ਜਲਗਾਓਂ (ਮਹਾਰਾਸ਼ਟਰ): ਸ਼ਿਵ ਸੈਨਾ (ਊਧਵ ਬਾਲਾਸਾਹਿਬ ਠਾਕਰੇ) ਦੇ ਨੇਤਾ ਸੰਜੇ ਰਾਉਤ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਮਹਾਰਾਸ਼ਟਰ ਸਰਕਾਰ ਦਾ ਮੌਤ ਦਾ ਵਾਰੰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਅਗਲੇ 15-20 ਦਿਨਾਂ 'ਚ ਸਰਕਾਰ ਡਿੱਗ ਜਾਵੇਗੀ। ਸਾਬਕਾ ਮੁੱਖ ਮੰਤਰੀ ਊਧਵ ਠਾਕਰੇ ਦੀ ਅਗਵਾਈ ਵਾਲੇ ਸ਼ਿਵ ਸੈਨਾ ਧੜੇ ਦੇ ਪ੍ਰਮੁੱਖ ਆਗੂ ਰਾਉਤ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਦਾਲਤ ਦੇ ਹੁਕਮਾਂ ਦੀ ਉਡੀਕ ਕਰ ਰਹੀ ਹੈ ਅਤੇ ਉਮੀਦ ਹੈ ਕਿ ਇਨਸਾਫ਼ ਹੋਵੇਗਾ।
ਰਾਜ ਸਭਾ ਮੈਂਬਰ ਸੁਪਰੀਮ ਕੋਰਟ ਵਿੱਚ ਲੰਬਿਤ ਪਟੀਸ਼ਨਾਂ ਦਾ ਹਵਾਲਾ ਦੇ ਰਹੇ ਸਨ, ਜਿਨ੍ਹਾਂ ਵਿੱਚੋਂ ਇੱਕ ਸ਼ਿਵ ਸੈਨਾ (ਸ਼ਿੰਦੇ ਧੜੇ) ਦੇ 16 ਵਿਧਾਇਕਾਂ ਨੂੰ ਅਯੋਗ ਠਹਿਰਾਉਣ ਦੀ ਮੰਗ ਕਰਦੀ ਹੈ, ਜਿਨ੍ਹਾਂ ਨੇ ਠਾਕਰੇ ਦੀ ਅਗਵਾਈ ਵਿਰੁੱਧ ਬਗਾਵਤ ਕੀਤੀ ਸੀ। ਰਾਉਤ ਨੇ ਦਾਅਵਾ ਕੀਤਾ, 'ਮੌਜੂਦਾ ਮੁੱਖ ਮੰਤਰੀ ਅਤੇ ਉਨ੍ਹਾਂ ਦੇ 40 ਵਿਧਾਇਕਾਂ ਦੀ ਸਰਕਾਰ 15-20 ਦਿਨਾਂ ਵਿੱਚ ਡਿੱਗ ਜਾਵੇਗੀ। ਇਸ ਸਰਕਾਰ ਦਾ ਮੌਤ ਦਾ ਵਾਰੰਟ ਜਾਰੀ ਹੋ ਚੁੱਕਾ ਹੈ ਹੁਣ ਇਹ ਤੈਅ ਕਰਨਾ ਹੈ ਕਿ ਇਸ 'ਤੇ ਕੌਣ ਦਸਤਖਤ ਕਰੇਗਾ। ਸ਼ਿਵ ਸੈਨਾ (ਯੂਬੀਟੀ) ਨੇਤਾ ਨੇ ਪਹਿਲਾਂ ਵੀ ਦਾਅਵਾ ਕੀਤਾ ਸੀ ਕਿ ਸ਼ਿੰਦੇ ਸਰਕਾਰ ਫਰਵਰੀ ਵਿੱਚ ਡਿੱਗ ਜਾਵੇਗੀ।