ਖੱਡ 'ਚ ਡਿੱਗੀ ਅੰਮ੍ਰਿਤਸਰ ਤੋਂ ਜੰਮੂ ਜਾ ਰਹੀ ਬੱਸ ਜੰਮੂ: ਜੰਮੂ-ਕਸ਼ਮੀਰ ਦੇ ਜੰਮੂ ਖੇਤਰ 'ਚ ਮੰਗਲਵਾਰ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਦਰਾਅਸਰ ਜੰਮੂ ਖੇਤਰ 'ਚ ਇੱਕ ਬੱਸ ਡੂੰਘੀ ਖੱਡ 'ਚ ਡਿੱਗ ਗਈ ਜੋ ਅੰਮ੍ਰਿਤਸਰ ਤੋਂ ਜੰਮੂ ਜਾ ਰਹੀ ਸੀ। ਇਸ ਹਾਦਸੇ 'ਚ 10 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ ਜਦਕਿ 12 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਕੁਝ ਜ਼ਖ਼ਮੀਆਂ ਦਾ ਸਥਾਨਕ ਪੀਐਚਸੀ ਵਿੱਚ ਇਲਾਜ ਚੱਲ ਰਿਹਾ ਹੈ। ਵੱਡੇ ਪੱਧਰ 'ਤੇ ਬਚਾਅ ਮੁਹਿੰਮ ਚਲਾਈ ਗਈ। ਪੁਲਿਸ ਅਤੇ ਸਥਾਨਕ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।
10 ਲੋਕਾਂ ਦੀ ਮੌਤ:ਜਾਣਕਾਰੀ ਮੁਤਾਬਕ ਜੰਮੂ ਸ਼੍ਰੀਨਗਰ ਨੈਸ਼ਨਲ ਹਾਈਵੇ 'ਤੇ ਅੱਜ ਸਵੇਰੇ ਝੱਜਰ ਕੋਟਲੀ ਨੇੜੇ ਦਰਦਨਾਕ ਹਾਦਸਾ ਵਾਪਰਿਆ। ਜੰਮੂ ਦੇ ਡੀਸੀ ਅਨੁਸਾਰ ਇਸ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ ਜਦਕਿ 12 ਲੋਕ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਬੱਸ ਬੇਕਾਬੂ ਹੋ ਕੇ ਡੂੰਘੀ ਖੱਡ 'ਚ ਜਾ ਡਿੱਗੀ। ਹਾਦਸੇ ਤੋਂ ਬਾਅਦ ਮੌਕੇ 'ਤੇ ਹਾਹਾਕਾਰ ਮੱਚ ਗਈ। ਸਥਾਨਕ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਸ ਫੋਰਸ ਮੌਕੇ 'ਤੇ ਪਹੁੰਚ ਗਈ। ਇਸ ਤੋਂ ਪਹਿਲਾਂ ਸਥਾਨਕ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।
ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਸੀ ਬੱਸ:ਦੱਸ ਦਈਏ ਕਿ ਇਹ ਬੱਸ ਅੰਮ੍ਰਿਤਸਰ ਤੋਂ ਵੈਸ਼ਨੋ ਦੇਵੀ ਜਾ ਰਹੀ ਸੀ ਜੋ ਕਿ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਬੱਸ ਵਿੱਚ 75 ਦੇ ਕਰੀਬ ਸਵਾਰੀਆ ਸਵਾਰ ਸਨ, ਜਿਨ੍ਹਾਂ ਵਿਚੋਂ 10 ਦੀ ਮੌਤ ਹੋ ਗਈ ਹੈ। ਇਹ ਯਾਤਰੀ ਜਿਆਦਾਤਰ ਅੰਮ੍ਰਿਤਸਰ ਦੇ ਫ਼ਤਹਿਗੜ੍ਹ ਚੂੜੀਆਂ ਦੇ ਰਹਿਣ ਵਾਲੇ ਸਨ।
ਬਚਾਅ ਮੁਹਿੰਮ ਜਾਰੀ: ਇਸ ਦੌਰਾਨ ਸੂਚਨਾ ਮਿਲਦੇ ਹੀ ਸੀਆਰਪੀਐਫ ਅਤੇ ਹੋਰ ਸੁਰੱਖਿਆ ਬਲ ਵੀ ਮੌਕੇ 'ਤੇ ਪਹੁੰਚ ਗਏ ਹਨ। ਐਂਬੂਲੈਂਸ ਬੁਲਾਈ ਗਈ ਅਤੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਕਈ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਲਾਸ਼ਾਂ ਨੂੰ ਵੀ ਹਸਪਤਾਲ ਪਹੁੰਚਾਇਆ ਗਿਆ ਹੈ। ਕਰੇਨ ਦੀ ਮਦਦ ਨਾਲ ਬੱਸ ਨੂੰ ਖੱਡ 'ਚੋਂ ਕੱਢਣ ਦੇ ਯਤਨ ਕੀਤੇ ਜਾ ਰਹੇ ਹਨ। ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਬੱਸ ਦੇ ਹੇਠਾਂ ਨਾ ਫਸੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਬਚਾਅ ਕਾਰਜ ਜਾਰੀ ਹੈ। ਸੀਆਰਪੀਐਫ ਦੇ ਅਸਿਸਟੈਂਟ ਕਮਾਂਡੈਂਟ ਅਸ਼ੋਕ ਚੌਧਰੀ ਨੇ ਦੱਸਿਆ ਕਿ ਬੱਸ ਅੰਮ੍ਰਿਤਸਰ ਤੋਂ ਆ ਰਹੀ ਸੀ ਅਤੇ ਇਸ ਵਿੱਚ ਬਿਹਾਰ ਦੇ ਲੋਕ ਸਵਾਰ ਸਨ। ਉਹ ਸ਼ਾਇਦ ਕਟੜਾ ਦਾ ਰਸਤਾ ਭੁੱਲ ਕੇ ਇੱਥੇ ਪਹੁੰਚ ਗਏ ਸਨ। ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।