ਪਟਿਆਲਾ: ਨਾਭਾ ਜੇਲ੍ਹ 'ਚ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਮੁਲਜ਼ਮ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਦੇ ਬਾਅਦ ਪੰਜਾਬ ਦੀ ਕੈਪਟਨ ਸਰਕਾਰ ਹਰਕਤ ਵਿੱਚ ਆ ਗਈ ਹੈ। ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦੇਣ ਦੇ ਨਾਲ-ਨਾਲ ਜੇਲ੍ਹ ਅਧਿਕਾਰੀਆਂ 'ਤੇ ਵੀ ਕਾਰਵਾਈ ਕੀਤੀ ਹੈ। ਉੱਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਜੇਲ੍ਹ ਦੇ ਉੱਚ ਪੁਲਿਸ ਅਧਿਕਾਰੀ ਨੂੰ ਤਿੰਨ ਦਿਨਾਂ 'ਚ ਮਾਮਲੇ ਦੀ ਰਿਪੋਰਟ ਦੇਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧੀ ਟਵੀਟ ਵੀ ਕੀਤਾ ਹੈ।
ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਦੇ ਕਤਲ ਮਗਰੋਂ ਹਰਕਤ 'ਚ ਕੈਪਟਨ ਸਰਕਾਰ - patiala
ਨਾਭਾ ਜੇਲ੍ਹ ਵਿੱਚ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਮੁਲਜ਼ਮ ਦੇ ਕਤਲ ਤੋਂ ਬਾਅਦ ਕੈਪਟਨ ਸਰਕਾਰ ਨੇ ਕਾਰਵਾਈ ਕਰਦਿਆਂ ਇਸ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਕਰਵਾਉਣ ਦੇ ਹੁਕਮ ਦੇ ਦਿੱਤੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 3 ਦਿਨਾਂ 'ਚ ਇਸ ਮਾਮਲੇ ਦੀ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ।
ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜੇਲ੍ਹ ਸੁਪਰੀਡੈਂਟ ਅਤੇ ਬੈਰਕ ਇੰਚਾਰਜ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਏਡੀਜੀਪੀ ਜੇਲ੍ਹ ਰੋਹਿਤ ਚੌਧਰੀ ਨੂੰ ਮਾਮਲੇ ਦੀ ਜਾਂਚ ਕਰ ਤਿੰਨ ਦਿਨਾਂ ਵਿੱਚ ਰਿਪੋਰਟ ਸੌਂਪਣ ਦੇ ਹੁਕਮ ਦੇ ਦਿੱਤੇ ਹਨ। ਕੈਪਟਨ ਨੇ ਕਤਲ ਦੇ ਇਸ ਮਾਮਲੇ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਦੇਣ ਦੇ ਨਾਲ-ਨਾਲ ਸੂਬੇ ਵਿੱਚ ਸੁਰੱਖਿਆ ਵਧਾਉਣ ਦੇ ਵੀ ਹੁਕਮ ਜਾਰੀ ਕਰ ਦਿੱਤੇ ਹਨ।
ਇਸ ਘਟਨਾ ਤੋਂ ਬਾਅਦ ਫ਼ਰੀਦਕੋਟ ਤੇ ਪਟਿਆਲਾ ਦੇ ਸਮੁੱਚੇ ਇਲਾਕਿਆਂ ਵਿੱਚ ਪੁਲਿਸ ਤੇ ਸਿਵਲ ਪ੍ਰਸ਼ਾਸਨ ਬੇਹੱਦ ਚੌਕਸ ਹੋ ਗਏ ਹਨ। ਖ਼ਾਸ ਕਰ ਕੇ ਡੇਰਾ ਸਿਰਸਾ ਦੇ ਸ਼ਰਧਾਲੂਆਂ (ਪ੍ਰੇਮੀਆਂ) ਦੀ ਬਹੁ–ਗਿਣਤੀ ਵਾਲੇ ਇਲਾਕਿਆਂ ਵਿੱਚ ਸੁਰੱਖਿਆ ਚੌਕਸੀ ਬਹੁਤ ਜ਼ਿਆਦਾ ਵਧਾ ਦਿੱਤੀ ਗਈ ਹੈ।