ਹੈਦਰਾਬਾਦ ਡੈਸਕ: ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਧਰਮ ਤੋਂ ਆਪਣਾ ਪੂਰਾ ਪਰਿਵਾਰ ਵਾਰ ਦਿੱਤਾ। ਇਸ ਮਹਾਨ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋਂ ਸਾਹਿਬਜ਼ਾਦਿਆਂ ਨੇ ਵੀ ਸਿੱਖ ਧਰਮ ਲਈ ਆਪਣੇ ਪ੍ਰਾਣ ਤਿਆਗ ਦਿੱਤੇ, ਪਰ ਮੁਗ਼ਲਾ ਅੱਗੇ ਝੁਕੇ ਨਹੀਂ ਅਤੇ ਸ਼ਹਾਦਤ ਦਾ ਜਾਮ ਪੀਤਾ। ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ।
ਵੀਰ ਬਾਲ ਦਿਵਸ ਮਨਾਉਣ ਦਾ ਖਾਸ ਮਕਸਦ: ਇਸ ਦਿਹਾੜੇ ਨੂੰ ਮਨਾਉਣ ਲਈ, ਸਰਕਾਰ ਵੱਲੋਂ ਦੇਸ਼ ਭਰ ਵਿੱਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਕਰਵਾਏ ਜਾਂਦੇ ਹਨ, ਤਾਂ ਜੋ ਖਾਸ ਕਰਕੇ ਛੋਟੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਅਦੁੱਤੀ ਬਹਾਦਰੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ। ਇੰਨਾਂ ਹੀ ਨਹੀਂ, ਭਾਰਤ ਸਰਕਾਰ ਵਲੋਂ, 'ਵੀਰ ਬਾਲ ਦਿਵਸ' 'ਤੇ ਬਣੀ ਫਿਲਮ ਵੀ ਦੇਸ਼ ਭਰ 'ਚ ਦਿਖਾਈ ਜਾਵੇਗੀ। MyBharat ਅਤੇ MyGov ਪੋਰਟਲ ਰਾਹੀਂ ਇੰਟਰਐਕਟਿਵ ਕਵਿਜ਼ ਵਰਗੇ ਵੱਖ-ਵੱਖ ਔਨਲਾਈਨ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ।
ਪਿਛਲੇ ਸਾਲ ਪੀਐਮ ਮੋਦੀ ਨੇ ਕੀਤਾ ਸੀ ਐਲਾਨ: 9 ਜਨਵਰੀ, 2022 ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਸੀ ਕਿ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹੀਦੀ ਦੀ ਯਾਦ ਵਿੱਚ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ, ਜੋਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਪੁੱਤਰ ਸਨ।
ਦਿੱਲੀ ਵਿੱਚ ਵੀਰ ਬਾਲ ਦਿਵਸ ਤਹਿਤ ਸਮਾਗਮ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿੱਚ ਵੀਰ ਬਾਲ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਦਿੱਲੀ ਦੇ ਭਾਰਤ ਮੰਡਪਮ 'ਚ ਵੀਰ ਬਾਲ ਦਿਵਸ ਸਮਾਰੋਹ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਵੀਰ ਬਾਲ ਦਿਵਸ ਭਾਰਤੀਤਾ ਦੀ ਰੱਖਿਆ ਲਈ ਕਿਸੇ ਵੀ ਹੱਦ ਤੱਕ ਜਾਣ ਦਾ ਪ੍ਰਤੀਕ ਹੈ। ਪੀਐਮ ਮੋਦੀ ਨੇ ਕਿਹਾ ਕਿ ਅੱਜ ਦੇਸ਼ ਵੀਰ ਸਾਹਿਬਜ਼ਾਦਿਆਂ ਦੀ ਅਮਰ ਕੁਰਬਾਨੀ ਨੂੰ ਯਾਦ ਕਰ ਰਿਹਾ ਹੈ ਅਤੇ ਉਨ੍ਹਾਂ ਤੋਂ ਪ੍ਰੇਰਨਾ ਲੈ ਰਿਹਾ ਹੈ।
ਅੰਤਰ-ਰਾਸ਼ਟਰੀ ਪੱਧਰ ਉੱਤੇ ਸਮਾਗਮ:ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਵੀਰ ਬਾਲ ਦਿਵਸ ਹੁਣ ਅੰਤਰਰਾਸ਼ਟਰੀ ਪੱਧਰ 'ਤੇ ਵੀ ਮਨਾਇਆ ਜਾ ਰਿਹਾ ਹੈ। ਬ੍ਰਿਟੇਨ, ਆਸਟ੍ਰੇਲੀਆ, ਨਿਊਜ਼ੀਲੈਂਡ, ਯੂ.ਏ.ਈ ਅਤੇ ਗ੍ਰੀਸ 'ਚ ਵੀ ਵੀਰ ਬਾਲ ਦਿਵਸ ਨਾਲ ਸਬੰਧਿਤ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਬਹਾਦਰ ਸਾਹਿਬਜ਼ਾਦਿਆਂ ਬਾਰੇ ਸਾਰੀ ਦੁਨੀਆ ਜਾਣੇਗੀ। ਦੂਜੇ ਪਾਸੇ, ਯੂਏਈ ਤੋਂ ਸਿੱਖ ਸੰਗਤ ਵਲੋਂ ਵੀ ਮੋਦੀ ਸਰਕਾਰ ਦਾ ਧੰਨਵਾਦ ਕੀਤਾ ਗਿਆ ਕਿ ਉਨ੍ਹਾਂ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਇਤਿਹਾਸ ਤੋਂ ਪੂਰੀ ਦੁਨੀਆਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ।
ਪੰਜਾਬ ਵਿੱਚ ਸ਼ਹੀਦੀ ਸਭਾ:ਪੰਜਾਬ ਦੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 26 ਦਸੰਬਰ ਤੋਂ 28 ਦਸੰਬਰ ਤੱਕ ਸ਼ਹੀਦੀ ਜੋੜ ਮੇਲ ਦੇ ਸਮਾਗਮ ਚੱਲ ਰਹੇ ਹਨ। ਇਨ੍ਹਾਂ ਦਿਨਾਂ ਨੂੰ ਸ਼ਹੀਦੀ ਸਭਾ ਵਜੋਂ ਵੀ ਮਨਾਇਆ ਜਾਂਦਾ ਹੈ। ਪੰਜਾਬ ਸਰਕਾਰ ਵਲੋਂ ਇਨ੍ਹਾਂ ਤਿੰਨ ਦਿਨਾਂ ਲਈ ਜ਼ਿਲ੍ਹੇ ਅੰਦਰ ਸ਼ਰਾਬ ਦੇ ਠੇਕੇ ਵੀ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।