ਸ਼੍ਰੀਨਗਰ: ਬਾਰਾਮੂਲਾ ਜ਼ਿਲ੍ਹੇ ਦੇ ਗੋਸ਼ਬੱਗ ਪੱਟਨ 'ਚ ਅੱਤਵਾਦੀਆਂ ਨੇ ਸਰਪੰਚ ਮਨਜ਼ੂਰ ਅਹਿਮਦ ਬੰਗਰੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਬਾਰਾਮੂਲਾ ਜ਼ਿਲ੍ਹੇ ਦੇ ਪੱਟਨ ਦੇ ਗੋਸ਼ਬੁੱਗ ਇਲਾਕੇ 'ਚ ਅੱਤਵਾਦੀਆਂ ਨੇ ਆਜ਼ਾਦ ਸਰਪੰਚ ਮਨਜ਼ੂਰ ਅਹਿਮਦ 'ਤੇ ਗੋਲੀਬਾਰੀ ਕੀਤੀ, ਜਿਸ ਨਾਲ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਤਿੰਨ ਦਿਨਾਂ ਵਿੱਚ ਇਹ ਦੂਜੀ ਵਾਰ ਹੈ ਜਦੋਂ ਕਿਸੇ ਨਾਗਰਿਕ ਨੂੰ ਅੱਤਵਾਦੀਆਂ ਨੇ ਨਿਸ਼ਾਨਾ ਬਣਾਇਆ ਹੈ।
ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ 11 ਮਾਰਚ ਨੂੰ ਅੱਤਵਾਦੀਆਂ ਨੇ ਸਰਪੰਚ ਸ਼ਬੀਰ ਅਹਿਮਦ ਮੀਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਹ ਘਟਨਾ ਅਦੁਰਾ ਇਲਾਕੇ ਦੀ ਸੀ। ਅੱਤਵਾਦੀਆਂ ਨੇ ਉਸਦੇ ਜੱਦੀ ਪਿੰਡ ਅਦੁਰਾ ਵਿੱਚ ਅੰਨ੍ਹੇਵਾਹ ਗੋਲੀਬਾਰੀ ਕੀਤੀ ਸੀ।
ਅੱਤਵਾਦੀਆਂ ਨੇ ਪਿਛਲੇ ਦੋ ਹਫਤਿਆਂ 'ਚ ਨਾਗਰਿਕਾਂ 'ਤੇ ਹਮਲੇ ਤੇਜ਼ ਕਰ ਦਿੱਤੇ ਹਨ। ਪੁਲਿਸ ਬੁਲਾਰੇ ਨੇ ਦੱਸਿਆ ਕਿ ਸਰਪੰਚ ਦੇ ਕਤਲ ਦੇ ਮਾਮਲੇ ਵਿੱਚ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ ਅਤੇ ਤਲਾਸ਼ੀ ਜਾਰੀ ਹੈ। ਇੱਕ ਦਿਨ ਪਹਿਲਾਂ ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਲਸ਼ਕਰ-ਏ-ਤੋਇਬਾ ਦੇ ਚਾਰ ਅੱਤਵਾਦੀ ਮਾਰੇ ਗਏ ਸਨ।
ਉਪ ਰਾਜਪਾਲ ਸਮੇਤ ਸਿਆਸੀ ਪਾਰਟੀਆਂ ਨੇ ਕੀਤੀ ਨਿੰਦਾ: ਇਸ ਦੌਰਾਨ ਉਪ ਰਾਜਪਾਲ ਮਨੋਜ ਸਿਨਹਾ ਤੇ ਸਿਆਸੀ ਪਾਰਟੀਆਂ ਨੇ ਕਤਲ ਦੀ ਨਿੰਦਾ ਕੀਤੀ ਹੈ। ਸਿਨਹਾ ਨੇ ਟਵੀਟ ਕੀਤਾ, 'ਮੈਂ ਸਰਪੰਚ ਮਨਜ਼ੂਰ ਅਹਿਮਦ ਬੰਗਰੂ 'ਤੇ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਇਸ ਘਿਨਾਉਣੇ ਕਾਰੇ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ। ਦੁੱਖ ਦੀ ਇਸ ਘੜੀ ਵਿੱਚ ਦੁਖੀ ਪਰਿਵਾਰ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ।