ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕਮੀ ਨੂੰ ਲੈ ਕੇ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਗੱਲ ਕੀਤੀ ਅਤੇ ਉਨ੍ਹਾਂ ਤੋਂ ਪੂਰੀ ਘਟਨਾ ਬਾਰੇ ਜਾਣਕਾਰੀ ਲਈ। ਇਸ ਦੌਰਾਨ ਸੋਨੀਆ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਪੂਰੇ ਦੇਸ਼ ਦੇ ਹਨ ਅਤੇ ਜੇਕਰ ਉਨ੍ਹਾਂ ਦੀ ਸੁਰੱਖਿਆ 'ਚ ਕੋਈ ਲਾਪ੍ਰਵਾਹੀ ਹੁੰਦੀ ਹੈ ਤਾਂ ਸਬੰਧਤ ਲੋਕਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਸੀਐਮ ਚਰਨਜੀਤ ਸਿੰਘ ਚੰਨੀ ਨੇ ਸੋਨੀਆ ਗਾਂਧੀ ਨੂੰ ਪੂਰੇ ਮਾਮਲੇ ਅਤੇ ਰਾਜ ਸਰਕਾਰ ਵੱਲੋਂ ਮਾਮਲੇ ਦੀ ਜਾਂਚ ਲਈ ਚੁੱਕੇ ਗਏ ਕਦਮਾਂ ਤੋਂ ਜਾਣੂ ਕਰਵਾਇਆ।
ਬੁੱਧਵਾਰ ਨੂੰ ਪੀਐਮ ਮੋਦੀ ਦੇ ਕਾਫ਼ਲੇ ਨੂੰ ਪੰਜਾਬ ਦੇ ਬਠਿੰਡਾ ਵਿੱਚ ਇੱਕ ਫਲਾਈਓਵਰ ਉੱਤੇ ਕਰੀਬ 20 ਮਿੰਟ ਰੁਕਣਾ ਪਿਆ ਸੀ। ਉਹ ਫਿਰੋਜ਼ਪੁਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨ ਜਾ ਰਹੇ ਸੀ। ਇਸ ਦੌਰਾਨ ਕਿਸਾਨਾਂ ਨੇ ਸੜਕ ਜਾਮ ਕਰ ਦਿੱਤਾ। ਜਿਸ ਕਾਰਨ ਪ੍ਰਧਾਨ ਮੰਤਰੀ ਦੀ ਰੈਲੀ ਨੂੰ ਮੁਲਤਵੀ ਕਰਨਾ ਪਿਆ। ਬਠਿੰਡਾ ਹਵਾਈ ਅੱਡੇ 'ਤੇ ਵਾਪਸ ਆਉਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਧਿਕਾਰੀਆਂ ਨੂੰ ਕਿਹਾ ਕਿ 'ਆਪਣੇ ਮੁੱਖ ਮੰਤਰੀ ਨੂੰ ਧੰਨਵਾਦ ਕਹਿਓ ਕਿ ਮੈਂ ਬਠਿੰਡਾ ਹਵਾਈ ਅੱਡੇ ਤੱਕ ਜ਼ਿੰਦਾ ਪਰਤ ਪਾਇਆ।
ਇਹ ਵੀ ਪੜੋ:pm modi security breach inquiry: ਗ੍ਰਹਿ ਮੰਤਰਾਲੇ ਨੇ ਬਣਾਈ ਜਾਂਚ ਕਮੇਟੀ
ਸੂਤਰਾਂ ਮੁਤਾਬਕ ਸੋਨੀਆ ਗਾਂਧੀ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਪਹਿਲ 'ਤੇ ਰੱਖਣ ਲਈ ਕਿਹਾ ਹੈ। ਮੁੱਖ ਮੰਤਰੀ ਚੰਨੀ ਨੇ ਕਾਂਗਰਸ ਪ੍ਰਧਾਨ ਨੂੰ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਲਈ ਕਮੇਟੀ ਦਾ ਗਠਨ ਕੀਤਾ ਹੈ ਜਿਸ ’ਚ ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ (ਗ੍ਰਹਿ ਅਤੇ ਨਿਆਂ) ਅਨੁਰਾਗ ਵਰਮਾ ਸ਼ਾਮਲ ਹਨ।