ਚੰਡੀਗੜ੍ਹ : ਬੀਤੇ ਦਿਨੀਂ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਦਾ ਕਾਫ਼ਲਾ ਰੋਕਣ ਦੀ ਗੱਲ ਸਾਹਮਣੇ ਆਉਣ ਅਤੇ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ ਤੋਂ ਸੰਯੁਕਤ ਕਿਸਾਨ ਮੋਰਚਾ ਦਾ ਬਿਆਨ ਸਾਹਮਣੇ ਆਇਆ ਹੈ। ਸੰਯੁਕਤ ਕਿਸਾਨ ਮੋਰਚਾ ਦਾ ਇਹ ਬਿਆਨ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਗੁਰਨਾਮ ਸਿੰਘ ਚੜੂਨੀ, ਹਨਨ ਮੋਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਸ਼ਰਮਾ (ਕੱਕਾ ਜੀ), ਯੁੱਧਵੀਰ ਸਿੰਘ, ਯੋਗਿੰਦਰ ਯਾਦਵ ਵਲੋਂ ਜਾਰੀ ਕੀਤਾ ਗਿਆ ਹੈ।
ਇਸ 'ਤੇ ਸੰਯੁਕਤ ਕਿਸਾਨ ਮੋਰਚਾ ਦਾ ਕਹਿਣਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 5 ਜਨਵਰੀ ਨੂੰ ਪੰਜਾਬ ਦੇ ਪ੍ਰਸਤਾਵਿਤ ਦੌਰੇ ਦੀ ਖ਼ਬਰ ਮਿਲਦਿਆਂ ਹੀ ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ 10 ਕਿਸਾਨ ਜਥੇਬੰਦੀਆਂ ਨੇ ਅਜੈ ਮਿਸ਼ਰਾ ਟੈਣੀ ਦੀ ਗ੍ਰਿਫ਼ਤਾਰੀ ਅਤੇ ਹੋਰ ਹੱਕੀ ਮੰਗਾਂ ਨੂੰ ਲੈ ਕੇ ਪ੍ਰਤੀਕਾਤਮਕ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। ਇਸ ਮਕਸਦ ਲਈ 2 ਜਨਵਰੀ ਨੂੰ ਪੰਜਾਬ ਭਰ ਦੇ ਪਿੰਡ ਪੱਧਰ ’ਤੇ ਅਤੇ 5 ਜਨਵਰੀ ਨੂੰ ਜ਼ਿਲ੍ਹਾ ਤੇ ਤਹਿਸੀਲ ਹੈੱਡਕੁਆਰਟਰਾਂ ’ਤੇ ਰੋਸ ਧਰਨੇ ਅਤੇ ਪੁਤਲੇ ਫੂਕਣ ਦੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਦੇ ਦੌਰੇ ਨੂੰ ਰੋਕਣ ਜਾਂ ਉਨ੍ਹਾਂ ਦੇ ਪ੍ਰੋਗਰਾਮ ਵਿੱਚ ਰੁਕਾਵਟ ਪਾਉਣ ਦਾ ਕੋਈ ਪ੍ਰੋਗਰਾਮ ਨਹੀਂ ਸੀ।
ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ 5 ਜਨਵਰੀ ਨੂੰ ਪੰਜਾਬ ਦੇ ਹਰ ਜ਼ਿਲ੍ਹਾ ਅਤੇ ਤਹਿਸੀਲ ਹੈੱਡਕੁਆਰਟਰ 'ਤੇ ਸ਼ਾਂਤਮਈ ਰੋਸ ਮੁਜ਼ਾਹਰੇ ਕੀਤੇ ਗਏ। ਪੁਲੀਸ ਪ੍ਰਸ਼ਾਸਨ ਵੱਲੋਂ ਜਦੋਂ ਕੁਝ ਕਿਸਾਨਾਂ ਨੂੰ ਜ਼ਿਲ੍ਹਾ ਹੈੱਡਕੁਆਰਟਰ ਫਿਰੋਜ਼ਪੁਰ ਵੱਲ ਜਾਣ ਤੋਂ ਰੋਕਿਆ ਗਿਆ ਤਾਂ ਉਨ੍ਹਾਂ ਕਈ ਥਾਵਾਂ ’ਤੇ ਸੜਕ ’ਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ। ਇਨ੍ਹਾਂ ਵਿੱਚੋਂ ਪਿਆਰੇਆਣਾ ਦਾ ਉਹ ਫਲਾਈਓਵਰ ਵੀ ਸੀ ਜਿੱਥੇ ਪ੍ਰਧਾਨ ਮੰਤਰੀ ਦਾ ਕਾਫ਼ਲਾ ਆਇਆ, ਰੁਕਿਆ ਅਤੇ ਵਾਪਸ ਚਲਾ ਗਿਆ। ਉਥੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੋਈ ਠੋਸ ਸੂਚਨਾ ਨਹੀਂ ਸੀ ਕਿ ਪ੍ਰਧਾਨ ਮੰਤਰੀ ਦਾ ਕਾਫਲਾ ਉਥੋਂ ਲੰਘਣ ਵਾਲਾ ਹੈ। ਉਨ੍ਹਾਂ ਨੂੰ ਇਹ ਜਾਣਕਾਰੀ ਪ੍ਰਧਾਨ ਮੰਤਰੀ ਦੀ ਵਾਪਸੀ ਤੋਂ ਬਾਅਦ ਮੀਡੀਆ ਤੋਂ ਮਿਲੀ ਹੈ।