ਨਵੀਂ ਦਿੱਲੀ:ਸਰਕਾਰ ਨੇ ਬੁੱਧਵਾਰ ਨੂੰ ਫਸਲੀ ਸਾਲ 2022-23 ਲਈ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਵਿੱਚ 100 ਰੁਪਏ ਦਾ ਵਾਧਾ ਕਰਕੇ 2,040 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (CCEA) ਨੇ ਫਸਲੀ ਸਾਲ 2022-23 ਲਈ ਸਾਰੀਆਂ ਅਨੁਸੂਚਿਤ ਸਾਉਣੀ (ਗਰਮੀਆਂ) ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਪੱਤਰਕਾਰਾਂ ਨੂੰ ਦੱਸਿਆ, "ਅੱਜ ਦੀ ਕੈਬਨਿਟ ਮੀਟਿੰਗ ਵਿੱਚ 14 ਸਾਉਣੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਮਨਜ਼ੂਰੀ ਦਿੱਤੀ ਗਈ।" ਝੋਨੇ ਦੀ ਆਮ ਕਿਸਮ ਦਾ ਘੱਟੋ-ਘੱਟ ਸਮਰਥਨ ਮੁੱਲ ਪਿਛਲੇ ਸਾਲ 1,940 ਰੁਪਏ ਤੋਂ ਵਧਾ ਕੇ ਫਸਲੀ ਸਾਲ 2022-23 ਲਈ 2,040 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। 'ਏ' ਗ੍ਰੇਡ ਕਿਸਮ ਦੇ ਝੋਨੇ ਦਾ ਸਮਰਥਨ ਮੁੱਲ 1,960 ਰੁਪਏ ਤੋਂ ਵਧਾ ਕੇ 2,060 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।
ਝੋਨਾ ਸਾਉਣੀ ਦੀ ਮੁੱਖ ਫ਼ਸਲ ਹੈ, ਜਿਸ ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ। ਮੌਸਮ ਵਿਭਾਗ ਨੇ ਜੂਨ-ਸਤੰਬਰ ਦੀ ਮਿਆਦ ਲਈ ਆਮ ਮਾਨਸੂਨ ਦੀ ਭਵਿੱਖਬਾਣੀ ਕੀਤੀ ਹੈ। ਮੰਤਰੀ ਨੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖੇਤੀ ਖੇਤਰ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਪਿਛਲੇ ਅੱਠ ਸਾਲਾਂ ਦੌਰਾਨ ਮੋਦੀ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਕਈ ਪ੍ਰੋਗਰਾਮਾਂ ਬਾਰੇ ਵੀ ਚਾਨਣਾ ਪਾਇਆ।
ਕੇਂਦਰੀ ਮੰਤਰੀ ਨੇ ਕਿਹਾ ਕਿ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਦੇ ਹੋਏ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ਦੀਆਂ ਦਰਾਂ ਵਿੱਚ ਇਤਿਹਾਸਕ ਵਾਧਾ ਕੀਤਾ ਹੈ, ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਇਆ ਹੈ ਅਤੇ ਉਨ੍ਹਾਂ ਦੀ ਵਿਕਰੀ ਵੀ ਵਧੀ ਹੈ। ਉਨ੍ਹਾਂ ਕਿਹਾ ਕਿ 2014 ਤੋਂ ਪਹਿਲਾਂ 1-2 ਫਸਲਾਂ ਦੀ ਖਰੀਦ ਕੀਤੀ ਜਾਂਦੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਆਉਣ ਤੋਂ ਬਾਅਦ ਬਾਕੀ ਫ਼ਸਲਾਂ ਨੂੰ ਵੀ ਇਸ ਵਿੱਚ ਜੋੜ ਦਿੱਤਾ ਗਿਆ ਅਤੇ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਇਆ। ਉਨ੍ਹਾਂ ਦੱਸਿਆ ਕਿ ਕੈਬਨਿਟ ਮੀਟਿੰਗ ਵਿੱਚ ਤਿਲਾਂ ਦੀ ਕੀਮਤ ਵਿੱਚ 523 ਰੁਪਏ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੂੰਗੀ 'ਤੇ 480 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋਵੇਗਾ। ਸੂਰਜਮੁਖੀ 'ਤੇ 358 ਰੁਪਏ ਪ੍ਰਤੀ ਕੁਇੰਟਲ। ਮੂੰਗਫਲੀ 'ਤੇ 300 ਰੁਪਏ ਦਾ ਵਾਧਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ :ਸਿੱਧੂ ਮੂਸੇਵਾਲ ਕਤਲਕਾਂਡ: ਭਗੌੜੇ ਮੁਲਜ਼ਮ ਸੌਰਭ ਮਹਾਕਾਲ ਨੂੰ ਪੁਣੇ ਪੁਲਿਸ ਨੇ ਕੀਤਾ ਗ੍ਰਿਫ਼ਤਾਰ