ਹੈਦਰਾਬਾਦ: ਸ਼ਹਿਰ ਦੇ ਕੁਕਟਪੱਲੀ ਥਾਣਾ ਖੇਤਰ ਵਿੱਚ ਇੱਕ ਨਿਰਮਾਣ ਅਧੀਨ ਇਮਾਰਤ ਦੀ ਸਲੈਬ ਡਿੱਗਣ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਖ਼ਮੀ ਹੋ ਗਿਆ। ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ (building collapses in Hyderabad) ਇਮਾਰਤ ਦੀ ਪੰਜਵੀਂ ਮੰਜ਼ਿਲ ਦੀ ਸਲੈਬ ਪਹਿਲਾਂ ਚੌਥੀ ਮੰਜ਼ਿਲ ਦੀ ਛੱਤ ਅਤੇ ਫਿਰ ਤੀਜੀ ਮੰਜ਼ਿਲ 'ਤੇ ਜਾ ਡਿੱਗੀ, ਜਿਸ ਕਾਰਨ ਮਲਬੇ ਹੇਠਾਂ ਦੱਬ ਕੇ ਦੋ ਮਜ਼ਦੂਰਾਂ ਦੀ ਮੌਤ ਹੋ ਗਈ।
ਕੁਕਟਪੱਲੀ ਥਾਣੇ ਦੇ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇੱਕ ਹੋਰ ਮਜ਼ਦੂਰ ਮਾਮੂਲੀ ਜ਼ਖ਼ਮੀ ਹੋ ਗਿਆ, ਜਦਕਿ ਦੋ ਮਜ਼ਦੂਰਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਗ੍ਰੇਟਰ ਹੈਦਰਾਬਾਦ ਮਿਉਂਸਪਲ ਕਾਰਪੋਰੇਸ਼ਨ (GHMC) ਦੀ ਡਿਜ਼ਾਸਟਰ ਰਿਸਪਾਂਸ ਫੋਰਸ (DRF), ਫਾਇਰ ਵਿਭਾਗ ਅਤੇ ਪੁਲਿਸ ਕਰਮਚਾਰੀਆਂ ਨੇ ਬਚਾਅ ਕਾਰਜ ਸ਼ੁਰੂ ਕੀਤਾ।
ਉਸਾਰੀ ਦੇ ਕੰਮ ਦੌਰਾਨ ਠੇਕੇਦਾਰਾਂ ਅਤੇ ਮਾਲਕਾਂ ਵੱਲੋਂ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ, ਜਿਸ ਕਾਰਨ ਹਾਦਸੇ ਵਾਪਰਦੇ ਹਨ। ਸਰਕਾਰ ਨੇ ਇਸ ਸਬੰਧੀ ਕਈ ਵਾਰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ 2016 ਵਿੱਚ ਹੈਦਰਾਬਾਦ ਵਿੱਚ ਇੱਕ ਉਸਾਰੀ ਅਧੀਨ ਇਮਾਰਤ ਦੇ ਡਿੱਗਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਸੀ।