ਅਗਰਤਲਾ:ਤ੍ਰਿਪੁਰਾ ਵਿੱਚ ਕੋਰੋਨਾ ਦੇ ਦੌਰ ਵਿੱਚ ਸਕੂਲ ਬੰਦ ਹੋਣ ਕਾਰਨ ਕਈ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਅੱਧ ਵਿੱਚ ਛੱਡਣੀ ਪਈ। ਹੁਣ ਸੂਬਾ ਸਰਕਾਰ ਨੇ ਉਨ੍ਹਾਂ ਬੱਚਿਆਂ ਨੂੰ ਸਕੂਲ ਵਾਪਸ ਲਿਆਉਣ ਲਈ ਨਵੀਂ ਯੋਜਨਾ ਸ਼ੁਰੂ ਕੀਤੀ ਹੈ। ਸਰਕਾਰ ਦੇ 'ਵਿਦਿਆਲਿਆ ਚਲੋ ਅਭਿਆਨ' ਪ੍ਰੋਗਰਾਮ ਦੇ ਹਿੱਸੇ ਵਜੋਂ 'ਆਰਨ ਵਿਦ ਲਰਨ' ਸਕੀਮ ਤਹਿਤ ਵਿਦਿਆਰਥੀਆਂ ਨੂੰ ਕਲਾਸਾਂ ਵਿੱਚ ਵਾਪਸ ਬੁਲਾਇਆ ਜਾਵੇਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖਿਆ ਮੰਤਰੀ ਰਤਨ ਲਾਲ ਨਾਥ ਨੇ ਕਿਹਾ ਕਿ ਸੂਬੇ ਵਿੱਚ ਕੋਵਿਡ-19 ਦੌਰਾਨ ਛੇ ਤੋਂ 14 ਸਾਲ ਦੀ ਉਮਰ ਦੇ ਕਰੀਬ 8,000 ਵਿਦਿਆਰਥੀਆਂ ਨੇ ਸਕੂਲ ਛੱਡ ਦਿੱਤਾ ਸੀ। ਇਹ ਸਕੀਮ ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਸਕੂਲ ਵਾਪਸ ਲਿਆਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸੂਬੇ ਵਿੱਚ ਵਿਆਪਕ ਪੱਧਰ 'ਤੇ ਘਰ-ਘਰ ਜਾ ਕੇ ਸਰਵੇਖਣ ਕੀਤਾ ਜਾਵੇਗਾ। ਸਰਵੇਖਣ ਦਾ ਕੰਮ ਕਾਲਜਾਂ ਦੇ ਤੀਜੇ ਸਾਲ ਦੇ ਵਿਦਿਆਰਥੀਆਂ ਅਤੇ ਵਲੰਟੀਅਰਾਂ ਵੱਲੋਂ ਕੀਤਾ ਜਾਵੇਗਾ।