ਨਵੀਂ ਦਿੱਲੀ: ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਖਿਲਾਫ ਭਾਰਤੀ ਸਟਾਰ ਪਹਿਲਵਾਨਾਂ ਦਾ ਦਿੱਲੀ ਦੇ ਜੰਤਰ-ਮੰਤਰ 'ਤੇ ਵਿਰੋਧ ਪ੍ਰਦਰਸ਼ਨ ਜਾਰੀ ਹੈ। ਵਿਰੋਧ ਕਰ ਰਹੇ ਕੁਝ ਪਹਿਲਵਾਨਾਂ ਨੇ ਖੇਡ ਮੰਤਰੀ ਨਾਲ ਮੁਲਾਕਾਤ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਸਰਕਾਰ ਦੇ ਖੇਡ ਮੰਤਰਾਲੇ ਨੇ ਬ੍ਰਿਜ ਭੂਸ਼ਣ ਸਿੰਘ ਨੂੰ 24 ਘੰਟਿਆਂ ਦੇ ਅੰਦਰ ਅਸਤੀਫਾ ਦੇਣ ਲਈ ਕਿਹਾ ਹੈ। ਇਸ ਦੇ ਨਾਲ ਹੀ ਹੁਣ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਵੀ ਪਹਿਲਵਾਨਾਂ ਦੇ ਸਮਰਥਨ 'ਚ ਆ ਗਈ ਹੈ।
ਇਹ ਵੀ ਪੜੋ:WFI ਪ੍ਰਧਾਨ ਖ਼ਿਲਾਫ਼ ਪਹਿਲਵਾਨਾਂ ਦਾ ਪ੍ਰਦਰਸ਼ਨ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ...
ਖੇਡ ਫੈਡਰੇਸ਼ਨ ਨੂੰ ਭੇਜਿਆ ਨੋਟਿਸ: ਇਸ ਦੇ ਨਾਲ ਹੀ ਪਹਿਲਵਾਨ ਬਜਰੰਗ ਪੂਨੀਆ, ਵਿਨੇਸ਼ ਫੋਗਾਟ, ਸਾਕਸ਼ੀ ਮਲਿਕ, ਬਬੀਤਾ ਫੋਗਾਟ, ਸਤਿਆਵਰਤ ਅਤੇ ਅੰਸ਼ੂ ਮਲਿਕ ਖੇਡ ਮੰਤਰੀ ਅਨੁਰਾਗ ਠਾਕੁਰ ਨੂੰ ਮਿਲਣ ਲਈ ਦਿੱਲੀ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਪਹੁੰਚੇ। ਦੱਸਿਆ ਜਾ ਰਿਹਾ ਹੈ ਕਿ ਖੇਡ ਮੰਤਰੀ ਨੇ ਸਾਰੇ ਪਹਿਲਵਾਨਾਂ ਨੂੰ ਰਾਤ 10 ਵਜੇ ਡਿਨਰ ਲਈ ਬੁਲਾਇਆ। ਇਸ ਦੇ ਨਾਲ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਦੇ ਇਲਜ਼ਾਮ ਗੰਭੀਰ ਹਨ, ਉਨ੍ਹਾਂ ਦੀ ਜਾਂਚ ਕੀਤੀ ਜਾਵੇਗੀ। ਖੇਡ ਫੈਡਰੇਸ਼ਨ ਨੂੰ ਨੋਟਿਸ ਭੇਜ ਕੇ 72 ਘੰਟਿਆਂ ਵਿੱਚ ਜਵਾਬ ਦੇਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਹਰਿਆਣਾ ਦੀ ਖਾਪ ਪੰਚਾਇਤ ਨੇ ਪਹਿਲਵਾਨਾਂ ਦੇ ਸਮਰਥਨ 'ਚ ਦਿੱਲੀ ਤੱਕ ਮਾਰਚ ਕਰਨ ਦੀ ਚਿਤਾਵਨੀ ਦਿੱਤੀ ਹੈ।
ਏਬੀਵੀਪੀ ਵੱਲੋਂ ਧਰਨੇ ਦਾ ਸਮਰਥਨ:ਦੂਜੇ ਪਾਸੇ ਏਬੀਵੀਪੀ ਨੇ ਧਰਨੇ ਵਾਲੀ ਥਾਂ ’ਤੇ ਪਹਿਲਵਾਨਾਂ ਦੇ ਅੰਦੋਲਨ ਦਾ ਸਮਰਥਨ ਕੀਤਾ। ਏਵੀਵੀਪੀ ਨੇ ਕਿਹਾ ਹੈ ਕਿ ਖਿਡਾਰੀ ਦੇਸ਼ ਦਾ ਮਾਣ ਅਤੇ ਸਨਮਾਨ ਹਨ। ਇਸ ਲਈ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਖਿਡਾਰੀਆਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਨੂੰ ਲੈ ਕੇ ਸਰਕਾਰ ਨੂੰ ਉੱਚ ਪੱਧਰੀ ਕਮੇਟੀ ਬਣਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਕਰਨਾ ਚਾਹੀਦਾ ਹੈ।