ਨਵੀਂ ਦਿੱਲੀ : ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਦਨ 'ਚ ਮਣੀਪੁਰ ਦੀ ਸਥਿਤੀ 'ਤੇ ਚਰਚਾ ਕਰਨ ਦੀ ਅਪੀਲ ਕੀਤੀ। ਇਹ ਜਾਣਕਾਰੀ ਲੋਕ ਸਭਾ 'ਚ ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਨੇ ਦਿੱਤੀ। ਚੌਧਰੀ ਮੁਤਾਬਕ ਸੋਨੀਆ ਗਾਂਧੀ ਨੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਲੋਕ ਸਭਾ ਦੇ ਅੰਦਰ ਪ੍ਰਧਾਨ ਮੰਤਰੀ ਮੋਦੀ ਨਾਲ ਸੰਖੇਪ ਗੱਲਬਾਤ ਦੌਰਾਨ ਇਹ ਮੰਗ ਕੀਤੀ। ਪੀਐਮ ਮੋਦੀ ਨੇ ਭੋਪਾਲ ਵਿੱਚ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਬਾਰੇ ਵੀ ਸੋਨੀਆ ਗਾਂਧੀ ਨਾਲ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੌਰਾਨ ਕੀਤੀ ਇਹ ਮੰਗ :ਸਦਨ ਦੀ ਬੈਠਕ ਸ਼ੁਰੂ ਹੋਣ ਤੋਂ ਕੁਝ ਦੇਰ ਪਹਿਲਾਂ ਮੋਦੀ ਸਦਨ ਵਿਚ ਸੱਤਾਧਾਰੀ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਦੀ ਗੈਲਰੀ ਵਿਚ ਗਏ ਅਤੇ ਆਗੂਆਂ ਦਾ ਸਵਾਗਤ ਕੀਤਾ। ਜਦੋਂ ਉਹ ਵਿਰੋਧੀ ਧਿਰ ਦੀ ਗੈਲਰੀ ਨੇੜੇ ਪੁੱਜੇ ਤਾਂ ਉਨ੍ਹਾਂ ਨੇ ਸੋਨੀਆ ਗਾਂਧੀ ਨਾਲ ਸੰਖੇਪ ਗੱਲਬਾਤ ਕੀਤੀ। ਸੰਸਦ ਸੈਸ਼ਨ ਦੇ ਪਹਿਲੇ ਦਿਨ ਆਗੂ ਆਮ ਤੌਰ 'ਤੇ ਇਕ ਦੂਜੇ ਨੂੰ ਸ਼ੁਭਕਾਮਨਾਵਾਂ ਦਿੰਦੇ ਹਨ। ਚੌਧਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਦੌਰਾਨ ਸੋਨੀਆ ਗਾਂਧੀ ਨੇ ਅਪੀਲ ਕੀਤੀ ਕਿ ਮਣੀਪੁਰ 'ਚ ਹਿੰਸਾ ਦੇ ਮੁੱਦੇ 'ਤੇ ਸਦਨ 'ਚ ਚਰਚਾ ਹੋਣੀ ਚਾਹੀਦੀ ਹੈ।