ਚੇਨਈ:ਤਾਮਿਲਨਾਡੂ ਦੇ ਰਾਜਪਾਲ ਆਰਐਨ ਰਵੀ ਨੇ ਵੀਰਵਾਰ ਨੂੰ ਮੰਤਰੀ ਵੀ ਸੇਂਥਿਲ ਬਾਲਾਜੀ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰ ਦਿੱਤਾ। ਰਾਜ ਭਵਨ ਨੇ ਇੱਕ ਅਧਿਕਾਰਤ ਰੀਲੀਜ਼ ਵਿੱਚ ਕਿਹਾ ਕਿ ਸੇਂਥਿਲ ਬਾਲਾਜੀ "ਭ੍ਰਿਸ਼ਟਾਚਾਰ ਦੇ ਕਈ ਮਾਮਲਿਆਂ ਵਿੱਚ ਗੰਭੀਰ ਅਪਰਾਧਿਕ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ, ਜਿਸ ਵਿੱਚ ਨੌਕਰੀ ਦੇ ਬਦਲੇ ਨਕਦ ਲੈਣ ਅਤੇ ਮਨੀ ਲਾਂਡਰਿੰਗ ਸ਼ਾਮਲ ਹਨ। ਮੰਤਰੀ ਵਜੋਂ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਉਹ ਜਾਂਚ ਵਿੱਚ ਅੜਿੱਕੇ ਡਾਹ ਰਹੇ ਹਨ ਅਤੇ ਕਾਨੂੰਨ ਤੇ ਨਿਆਂ ਦੀ ਬਣਦੀ ਪ੍ਰਕਿਰਿਆ ਵਿੱਚ ਅੜਿੱਕਾ ਡਾਹ ਰਹੇ ਹਨ। ਇਸ ਦੇ ਨਾਲ ਹੀ ਸੀਐਮ ਐਮਕੇ ਸਟਾਲਿਨ ਨੇ ਕਿਹਾ ਹੈ ਕਿ ਰਾਜਪਾਲ ਆਰਐਨ ਰਵੀ ਨੂੰ ਮੰਤਰੀ ਨੂੰ ਹਟਾਉਣ ਦਾ ਅਧਿਕਾਰ ਨਹੀਂ ਹੈ ਅਸੀਂ ਕਾਨੂੰਨੀ ਤੌਰ 'ਤੇ ਇਸਦਾ ਸਾਹਮਣਾ ਕਰਾਂਗੇ।
ਉਹ ਇਸ ਸਮੇਂ ਇੱਕ ਅਪਰਾਧਿਕ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਹੈ, ਜਿਸਦੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਜਾਂਚ ਕੀਤੀ ਜਾ ਰਹੀ ਹੈ। ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਭਾਰਤੀ ਦੰਡਾਵਲੀ ਤਹਿਤ ਕੁਝ ਹੋਰ ਅਪਰਾਧਿਕ ਮਾਮਲੇ ਵੀ ਦਰਜ ਹਨ, ਜਿਨ੍ਹਾਂ ਦੀ ਸੂਬਾ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਰੀਲੀਜ਼ ਵਿੱਚ ਕਿਹਾ ਗਿਆ ਹੈ ਕਿ ਇਸ ਗੱਲ ਦਾ ਖਦਸ਼ਾ ਹੈ ਕਿ ਮੰਤਰੀ ਪ੍ਰੀਸ਼ਦ ਵਿੱਚ ਵੀ ਸੇਂਥਿਲ ਬਾਲਾਜੀ ਦੇ ਬਣੇ ਰਹਿਣ ਨਾਲ ਨਿਰਪੱਖ ਜਾਂਚ ਸਮੇਤ ਕਾਨੂੰਨ ਦੀ ਬਣਦੀ ਪ੍ਰਕਿਰਿਆ 'ਤੇ ਮਾੜਾ ਅਸਰ ਪਵੇਗਾ, ਜਿਸ ਨਾਲ ਰਾਜ ਵਿੱਚ ਸੰਵਿਧਾਨਕ ਮਸ਼ੀਨਰੀ ਢਹਿ ਜਾਵੇਗੀ।