ਅੰਮ੍ਰਿਤਸਰ: ਬੀਤੇ ਕੁਝ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸਿੱਖ ਫ਼ੌਜੀਆਂ ਲਈ ਬੈਲਿਸਟਿਕ ਹੈਲਮੇਟ ਪਾਉਣ ਦੇ ਕਿਸੇ ਵੀ ਕਦਮ ਦਾ ਸਖ਼ਤ ਵਿਰੋਧ ਕੀਤਾ ਹੈ। ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ, ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਇਸ ਮੁੱਦੇ ’ਤੇ ਵਿਚਾਰ ਕਰਨ ਲਈ ਕੌਮੀ ਘੱਟ ਗਿਣਤੀ ਕਮਿਸ਼ਨ (ਐਨਸੀਐਮ) ਦੇ ਮੁਖੀ ਨਾਲ ਮੁਲਾਕਾਤ ਕੀਤੀ। ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕਿਹਾ ਕਿ ਸਿੱਖ ਪਛਾਣ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਦਖਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਫਦ ਨੇ ਕਿਹਾ ਕਿ ਇਸ ਲਈ ਸਿੱਖ ਫੌਜੀਆਂ ਦੇ ਸਿਰਾਂ 'ਤੇ ਹੈਲਮਟ ਕਿਸੇ ਵੀ ਹਾਲਤ 'ਚ ਸਵੀਕਾਰ ਨਹੀਂ ਕੀਤਾ ਜਾ ਸਕਦਾ।
ਕਿਸੇ ਵੀ ਤਰ੍ਹਾਂ ਦਾ ਦਖ਼ਲ ਬਰਦਾਸ਼ਤ ਨਹੀਂ: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਕੌਮੀ ਘੱਟਗਿਣਤੀ ਕਮਿਸ਼ਨ ਵਲੋਂ ਮੀਟਿੰਗ ਕੀਤੀ ਗਈ ਇਸ ਦੌਰਾਨ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸਬੰਧੀ ਸਿੱਖ ਸੰਸਥਾਵਾਂ ਨਾਲ ਵਿਚਾਰ-ਵਟਾਂਦਰੇ ਲਈ ਸੱਦੀ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਸਪੱਸ਼ਟ ਲਫ਼ਜ਼ਾਂ ਵਿਚ ਕਿਹਾ ਕਿ ਸਿੱਖ ਰਹਿਣੀ ਅਤੇ ਪਛਾਣ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦਾ ਦਖ਼ਲ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਇਸ ਲਈ ਕਿਸੇ ਵੀ ਸੂਰਤ ਵਿਚ ਸਿੱਖ ਫ਼ੌਜੀਆਂ ਦੇ ਸਿਰਾਂ ’ਤੇ ਲੋਹਟੋਪ ਪ੍ਰਵਾਨ ਨਹੀਂ ਹੈ।
ਇਹ ਵੀ ਪੜ੍ਹੋ :Headmasters Leave for Singapore: ਪੰਜਾਬ ਦੇ 36 ਮੁੱਖ ਅਧਿਆਪਕ ਸਿੰਗਾਪੁਰ ਲਈ ਰਵਾਨਾ, ਸੀਐਮ ਭਗਵੰਤ ਮਾਨ ਨੇ ਦਿੱਤੀ ਹਰੀ ਝੰਡੀ
ਸਰਕਾਰ ਦੀ ਤਜਵੀਜ਼ ’ਤੇ ਸਖ਼ਤ ਇਤਰਾਜ਼:ਕੌਮੀ ਘੱਟਗਿਣਤੀ ਕਮਿਸ਼ਨ ਦੇ ਦਫ਼ਤਰ ਵਿਚ ਹੋਈ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਭੇਜੇ ਵਫ਼ਦ ਵਿਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਰਘਬੀਰ ਸਿੰਘ ਸਹਾਰਨਮਾਜਰਾ, ਦਿੱਲੀ ਤੋਂ ਸਿੱਖ ਆਗੂ ਭਾਈ ਸੁਖਵਿੰਦਰ ਸਿੰਘ ਬੱਬਰ, ਬੀਬੀ ਰਣਜੀਤ ਕੌਰ ਅਤੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਨੇ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਕੋਲ ਸਿੱਖ ਫੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਸਰਕਾਰ ਦੀ ਤਜਵੀਜ਼ ’ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਆਪਣਾ ਪੱਖ ਰੱਖਿਆ|
ਗੁਰੂ ਸਾਹਿਬਾਨ ਦੁਆਰਾ ਬਖਸ਼ੀ ਦਸਤਾਰ: ਇਸ ਦੌਰਾਨ ਕੁਝ ਸਾਬਕਾ ਸਿੱਖ ਅਧਿਕਾਰੀਆਂ ਅਤੇ ਧਾਰਮਿਕ ਸ਼ਖ਼ਸੀਅਤਾਂ ਦੇ ਨਾਲ ਵਿਚਾਰ-ਵਟਾਂਦਰੇ ਦੀ ਪੇਸ਼ਕਸ਼ ਨੂੰ ਮੂਲੋਂ ਅਪ੍ਰਵਾਨ ਕਰਦਿਆਂ ਆਪਣਾ ਲਿਖਤੀ ਪੱਖ ਦੇ ਕੇ ਆਖਿਆ ਕਿ ਸਿੱਖ ਧਰਮ ਵਿਚ ਜਦ ਟੋਪੀ ਪਾਉਣਾ ਵਰਜਿਤ ਕਰਮ ਹੈ ਤਾਂ ਫਿਰ ਲੋਹਟੋਪ ਪਾਉਣ ਦੇ ਮਾਮਲੇ ਵਿਚ ਕੋਈ ਵੀ ਚਰਚਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਇਤਿਹਾਸ ਵਿਚੋਂ ਮਿਸਾਲਾਂ ਦਿੰਦਿਆਂ ਆਖਿਆ ਕਿ ਵਿਸ਼ਵ ਜੰਗਾਂ, ਭਾਰਤ ਦੀ ਆਜ਼ਾਦੀ ਮਗਰੋਂ ਦੇਸ਼ ਲਈ ਲੜੀਆਂ ਜੰਗਾਂ ਦੌਰਾਨ ਸਿੱਖ ਸਿਪਾਹੀਆਂ ਨੇ ਕਦੇ ਵੀ ਲੋਹਟੋਪ ਨਹੀਂ ਪਹਿਨਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੁਆਰਾ ਬਖਸ਼ੀ ਦਸਤਾਰ ਦੇ ਨਾਲ ਸਿੱਖ ਫ਼ੌਜੀਆਂ ਨੇ ਹਮੇਸ਼ਾ ਦੁਸ਼ਮਣ ਦਾ ਮੁਕਾਬਲਾ ਕੀਤਾ ਅਤੇ ਉਨ੍ਹਾਂ ਨੂੰ ਲੋਹੇ ਦੇ ਚਣੇ ਚਬਾਏ। ਫੌਜ ਵੱਲੋਂ ਸਿੱਖ ਫੌਜੀਆਂ ਲਈ ਹੈਲਮੇਟ ਖਰੀਦਣ ਦੀ ਇੱਛਾ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ।
ਸਿੱਖ ਫ਼ੌਜੀਆਂ ਨੂੰ ਹੈਲਮੈਟ ਪਹਿਨਾਉਣ ਦਾ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ: ਹਾਲਾਂਕਿ, ਇਹ ਵੀ ਇੱਕ ਤੱਥ ਹੈ ਕਿ ਬ੍ਰਿਟਿਸ਼, ਕੈਨੇਡੀਅਨ ਅਤੇ ਆਸਟ੍ਰੇਲੀਅਨ ਫੌਜਾਂ ਵਿੱਚ ਸੇਵਾ ਕਰ ਰਹੇ ਸਿੱਖ ਸੈਨਿਕਾਂ ਨੂੰ ਲੜਾਈ ਦੇ ਹਾਲਾਤ ਵਿੱਚ ਹੈਲਮਟ ਪਹਿਨਣਾ ਜ਼ਰੂਰੀ ਹੈ। ਇਸ ਸਾਲ 9 ਜਨਵਰੀ ਨੂੰ ਸਿੱਖ ਸੈਨਿਕਾਂ ਲਈ ਲਗਭਗ 13,000 ਹੈਲਮਟ ਖਰੀਦਣ ਦੇ ਪ੍ਰਸਤਾਵ ਲਈ ਅਪੀਲ ਕੀਤੀ ਗਈ ਸੀ। ਉਦੋਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਕਈ ਸਿਆਸੀ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਾਮਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਲਿਖਤੀ ਪੱਖ ਕੌਮੀ ਘੱਟਗਿਣਤੀ ਕਮਿਸ਼ਨ ਨੂੰ ਸੌਂਪਦਿਆਂ ਸਿੱਖ ਇਤਿਹਾਸ, ਪਰੰਪਰਾ ਅਤੇ ਸਿੱਖ ਰਹਿਤ ਮਰਿਆਦਾ ਨੂੰ ਧਿਆਨ ਵਿਚ ਰੱਖਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਸਿੱਖ ਫ਼ੌਜੀਆਂ ਨੂੰ ਹੈਲਮੈਟ ਪਹਿਨਾਉਣ ਦਾ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ।