ਨਵੀਂ ਦਿੱਲੀ:ਮਹਿਲਾ ਪਹਿਲਵਾਨਾਂ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਸਖ਼ਤ ਰੁਖ ਲੈਂਦੇ ਹੋਏ ਦਿੱਲੀ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸੱਤ ਮਹਿਲਾ ਪਹਿਲਵਾਨਾਂ ਦੀ ਪਟੀਸ਼ਨ 'ਤੇ ਸੁਣਵਾਈ ਕੀਤੀ ਹੈ। ਪਟੀਸ਼ਨ 'ਚ ਮਹਿਲਾ ਪਹਿਲਵਾਨਾਂ ਨੇ WFI ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ 'ਚ ਉਨ੍ਹਾਂ ਖਿਲਾਫ ਮਾਮਲਾ ਦਰਜ ਨਾ ਕਰਨ ਦਾ ਇਲਜ਼ਾਮ ਲਗਾਇਆ ਹੈ। ਜਿਸ 'ਤੇ ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਅਤੇ ਹੋਰਾਂ ਨੂੰ ਨੋਟਿਸ ਜਾਰੀ ਕੀਤਾ ਹੈ।
ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐਸ ਨਰਸਿਮਹਾ ਦੀ ਬੈਂਚ ਨੇ ਸੀਨੀਅਰ ਵਕੀਲ ਕਪਿਲ ਸਿੱਬਲ ਨੂੰ ਪੁੱਛਿਆ ਕਿ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਬਾਵਜੂਦ ਅਜੇ ਤੱਕ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ। ਸੀਜੇਆਈ ਨੇ ਕਿਹਾ ਕਿ ਅੰਤਰਰਾਸ਼ਟਰੀ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਪਹਿਲਵਾਨਾਂ ਨੇ ਪਟੀਸ਼ਨ ਵਿੱਚ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਹਨ। ਇਹ ਮਾਮਲਾ ਵਿਚਾਰਨ ਦੀ ਲੋੜ ਹੈ। ਸੁਪਰੀਮ ਕੋਰਟ ਹੁਣ ਮਹਿਲਾ ਪਹਿਲਵਾਨਾਂ ਦੀ ਪਟੀਸ਼ਨ 'ਤੇ 28 ਅਪ੍ਰੈਲ ਨੂੰ ਸੁਣਵਾਈ ਕਰੇਗੀ।