ਪੰਜਾਬ

punjab

ETV Bharat / bharat

Free Sanitary Pads:ਪੰਜਾਬ ‘ਚ ‘‘ਉਡਾਣ ਯੋਜਨਾ" ਦੀ ਸ਼ੁਰੂਆਤ, ਮੁਫ਼ਤ ਮਿਲਣਗੇ ਸੈਨੇਟਰੀ ਪੈਡ - Punjab

ਪਹਿਲੇ ਪੜਾਅ ਅਧੀਨ 27,314 ਆਂਗਣਵਾੜੀ ਕੇਂਦਰਾਂ ਦੇ ਵਰਕਰਾਂ ਅਤੇ ਹੈਲਪਰਾਂ ਰਾਹੀਂ 13,65,700 ਲਾਭਪਾਤਰੀਆਂ ਨੂੰ ਕੁੱਲ 1,22,91,300 ਸੈਨੇਟਰੀ ਪੈਡ ਵੰਡੇ ਜਾਣਗੇ। ਲੋੜ ਪੈਣ `ਤੇ ਆਸ਼ਾ, ਏ.ਐੱਨ.ਐੱਮ., ਸਥਾਨਕ ਸਰਕਾਰਾਂ ਵਿਭਾਗ ਅਧੀਨ ਕੰਮ ਕਰਨ ਵਾਲੇ ਕਰਮਚਾਰੀਆਂ ਅਤੇ ਸਥਾਨਕ ਵਲੰਟੀਅਰਾਂ ਆਦਿ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ ਜਾਂ ਜਿੱਥੇ ਆਂਗਣਵਾੜੀ ਕੇਂਦਰ ਮੌਜੂਦ ਨਹੀਂ ਹਨ, ਉਥੇ ਲਗਾਇਆ ਜਾ ਸਕਦਾ ਹੈ।

Free Sanitary Pads
Free Sanitary Pads

By

Published : May 28, 2021, 7:24 PM IST

ਚੰਡੀਗੜ੍ਹ :ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ, ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ‘ਵਿਸ਼ਵ ਮਾਸਿਕ ਧਰਮ ਸਵੱਛਤਾ ਦਿਵਸ’ ਮੌਕੇ ਸੂਬੇ ਵਿੱਚ ਮਹਿਲਾ-ਸ਼ਕਤੀਕਰਣ ਲਈ ‘‘ਉਡਾਣ ਯੋਜਨਾ" ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸੂਬੇ ਦੀਆਂ ਲੋੜਵੰਦ ਪਰਿਵਾਰਾਂ ਦੀਆਂ ਮਹਿਲਾਵਾਂ ਅਤੇ ਲੜਕੀਆਂ ਨੂੰ ਹਰ ਮਹੀਨੇ ਮੁਫ਼ਤ ਸੈਨੇਟਰੀ ਪੈਡ ਵੰਡੇ ਜਾਣਗੇ। ਸੂਬੇ ਭਰ ਵਿੱਚ 1500 ਥਾਵਾਂ `ਤੇ ਲਾਈਵ ਪ੍ਰਸਾਰਿਤ ਕੀਤੀ ਗਈ ਵੀਡੀਓ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮਹਿਲਾਵਾਂ/ ਲੜਕੀਆਂ ਨੂੰ ਮਾਸਿਕ ਧਰਮ ਸਬੰਧੀ ਬਿਮਾਰੀਆਂ ਤੋਂ ਬਚਾਉਣਾ, ਮਾਸਿਕ ਧਰਮ ਦੌਰਾਨ ਸਫ਼ਾਈ ਪ੍ਰਤੀ ਜਾਗਰੂਕ ਕਰਨਾ, ਮੁੱਢਲੇ ਸਫ਼ਾਈ ਉਤਪਾਦਾਂ ਤੱਕ ਪਹੁੰਚ ਵਧਾਉਣਾ, ਮਹਿਲਾਵਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣਾ ਹੈ, ਔਰਤਾਂ ਦੇ ਸਵੈ-ਮਾਣ ਨੂੰ ਵਧਾਉਣਾ ਅਤੇ ਸੈਨੇਟਰੀ ਪੈਡਾਂ ਦਾ ਸੁਰੱਖਿਅਤ ਨਿਬੇੜਾ ਯਕੀਨੀ ਬਣਾਉਣਾ ਹੈ।


ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਨਵੀਂ ਯੋਜਨਾ ਤਹਿਤ ਸਕੂਲ ਛੱਡ ਚੁੱਕੀਆਂ ਲੜਕੀਆਂ/ਸਕੂਲ ਤੋਂ ਬਾਹਰ ਦੀਆਂ ਲੜਕੀਆਂ, ਕਾਲਜ ਨਾ ਜਾਣ ਵਾਲੀਆਂ ਲੜਕੀਆਂ, ਬੀਪੀਐਲ ਪਰਿਵਾਰਾਂ ਦੀਆਂ ਮਹਿਲਾਵਾਂ, ਝੁੱਗੀ-ਝੌਂਪੜੀ ਵਿੱਚ ਰਹਿਣ ਵਾਲੀਆਂ ਅਤੇ ਬੇਘਰ ਮਹਿਲਾਵਾਂ, ਟੱਪਰੀਵਾਸ ਪਰਿਵਾਰਾਂ ਦੀਆਂ ਔਰਤਾਂ ਅਤੇ ਨੀਲੇ ਕਾਰਡ ਧਾਰਕ ਤੇ ਦੂਜੇ ਵਿਭਾਗਾਂ ਦੀ ਕਿਸੇ ਵੀ ਸਕੀਮ ਤਹਿਤ ਮੁਫ਼ਤ/ਸਬਸਿਡੀ ਵਾਲੇ ਸੈਨੇਟਰੀ ਪੈਡਾਂ ਦਾ ਲਾਭ ਨਹੀਂ ਲੈ ਰਹੀਆਂ ਔਰਤਾਂ ਨੂੰ ਇਸ ਸਕੀਮ ਤਹਿਤ ਕਵਰ ਕੀਤਾ ਜਾਵੇਗਾ, ਜਿਸ ਉਤੇ 40.55 ਕਰੋੜ ਰੁਪਏ ਸਾਲਾਨਾ ਦਾ ਖਰਚ ਆਵੇਗਾ।


ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਲਾਭਪਾਤਰੀਆਂ ਨੂੰ 27,314 ਆਂਗਣਵਾੜੀ ਕੇਂਦਰਾਂ ਦੇ ਸੂਬਾ ਪੱਧਰੀ ਨੈੱਟਵਰਕ ਰਾਹੀਂ ਕਵਰ ਕੀਤਾ ਜਾਵੇਗਾ। ਹਰੇਕ ਆਂਗਣਵਾੜੀ ਕੇਂਦਰ ਰਾਹੀਂ ਲਗਭਗ 50 ਲਾਭਪਾਤਰੀਆਂ ਨੂੰ ਕਵਰ ਕੀਤਾ ਜਾਵੇਗਾ, ਕਿਉਂਕਿ ਹਰੇਕ ਆਂਗਣਵਾੜੀ ਕੇਂਦਰ ਅਧੀਨ 400 ਪਰਿਵਾਰ ਆਉਂਦੇ ਹਨ। ਜੇ ਮੁਫ਼ਤ ਸੈਨੇਟਰੀ ਪੈਡਾਂ ਦਾ ਲਾਭ ਲੈਣ ਲਈ 50 ਤੋਂ ਵੱਧ ਲਾਭਪਾਤਰੀ ਆਂਗਣਵਾੜੀ ਕੇਂਦਰਾਂ ਵਿਖੇ ਆਉਂਦੇ ਹਨ ਤਾਂ ਉਨ੍ਹਾਂ ਨੂੰ ਉਸੇ ਅਨੁਸਾਰ ਸੈਨੇਟਰੀ ਪੈਡ ਮੁਹੱਈਆ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਹਰੇਕ ਲਾਭਪਾਤਰੀ ਨੂੰ ਹਰ ਮਹੀਨੇ ਵੱਧ ਤੋਂ ਵੱਧ 9 ਸੈਨੇਟਰੀ ਪੈਡ ਦਿੱਤੇ ਜਾਣਗੇ।"

ਅਰੁਨਾ ਚੌਧਰੀ ਨੇ ਦੱਸਿਆ ਕਿ ਪਹਿਲੇ ਪੜਾਅ ਅਧੀਨ 27,314 ਆਂਗਣਵਾੜੀ ਕੇਂਦਰਾਂ ਦੇ ਵਰਕਰਾਂ ਅਤੇ ਹੈਲਪਰਾਂ ਰਾਹੀਂ 13,65,700 ਲਾਭਪਾਤਰੀਆਂ ਨੂੰ ਕੁੱਲ 1,22,91,300 ਸੈਨੇਟਰੀ ਪੈਡ ਵੰਡੇ ਜਾਣਗੇ। ਉਹਨਾਂ ਸਪੱਸ਼ਟ ਤੌਰ `ਤੇ ਕਿਹਾ ਕਿ ਲੋੜ ਪੈਣ `ਤੇ ਆਸ਼ਾ, ਏ.ਐੱਨ.ਐੱਮ., ਸਥਾਨਕ ਸਰਕਾਰਾਂ ਵਿਭਾਗ ਅਧੀਨ ਕੰਮ ਕਰਨ ਵਾਲੇ ਕਰਮਚਾਰੀਆਂ ਅਤੇ ਸਥਾਨਕ ਵਲੰਟੀਅਰਾਂ ਆਦਿ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ ਜਾਂ ਜਿੱਥੇ ਆਂਗਣਵਾੜੀ ਕੇਂਦਰ ਮੌਜੂਦ ਨਹੀਂ ਹਨ, ਉਥੇ ਲਗਾਇਆ ਜਾ ਸਕਦਾ ਹੈ।

ਸਕੀਮ ਦੀ ਸਮੁੱਚੀ ਪ੍ਰਗਤੀ `ਤੇ ਨਿਗਰਾਨੀ ਲਈ ਸਟੇਟ ਟਾਸਕ ਫੋਰਸ


ਚੌਧਰੀ ਨੇ ਦੱਸਿਆ ਕਿ ਇਸ ਸਕੀਮ ਦੀ ਸਮੁੱਚੀ ਪ੍ਰਗਤੀ ਅਤੇ ਨਿਰਵਿਘਨ ਲਾਗੂ ਕਰਨ ਦੀ ਨਿਗਰਾਨੀ ਕਰਨ ਲਈ ਵੱਖ ਵੱਖ ਸਬੰਧਤ ਵਿਭਾਗ ਦੇ ਉੱਚ ਪੱਧਰੀ ਅਫ਼ਸਰਾਂ ਸਮੇਤ ਸਟੇਟ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਨੈਪਕਿਨ ਦੀ ਮਿਆਰ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਹਰ ਮਹੀਨੇ ਸੈਨੇਟਰੀ ਨੈਪਕਿਨ ਦੀ ਕੁਆਲਟੀ ਟੈਸਟਿੰਗ ਸਰਕਾਰ ਵੱਲੋਂ ਮਨਜ਼ੂਰ ਪ੍ਰਵਾਨਿਤ ਸੂਚੀਬੱਧ ਲੈਬਾਰਟਰੀਆਂ ਵਿਖੇ ਕੀਤੀ ਜਾਵੇਗੀ। ਬਲਾਕ ਪੱਧਰ `ਤੇ ਵੰਡੇ ਜਾਣ ਨੈਪਕਿਨਜ਼ ਦੇ ਹਰੇਕ ਬੈਚ ਵਿੱਚੋਂ ਸੈਂਪਲ ਲਏ ਜਾਂਦੇ ਹਨ।
ਆਪਣੇ ਸੰਬੋਧਨ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ ਨੇ ਕਿਹਾ ਕਿ ਮਾਸਿਕ ਧਰਮ ਦੌਰਾਨ ਸਿਹਤ ਅਤੇ ਸਫ਼ਾਈ ਦੀ ਘਾਟ ਕਾਰਨ ਔਰਤਾਂ ਅਤੇ ਲੜਕੀਆਂ ਵਿੱਚ ਆਤਮ ਵਿਸ਼ਵਾਸ ਘਟਦਾ ਹੈ। ਇਸ ਸਭ ਦਾ ਉਨ੍ਹਾਂ ਦੇ ਜੀਵਨ ਤੇ ਆਰਥਿਕਤਾ ਉਤੇ ਮਾੜਾ ਪ੍ਰਭਾਵ ਪੈਂਦਾ ਹੈ, ਜਿਸ ਨਾਲ ਉਨ੍ਹਾਂ ਦੀ ਸੁਤੰਤਰਤਾ ਅਤੇ ਮੌਕੇ ਸੀਮਿਤ ਹੁੰਦੇ ਹਨ।ਸਕੂਲ, ਕਾਲਜ ਅਤੇ ਸਮਾਜਿਕ ਜੀਵਨ ਵਿੱਚ ਸ਼ਮੂਲੀਅਤ ਪ੍ਰਭਾਵਤ ਹੁੰਦੀ ਹੈ, ਤਣਾਅ ਅਤੇ ਚਿੰਤਾ ਵਧਦੀ ਹੈ।
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਦੇ ਡਾਇਰੈਕਟਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਵਿਭਾਗ ਲਾਭਪਾਤਰੀਆਂ ਦੀ ਗਿਣਤੀ ਅਤੇ ਸੈਨੇਟਰੀ ਪੈਡਾਂ ਦੀ ਲੋੜ ਸਬੰਧੀ ਇਕ ਡੇਟਾ ਬੈਂਕ ਬਣਾਏਗਾ ਤਾਂ ਜੋ ਆਂਗਨਵਾੜੀ ਕੇਂਦਰਾਂ ਵੱਲੋਂ ਲਾਭਪਾਤਰੀਆਂ ਦੀ ਲੋੜ ਅਨੁਸਾਰ ਸੈਨੇਟਰੀ ਪੈਡਾਂ ਦੀ ਵੰਡ ਕੀਤੀ ਜਾ ਸਕੇ, ਇਸ ਦੇ ਨਾਲ ਹੀ ਯੋਜਨਾ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਇਸ ਦਾ ਲਾਭ ਹਰੇਕ ਲਾਭਪਾਤਰੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾ ਸਕੇ।
ਇਸ ਸਮਾਗਮ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਜੁਆਇੰਟ ਸਕੱਤਰ ਵਿੰਮੀ ਭੁੱਲਰ ਅਤੇ ਵਧੀਕ ਡਾਇਰੈਕਟਰ ਲਿਲੀ ਚੌਧਰੀ ਵੀ ਹਾਜ਼ਰ ਸਨ।

ABOUT THE AUTHOR

...view details