ਨਵੀਂ ਦਿੱਲੀ:ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਵੱਡਾ ਐਲਾਨ ਕੀਤਾ ਹੈ। ਪਾਰਟੀ ਮੁਤਾਬਿਕ 20 ਜੁਲਾਈ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਦਿੱਲੀ ਆਰਡੀਨੈਂਸ ਦਾ ਵਿਰੋਧ ਕੀਤਾ ਜਾਵੇਗਾ। ਜਾਣਕਾਰੀ ਮੁਤਾਬਿਕ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਰਡੀਨੈਂਸ 'ਤੇ ਕਾਂਗਰਸ ਦਾ ਸਮਰਥਨ ਲੈਣ ਤੋਂ ਬਾਅਦ ਲੰਘੇ ਕੁਝ ਹਫ਼ਤਿਆਂ ਦੌਰਾਨ ਪਾਰਟੀ ਵਿੱਚ ਇਸ ਆਰਡੀਨੈਂਸ ਨੂੰ ਲੈ ਕੇ ਕਈ ਵਾਰ ਚਰਚਾ ਕੀਤੀ ਗਈ ਪਰ ਹਾਈਕਮਾਂਡ ਲਈ ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਹਮਾਇਤ ਮੁੱਖ ਰੁਕਾਵਟ ਰਹੀ ਹੈ। ਪਾਰਟੀ ਦੀਆਂ ਇਕਾਈਆਂ ਵੱਲੋਂ ਇਸਦਾ ਤਿੱਖਾ ਵਿਰੋਧ ਕੀਤਾ ਗਿਆ। ਦੂਜੇ ਪਾਸੇ ਕਾਂਗਰਸ ਦੇ ਇਕ ਸੀਨੀਅਰ ਅਧਿਕਾਰੀ ਦੇ ਮੁਤਾਬਿਕ ਮੌਨਸੂਨ ਸੈਸ਼ਨ ਦੌਰਾਨ ਜਦੋਂ ਵੀ ਆਰਡੀਨੈਂਸ ਲਿਆਂਦਾ ਜਾਵੇਗਾ, ਕਾਂਗਰਸ ਇਸ ਦਾ ਵਿਰੋਧ ਕਰੇਗੀ।
ਇਸੇ ਤਰ੍ਹਾਂ ਕਾਂਗਰਸ ਦੀਆਂ ਚੁਣੀਆਂ ਹੋਈਆਂ ਸੂਬਾ ਸਰਕਾਰਾਂ ਦੇ ਸੰਵਿਧਾਨਕ ਅਧਿਕਾਰਾਂ 'ਤੇ ਮੋਦੀ ਸਰਕਾਰ ਦੇ ਹਮਲਿਆਂ ਵਿਰੁੱਧ ਲੜਾਈ ਜਾਰੀ ਰੱਖਣ ਦਾ ਵੀ ਕਾਂਗਰਸ ਨੇ ਐਲਾਨ ਕੀਤਾ ਹੈ। ਪਾਰਟੀ ਦਾ ਕਹਿਣਾ ਹੈ ਕਿ ਇਹ ਹਮਲਾ ਤਈ ਤਰ੍ਹਾਂ ਨਾਲ ਕੀਤਾ ਜਾ ਰਿਹਾ ਹੈ। ਕਈ ਵਾਰ ਇਹ ਸਿੱਧੇ ਤੌਰ 'ਤੇ ਮੋਦੀ ਸਰਕਾਰ ਤੋਂ ਆਉਂਦੀ ਹੈ ਅਤੇ ਕਦੇ ਇਹ ਉਸ ਦੁਆਰਾ ਨਿਯੁਕਤ ਕੀਤੇ ਲੋਕਾਂ ਰਾਹੀਂ ਆਉਂਦੀ ਹੈ। ਅਸੀਂ ਪਹਿਲਾਂ ਵੀ ਸੰਘੀ ਢਾਂਚੇ 'ਤੇ ਅਜਿਹੇ ਹਮਲਿਆਂ ਦਾ ਵਿਰੋਧ ਕੀਤਾ ਹੈ ਅਤੇ ਸੰਸਦ ਦੇ ਅੰਦਰ ਅਤੇ ਬਾਹਰ ਇਸ ਦਾ ਵਿਰੋਧ ਕਰਦੇ ਰਹਾਂਗੇ। ਸੰਵਿਧਾਨਕ ਸੰਸਥਾਵਾਂ ਨੂੰ ਕਮਜ਼ੋਰ ਕੀਤਾ ਗਿਆ ਹੈ ਅਤੇ ਮੋਦੀ ਸਰਕਾਰ ਵੱਲੋਂ ਸੰਵਿਧਾਨਕ ਏਜੰਸੀਆਂ ਦੀ ਦੁਰਵਰਤੋਂ ਕੀਤੀ ਗਈ ਹੈ।