ਨਵੀਂ ਦਿੱਲੀ: ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫਤਾਰ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ (Delhi government minister Satyendra Jain) ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਜ਼ਮਾਨਤ ਪਟੀਸ਼ਨ ਦੇ ਫੈਸਲੇ ਬਾਰੇ ਸੁਪਰੀਮ ਕੋਰਟ ਨੇ ਜ਼ਿਲ੍ਹਾ ਅਦਾਲਤ ਨੂੰ ਭਲਕੇ ਯਾਨੀ ਵੀਰਵਾਰ ਨੂੰ ਸੁਣਵਾਈ ਕਰਨ ਦੇ ਹੁਕਮ ਦਿੱਤੇ ਹਨ।
ਬੁੱਧਵਾਰ ਨੂੰ ਜੈਨ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਰਾਉਸ ਐਵੇਨਿਊ ਕੋਰਟ ਦੇ ਜ਼ਿਲ੍ਹਾ ਜੱਜ ਨੂੰ ਕੱਲ੍ਹ ਹੀ ਸੁਣਵਾਈ ਕਰਨ ਅਤੇ ਇਹ ਫੈਸਲਾ ਕਰਨ ਦਾ ਨਿਰਦੇਸ਼ ਦਿੱਤਾ ਹੈ ਕਿ ਕਿਹੜਾ ਜੱਜ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰੇਗਾ। ਇਸ ਤੋਂ ਪਹਿਲਾਂ ਜ਼ਿਲ੍ਹਾ ਜੱਜ ਨੇ ਜ਼ਮਾਨਤ ਪਟੀਸ਼ਨ ਦੀ ਸੁਣਵਾਈ 'ਤੇ ਰੋਕ ਲਗਾ ਦਿੱਤੀ ਸੀ ਅਤੇ ਸੁਣਵਾਈ ਦੀ ਅਗਲੀ ਤਰੀਕ 30 ਸਤੰਬਰ ਤੈਅ ਕੀਤੀ ਸੀ।
ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਸਤੇਂਦਰ ਜੈਨ ਨੂੰ ਗ੍ਰਿਫ਼ਤਾਰ ਕੀਤਾ ਹੈ। ਫਿਲਹਾਲ ਉਹ ਨਿਆਂਇਕ ਹਿਰਾਸਤ ਵਿੱਚ ਹਨ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਜੈਨ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰ ਰਹੇ ਸਨ। ਇਸ ਦੌਰਾਨ ਈਡੀ ਨੇ ਜ਼ਿਲ੍ਹਾ ਜੱਜ ਵਿਨੈ ਕੁਮਾਰ ਕੋਲ ਅਰਜ਼ੀ ਦਾਇਰ ਕਰਕੇ ਅਦਾਲਤ ਨੂੰ ਬਦਲਣ ਦੀ ਮੰਗ ਕੀਤੀ। ਅਰਜ਼ੀ 'ਤੇ ਗੌਰ ਕਰਦਿਆਂ ਜ਼ਿਲ੍ਹਾ ਚੀਫ਼ ਜਸਟਿਸ ਨੇ ਜ਼ਮਾਨਤ ਦੀ ਅਰਜ਼ੀ 'ਤੇ ਰੋਕ ਲਗਾਉਂਦੇ ਹੋਏ ਅਰਜ਼ੀ 'ਤੇ ਸੁਣਵਾਈ ਲਈ 30 ਸਤੰਬਰ ਦੀ ਤਰੀਕ ਤੈਅ ਕੀਤੀ ਸੀ | ਇਸ ਦੇ ਖਿਲਾਫ ਸਤੇਂਦਰ ਜੈਨ ਦੀ ਵੱਲੋ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ।