ਨਵੀ ਦਿੱਲੀ : ਕੇਂਦਰ ਸਰਕਾਰ ਨੇ ਸਾਫ ਕਰ ਦਿੱਤਾ ਹੈ ਕਿ ਅਗਨੀਪਥ ਯੋਜਨਾ ਵਾਪਸ ਨਹੀਂ ਲਈ ਜਾਵੇਗੀ ਅਤੇ ਯੋਜਨਾ ਤਹਿਤ ਫੌਜ ਵਿੱਚ ਭਰਤੀ ਹੋਣ ਵਾਲੇ ਉਮੀਦਵਾਰਾਂ ਨੂੰ ਇਹ ਸਹੁੰ ਚੁੱਕਣੀ ਪਵੇਗੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅੱਗਜ਼ਨੀ ਜਾਂ ਵਿਰੋਧ ਪ੍ਰਦਰਸ਼ਨ ਦਾ ਹਿੱਸਾ ਨਹੀਂ ਬਣੇ ਸਨ। ਏਐਨਆਈ ਦੀ ਖਬਰ ਮੁਤਾਬਕ, ਰੱਖਿਆ ਮੰਤਰਾਲੇ ਦੇ ਵਧੀਕ ਸਕੱਤਰ ਲੈਫਟੀਨੈਂਟ ਜਨਰਲ ਅਨਿਲ ਪਾਂਡੇ ਨੇ ਕਿਹਾ, ਅਨੁਸ਼ਾਸਨ ਭਾਰਤੀ ਫੌਜ ਦੀ ਨੀਂਹ ਹੈ। ਇੱਥੇ ਸਾੜ-ਫੂਕ ਜਾਂ ਵਿਰੋਧ ਦੀ ਕੋਈ ਥਾਂ ਨਹੀਂ ਹੈ। ਉਹਨਾਂ ਕਿਹਾ ਕਿ ਇਸ ਦੇ ਤਹਿਤ ਭਰਤੀ ਹੋਣ ਵਾਲੇ ਸਾਰਿਆਂ ਨੂੰ ਪ੍ਰਮਾਣ ਪੱਤਰ ਦੇਣਾ ਹੋਵੇਗਾ ਕਿ ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦੇ ਵਿਰੋਧ ਜਾਂ ਭੰਨ-ਤੋੜ ਵਿੱਚ ਹਿੱਸਾ ਨਹੀਂ ਲਿਆ। ਇਸ ਦੇ ਲਈ ਪੁਲਿਸ ਤੋਂ ਸੌ ਫੀਸਦੀ ਤਸਦੀਕ ਕਰਵਾਉਣੀ ਜ਼ਰੂਰੀ ਹੋਵੇਗੀ।
ਲੈਫਟੀਨੈਂਟ ਜਨਰਲ ਅਰੁਣ ਪੁਰੀ ਨੇ ਕਿਹਾ ਕਿ ਜੇਕਰ ਕਿਸੇ ਉਮੀਦਵਾਰ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ ਤਾਂ ਉਹ ਫੌਜ 'ਚ ਭਰਤੀ ਨਹੀਂ ਹੋ ਸਕਦਾ। ਉਮੀਦਵਾਰਾਂ ਨੂੰ ਲਿਖਤੀ ਰੂਪ ਵਿੱਚ ਦੇਣ ਲਈ ਕਿਹਾ ਜਾਵੇਗਾ ਕਿ ਉਨ੍ਹਾਂ ਨੇ ਅੱਗਜ਼ਨੀ ਜਾਂ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਨਹੀਂ ਲਿਆ ਹੈ। ਉਨ੍ਹਾਂ ਦੀ ਪੁਲਿਸ ਵੈਰੀਫਿਕੇਸ਼ਨ ਵੀ ਕਰਵਾਈ ਜਾਵੇ।