ਨਵੀਂ ਦਿੱਲੀ:ਸੁਪਰੀਮ ਕੋਰਟ ਨੇ ਕਰਨਾਟਕ ਦੇ ਇਕ ਵਿਅਕਤੀ ਅਤੇ ਉਸ ਦੀ ਪਤਨੀ ਦੀ ਸਜ਼ਾ 'ਚ ਬਦਲਾਅ ਕੀਤਾ ਹੈ, ਜਿਨ੍ਹਾਂ 'ਤੇ ਆਪਣੀ ਨੂੰਹ ਨਾਲ ਤਸ਼ੱਦਦ ਅਤੇ ਪਰੇਸ਼ਾਨ ਕਰਨ ਦੇ ਦੋਸ਼ ਲੱਗੇ ਸਨ। ਪ੍ਰੇਸ਼ਾਨੀ ਕਾਰਨ ਉਸ ਨੇ ਆਪਣੇ ਆਪ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰ ਲਈ। ਅਦਾਲਤ ਨੇ ਸੱਸ ਅਤੇ ਸਹੁਰੇ ਨੂੰ ਔਰਤ ਨੂੰ ਖੁਦਕੁਸ਼ੀ ਲਈ ਉਕਸਾਉਣ ਦਾ ਦੋਸ਼ੀ ਠਹਿਰਾਇਆ, ਜੋ ਕਿ ਹੇਠਲੀ ਅਦਾਲਤ ਦੁਆਰਾ ਉਨ੍ਹਾਂ ਵਿਰੁੱਧ ਦੋਸ਼ ਤੈਅ ਨਹੀਂ ਕੀਤਾ ਗਿਆ ਸੀ।
ਸਿਖਰਲੀ ਅਦਾਲਤ ਨੇ ਕਿਹਾ ਕਿ ਮ੍ਰਿਤਕ ਦੇ ਮਰਨ ਤੋਂ ਪਹਿਲਾਂ ਦਿੱਤੇ ਬਿਆਨ ਤੋਂ ਸਾਫ਼ ਪਤਾ ਲੱਗਦਾ ਹੈ ਕਿ ਮ੍ਰਿਤਕ ਮਾਨਸਿਕ ਤੌਰ 'ਤੇ ਸਦਮੇ 'ਚ ਸੀ ਅਤੇ ਮੁਲਜ਼ਮਾਂ ਵੱਲੋਂ ਕੀਤੇ ਜਾ ਰਹੇ ਤਸ਼ੱਦਦ ਅਤੇ ਪਰੇਸ਼ਾਨੀ ਨੂੰ ਬਰਦਾਸ਼ਤ ਕਰਨ ਤੋਂ ਅਸਮਰੱਥ ਸੀ, ਜਿਸ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ। ਜਸਟਿਸ ਐਸ ਰਵਿੰਦਰ ਭੱਟ ਅਤੇ ਅਰਵਿੰਦ ਕੁਮਾਰ ਦੇ ਬੈਂਚ ਨੇ ਕਿਹਾ ਕਿ ਦੋਸ਼ ਆਇਦ ਕਰਨ ਤੋਂ ਇਨਕਾਰ ਅਦਾਲਤ ਨੂੰ ਉਸ ਅਪਰਾਧ ਲਈ ਦੋਸ਼ੀ ਠਹਿਰਾਉਣ ਤੋਂ ਅਸਮਰੱਥ ਨਹੀਂ ਬਣਾਉਂਦਾ ਜੋ ਰਿਕਾਰਡ 'ਤੇ ਸਬੂਤਾਂ 'ਤੇ ਸਾਬਤ ਹੁੰਦਾ ਹੈ।