ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਦੇ ਵਾਰਾਣਸੀ ਸਥਿਤ ਗਿਆਨਵਾਪੀ-ਸ਼੍ਰਿੰਗਾਰ ਗੌਰੀ ਕੰਪਲੈਕਸ ਦੇ ਸਰਵੇਖਣ 'ਤੇ ਸਥਿਤੀ ਜਿਉਂ ਦੀ ਤਿਉਂ ਰੱਖਣ ਦਾ ਅੰਤਰਿਮ ਹੁਕਮ ਪਾਸ ਕਰਨ ਤੋਂ ਇਨਕਾਰ ਕਰ ਦਿੱਤਾ। ਹਾਲਾਂਕਿ, ਗਿਆਨਵਾਪੀ ਕੰਪਲੈਕਸ ਦੇ ਸਰਵੇਖਣ ਦੇ ਖਿਲਾਫ ਇੱਕ ਮੁਸਲਿਮ ਪੱਖ ਦੁਆਰਾ ਦਾਇਰ ਪਟੀਸ਼ਨ ਨੂੰ ਸੂਚੀਬੱਧ ਕਰਨ 'ਤੇ ਵਿਚਾਰ ਕਰਨ ਲਈ ਸਹਿਮਤ ਹੋ ਗਈ ਹੈ।
ਗਿਆਨਵਾਪੀ ਮਸਜਿਦ ਕੇਸ ਵਿੱਚ ਮੁਸਲਿਮ ਪੱਖ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਹੁਜ਼ੇਫਾ ਅਹਿਮਦੀ ਨੇ ਚੀਫ਼ ਜਸਟਿਸ ਐਨਵੀ ਰਮਨਾ ਦੀ ਅਗਵਾਈ ਵਾਲੇ ਬੈਂਚ ਨੂੰ ਦੱਸਿਆ ਕਿ ਵਾਰਾਣਸੀ ਦੀ ਥਾਂ ’ਤੇ ਕੀਤੇ ਜਾ ਰਹੇ ਸਰਵੇਖਣ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸਦੀ ਤੁਰੰਤ ਸੁਣਵਾਈ ਦੀ ਲੋੜ ਹੈ। ਪਟੀਸ਼ਨ ਨੂੰ ਤੁਰੰਤ ਸੁਣਵਾਈ ਲਈ ਸੂਚੀਬੱਧ ਕਰਨ 'ਤੇ ਚੀਫ਼ ਜਸਟਿਸ ਨੇ ਕਿਹਾ, 'ਮੈਨੂੰ ਇਸ 'ਤੇ ਵਿਚਾਰ ਕਰਨ ਦਿਓ।'
ਅਹਿਮਦੀ ਨੇ ਕਿਹਾ 'ਅਸੀਂ ਸਰਵੇਖਣ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਹੈ, ਜਿਸ ਨੂੰ ਵਾਰਾਣਸੀ ਸਥਿਤ ਜਾਇਦਾਦ ਦੇ ਸਬੰਧ 'ਚ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਇਹ (ਗਿਆਨਵਾਪੀ) ਪ੍ਰਾਚੀਨ ਸਮੇਂ ਤੋਂ ਇੱਕ ਮਸਜਿਦ ਹੈ। ਉਨ੍ਹਾਂ ਕਿਹਾ ਕਿ ਸਰਵੇ ਕਰਵਾਉਣ ਦੇ ਨਿਰਦੇਸ਼ ਪਾਸ ਕਰ ਦਿੱਤੇ ਗਏ ਹਨ ਅਤੇ ਇਸ ਸਮੇਂ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਲਈ ਹੁਕਮ ਪਾਸ ਕੀਤੇ ਜਾਣ।