ਚੰਡੀਗੜ੍ਹ:ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁਲਜ਼ਮ ਦੀਪਕ ਟੀਨੂ ਫ਼ਰਾਰ ਮਾਮਲੇ ਵਿੱਚ ਇਕ ਹੋਰ ਗ੍ਰਿਫ਼ਤਾਰੀ ਹੋਈ ਹੈ। ਗੈਂਗਸਟਰ ਦੀਪਕ ਟੀਨੂੰ ਨੂੰ ਭਜਾਉਣ ਵਾਲਾ ਦੂਜਾ ਮਦਦਗਾਰ ਹਰਿਆਣਾ ਦੇ ਹਿਸਾਰ ਤੋਂ ਗ੍ਰਿਫ਼ਤਾਰੀ ਹੋਈ ਹੈ। ਏਟੀਜੀਐਫ ਤੇ ਐਸਆਈਟੀ ਨੇ ਸਾਂਝੇ ਓਪਰੇਸ਼ਨ ਦੌਰਾਨ ਕਾਬੂ ਕੀਤਾ। ਗ੍ਰਿਫਤਾਰ ਹੋਏ ਮੁਲਜ਼ਮ ਦੀ ਪਛਾਣ ਚਿਰਾਗ ਵਜੋਂ ਹੋਈ ਹੈ।
ਪੁਲਿਸ ਦੀ ਗ੍ਰਿਫਤ ਵਿੱਚੋਂ ਫਰਾਰ ਹੋਇਆ ਸੀ ਗੈਂਗਸਟਰ ਦੀਪਕ ਟੀਨੂੰ: ਕਾਬਿਲੇਗੌਰ ਹੈ ਕਿ ਮਾਨਸਾ ਵਿਖੇ ਸੀਆਈਏ ਟੀਮ ਦੀ ਗ੍ਰਿਫਤ ਵਿੱਚੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਦੀਪਕ ਟੀਨੂੰ ਹਿਰਾਸਤ ਵਿੱਚੋਂ ਫਰਾਰ ਹੋ ਗਿਆ (Gangster Deepak Tinu absconded) ਸੀ। ਇਸ ਮਾਮਲੇ ਵਿੱਚ ਸੀਆਈਏ ਸਟਾਫ ਦੇ ਇੰਚਾਰਜ ਨੂੰ ਮੁਅੱਤਲ ਅਤੇ ਹਿਰਾਸਤ ਵਿੱਚ ਲੈ ਲਿਆ ਗਿਆ ਸੀ।
ਰਾਜਸਥਾਨ ਤੋਂ ਕੀਤਾ ਸੀ ਗ੍ਰਿਫ਼ਤਾਰ: ਦੀਪਕ ਟੀਨੂੰ ਦਾ ਫਰਾਰ ਹੋਣਾ ਪੰਜਾਬ ਪੁਲਿਸ ਉਤੇ ਵੱਡੇ ਸਵਾਲ ਸਨ ਅਤੇ ਇਸ ਨੂੰ ਲੈ ਕੇ ਪੁਲੀਸ ਦੀ ਕਾਰਗੁਜ਼ਾਰੀ ਤੇ ਵੀ ਸਵਾਲ ਉੱਠ ਰਹੇ ਸਨ। ਉੱਧਰ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਵੱਲੋਂ ਵੀ ਮਾਨਸਾ ਪੁਲਿਸ 'ਤੇ ਬੇਭਰੋਸਗੀ ਜ਼ਾਹਿਰ ਕੀਤੀ ਗਈ ਸੀ। 20 ਅਕਤੂਬਰ ਨੂੰ ਦਿੱਲੀ ਦੀ ਸਪੈਸ਼ਲ ਸੈੱਲ ਵੱਲੋਂ ਰਾਜਸਥਾਨ ਤੋਂ ਗੈਂਗਸਟਰ ਦੀਪਕ ਟੀਨੂੰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਗੋਲਡੀ ਬਰਾੜ ਦੇ ਸੰਪਰਕ ਵਿੱਚ ਸੀ ਟੀਨੂੰ:ਗੈਂਗਸਟਰ ਟੀਨੂੰ ਜੇਲ੍ਹ ਵਿੱਚ ਸਜਾ ਦੌਰਾਨ ਹੀ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਗੋਲਡੀ ਬਰਾੜ ਦੇ ਸੰਪਰਕ ਵਿੱਚ ਆਇਆ ਸੀ। ਕੁਝ ਦਿਨ ਪਹਿਲਾਂ ਜੇਲ੍ਹ ਵਿੱਚ ਬੰਦ ਟੀਨੂੰ ਕੋਲੋਂ ਇੱਕ ਮੋਬਾਈਲ ਫ਼ੋਨ ਵੀ ਬਰਾਮਦ ਹੋਇਆ ਸੀ। ਜੇਲ੍ਹ ਵਿੱਚ ਬੈਠ ਕੇ ਉਸ ਨੇ ਭੱਜਣ ਦੀ ਪੂਰੀ ਯੋਜਨਾ ਬਣਾ ਲਈ ਸੀ। ਸੂਤਰਾਂ ਦੀ ਮੰਨੀਏ ਤਾਂ ਪੁਲਸ ਹਿਰਾਸਤ 'ਚੋਂ ਫਰਾਰ ਹੋਣ ਤੋਂ ਬਾਅਦ ਉਹ ਕੈਨੇਡਾ, ਅਮਰੀਕਾ ਜਾਂ ਨੇਪਾਲ ਦੇ ਰਸਤੇ ਦੁਬਈ ਭੱਜਣ ਦੀ ਯੋਜਨਾ ਬਣਾ ਰਿਹਾ ਸੀ, ਜਿਸ ਦੇ ਮੱਦੇਨਜ਼ਰ ਉਸ ਦਾ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ।