੀ, ਏਜੀ ਪੇਰਾਰੀਵਲਨ ਨੂੰ ਬਰੀ ਕਰਨ ਦਾ ਉਸ ਦਾ ਪਹਿਲਾ ਹੁਕਮ ਇਨ੍ਹਾਂ ਦੋਸ਼ੀਆਂ 'ਤੇ ਬਰਾਬਰ ਲਾਗੂ ਸੀ। ਜਸਟਿਸ ਬੀਆਰ ਗਵਈ ਅਤੇ ਜਸਟਿਸ ਬੀਵੀ ਨਾਗਰਤਨ ਦੇ ਬੈਂਚ ਨੇ ਨੋਟ ਕੀਤਾ ਕਿ ਤਾਮਿਲਨਾਡੂ ਸਰਕਾਰ ਨੇ ਸਾਰੇ ਦੋਸ਼ੀਆਂ ਦੀ ਸਜ਼ਾ ਨੂੰ ਘਟਾਉਣ ਦੀ ਸਿਫਾਰਸ਼ ਕੀਤੀ ਸੀ, ਜਿਸ 'ਤੇ ਰਾਜਪਾਲ ਨੇ ਕਾਰਵਾਈ ਨਹੀਂ ਕੀਤੀ ਸੀ। ਅਦਾਲਤ ਨੇ ਇਹ ਵੀ ਨੋਟ ਕੀਤਾ ਕਿ ਜੇਲ ਵਿਚ ਰਹਿਣ ਦੌਰਾਨ ਦੋਸ਼ੀਆਂ ਦਾ ਵਿਵਹਾਰ ਤਸੱਲੀਬਖਸ਼ ਸੀ।