ਨਵੀਂ ਦਿੱਲੀ:ਦੇਸ਼ ਦੀ ਸੁਪਰੀਮ ਕੋਰਟ ਪੈਗਾਸਸ ਜਾਸੂਸੀ ਮਾਮਲੇ ਦੀ ਜਾਂਚ ਲਈ ਮਾਹਿਰਾਂ ਦੀ ਕਮੇਟੀ ਦਾ ਗਠਨ ਕਰੇਗੀ। ਵੀਰਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕਰ ਰਹੇ ਚੀਫ ਜਸਟਿਸ ਐਨਵੀ ਰਮਨਾ ਨੇ ਇਸ ਦਾ ਜ਼ਿਕਰ ਕੀਤਾ ਹੈ। ਇਸ ਦੇ ਨਾਲ ਹੀ, ਇਸ ਗੱਲ ਦੀ ਸੰਭਾਵਨਾ ਹੈ ਕਿ ਆਦੇਸ਼ ਅਗਲੇ ਹਫਤੇ ਆ ਸਕਦਾ ਹੈ।
ਪੈਗਾਸਸ ਜਾਸੂਸੀ ਮਾਮਲੇ ਦੀ ਸੁਣਵਾਈ ਕਰ ਰਹੇ ਚੀਫ ਜਸਟਿਸ ਰਮਨਾ ਨੇ ਕਿਹਾ ਕਿ ਮਾਹਰ ਕਮੇਟੀ ਲਈ ਕੁਝ ਲੋਕਾਂ ਨਾਲ ਸੰਪਰਕ ਕੀਤਾ ਗਿਆ ਹੈ, ਪਰ ਉਨ੍ਹਾਂ ਵਿੱਚੋਂ ਬਹੁਤ ਸਾਰੇ ਮਾਹਰ ਨਿੱਜੀ ਸਮੱਸਿਆਵਾਂ ਕਾਰਨ ਇਸ ਵਿੱਚ ਸ਼ਾਮਲ ਨਹੀਂ ਹੋ ਪਾ ਰਹੇ ਹਨ।
ਚੀਫ ਜਸਟਿਸ ਐਨਵੀ ਰਮਨਾ ਨੇ ਅਦਾਲਤ ਵਿੱਚ ਵਕੀਲ ਸੀਯੂ ਸਿੰਘ ਨੂੰ ਦੱਸਿਆ ਕਿ ਸੁਪਰੀਮ ਕੋਰਟ ਪੈਗਾਸਸ ਜਾਸੂਸੀ ਮਾਮਲੇ ਦੀ ਜਾਂਚ ਲਈ ਇਸ ਹਫਤੇ ਇੱਕ ਕਮੇਟੀ ਦਾ ਗਠਨ ਕਰਨਾ ਚਾਹੁੰਦੀ ਹੈ। ਇਸ ਕਮੇਟੀ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਕੁਝ ਲੋਕਾਂ ਨੇ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।
ਸੁਣਵਾਈ ਦੌਰਾਨ ਚੀਫ ਜਸਟਿਸ ਨੇ ਕਿਹਾ ਕਿ ਇਸ ਸਬੰਧੀ ਆਦੇਸ਼ ਅਗਲੇ ਹਫਤੇ ਆ ਸਕਦੇ ਹਨ। ਤਕਨੀਕੀ ਮਾਹਿਰਾਂ ਦੀ ਕਮੇਟੀ ਨੂੰ ਛੇਤੀ ਹੀ ਅੰਤਿਮ ਰੂਪ ਦਿੱਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਕੇਂਦਰ ਸਰਕਾਰ ਵੱਲੋਂ ਕਿਹਾ ਗਿਆ ਸੀ ਕਿ ਇਸ ਪੂਰੇ ਮਾਮਲੇ ਦੀ ਜਾਂਚ ਮਾਹਿਰਾਂ ਦੀ ਕਮੇਟੀ ਬਣਾ ਕੇ ਕਰਵਾਈ ਜਾ ਸਕਦੀ ਹੈ।
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਪੈਗਾਸਸ ਦੇ ਕਥਿਤ ਇਸਤੇਮਾਲ ਦੀ ਅਦਾਲਤ ਦੀ ਨਿਗਰਾਨੀ ਵਿੱਚ ਜਾਂਚ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨਾਂ 'ਤੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਸੀ।ਸੁਪਰੀਮ ਕੋਰਟ ਨੇ ਕਥਿਤ ਪੈਗਾਸਸ ਜਾਸੂਸੀ ਮਾਮਲੇ ਦੀ ਸੁਤੰਤਰ ਜਾਂਚ ਕਰਵਾਉਣ ਦੀ ਮੰਗ ਨਾਲ ਸਬੰਧੀਤ ਪਟੀਸ਼ਨਾਂ ਉੱਤੇ ਮੰਗਲਵਾਰ ਨੂੰ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਦੇ ਹੋਏ ਇਹ ਸਪੱਸ਼ਟ ਕਿਹਾ ਸੀ ਕਿ ਉਹ ਨਹੀਂ ਚਾਹੁੰਦੇ ਕਿ ਸਰਕਾਰ ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਕਰਨ ਵਾਲੀ ਕਿਸੇ ਵੀ ਚੀਜ਼ ਦਾ ਖੁਲਾਸਾ ਕਰੇ।
ਚੀਫ ਜਸਟਿਸ ਐਨਵੀ ਰਮਨਾ, ਜਸਟਿਸ ਸੂਰਿਆਕਾਂਤ ਅਤੇ ਜਸਟਿਸ ਅਨਿਰੁੱਧ ਬੋਸ ਦੇ ਤਿੰਨ ਮੈਂਬਰੀ ਬੈਂਚ ਨੇ ਪਟੀਸ਼ਨਾਂ 'ਤੇ ਕੇਂਦਰ ਤੋਂ ਜਵਾਬ ਮੰਗਦਿਆਂ ਕਿਹਾ ਕਿ ਉਹ 10 ਦਿਨਾਂ ਬਾਅਦ ਮਾਮਲੇ ਦੀ ਸੁਣਵਾਈ ਕਰੇਗੀ ਅਤੇ ਦੇਖੇਗੀ ਕਿ ਕਿਹੜੀ ਪ੍ਰਕਿਰਿਆ ਅਪਣਾਉਣੀ ਚਾਹੀਦੀ ਹੈ।
ਇਹ ਵੀ ਪੜ੍ਹੋਂ : ਪੰਜਾਬ ਪੁਲਿਸ ਨੂੰ ਕਾਮਯਾਬੀ, ਤਰਨ ਤਾਰਨ ਵਿੱਚ ਹਥਿਆਰ ਅਤੇ ਵਿਸਫੋਟਕ ਪਦਾਰਥ ਸਣੇ 3 ਕਾਬੂ