ਨਵੀਂ ਦਿੱਲੀ: 73ਵੇਂ ਗਣਰਾਜ ਦਿਹਾੜੇ (73rd Republic Day) 'ਤੇ ਦੇਸ਼ ਭਰ 'ਚ ਧੂਮ ਮਚੀ ਹੋਈ ਹੈ। ਇਸ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਅੱਤਵਾਦੀ ਹਮਲੇ ਦੇ ਅਲਰਟ ਦੇ ਮੱਦੇਨਜ਼ਰ ਰਾਜਧਾਨੀ ਦਿੱਲੀ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦਿੱਲੀ ਪੁਲਿਸ ਰਾਜਧਾਨੀ ਦੇ ਹਰ ਕੋਨੇ 'ਚ ਗਸ਼ਤ ਕਰ ਰਹੀ ਹੈ। ਦਿੱਲੀ ਦੇ ਨਾਲ ਲੱਗਦੇ ਗੁਆਂਢੀ ਸੂਬਿਆਂ ਦੀ ਪੁਲਿਸ ਵੀ ਅਲਰਟ ਮੋਡ 'ਤੇ ਹੈ। ਗਣਤੰਤਰ ਦਿਵਸ ਮੌਕੇ ਦਿੱਲੀ ਦੀ ਸੁਰੱਖਿਆ ਲਈ 27 ਹਜ਼ਾਰ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ। ਅੱਤਵਾਦੀ ਘਟਨਾਵਾਂ ਨਾਲ ਨਜਿੱਠਣ ਲਈ ਵੀ ਤਿਆਰੀਆਂ ਕੀਤੀਆਂ ਗਈਆਂ ਹਨ।
ਇਸ ਮੌਕੇ 'ਤੇ ਹਥਿਆਰਬੰਦ ਪੁਲਿਸ ਬਲਾਂ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਦੇ ਜਵਾਨ ਵੀ ਤੈਨਾਤ ਕੀਤੇ ਗਏ ਹਨ। ਪੁਲਿਸ ਮੁਤਾਬਕ ਮੁੱਖ ਚੌਰਾਹਿਆਂ 'ਤੇ ਚਿਹਰੇ ਦੀ ਪਛਾਣ ਕਰਨ ਵਾਲੇ ਸਾਫਟਵੇਅਰ ਨਾਲ ਲੈਸ ਸੀਸੀਟੀਵੀ ਲਗਾਏ ਗਏ ਹਨ। ਇਸ ਤੋਂ ਇਲਾਵਾ ਡਰੋਨ ਨੂੰ ਤਬਾਹ ਕਰਨ ਵਾਲੇ ਯੰਤਰ ਵੀ ਲਗਾਏ ਗਏ ਹਨ।
ਦਿੱਲੀ ਨਾਲ ਲੱਗਦੀਆਂ ਟਿੱਕਰੀ, ਸਿੰਘੂ ਅਤੇ ਗਾਜ਼ੀਪੁਰ ਵਰਗੀਆਂ ਪ੍ਰਮੁੱਖ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਿਕ ਵਾਧੂ ਚੌਕੀਆਂ ਬਣਾਈਆਂ ਗਈਆਂ ਹਨ। ਪਿਛਲੇ ਸਾਲ ਸਥਿਤੀ ਉਦੋਂ ਵਿਗੜ ਗਈ ਸੀ ਜਦੋਂ ਪ੍ਰਦਰਸ਼ਨਕਾਰੀ ਕਿਸਾਨ ਲਾਲ ਕਿਲ੍ਹੇ ਵਿੱਚ ਦਾਖ਼ਲ ਹੋ ਗਏ ਸੀ। ਇਸ ਤੋਂ ਸਬਕ ਲੈਂਦਿਆਂ ਦਿੱਲੀ ਪੁਲਿਸ ਨੇ ਇਸ ਸਾਲ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਦਿੱਲੀ ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਦਿੱਲੀ 'ਚ ਸਾਰੇ ਵਪਾਰਕ ਵਾਹਨਾਂ ਦੇ ਦਾਖਲੇ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸਿਰਫ਼ ਲੰਘਣ ਵਾਲੇ ਵਾਹਨਾਂ ਨੂੰ ਹੀ ਐਂਟਰੀ ਦਿੱਤੀ ਜਾ ਰਹੀ ਹੈ।