ਬਰਨਾਲਾ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਬਰਨਾਲਾ ਪ੍ਰਸ਼ਾਸ਼ਨ ਵੱਲੋਂ ਅੱਜ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਕਰਮਚਾਰੀਆਂ ਦੀ ਸ਼ਾਲਾਘਾ ਕਰਦੇ ਹੋਏ ਉਨ੍ਹਾਂ ਨੂੰ ਕੰਮ ਕਰਨ ਲਈ ਹੱਲਾਸ਼ੇਰੀ ਦਿੱਤੀ ਗਈ। ਸਰਕਾਰੀ ਹਸਪਤਾਲ ਵਿਖੇ ਪਹੁੰਚ ਕੇ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫ਼ੂਲਕਾ, ਏਡੀਸੀ ਰੂਹੀ ਦੁੱਗ ਅਤੇ ਸਿਵਲ ਸਰਜਨ ਡਾ. ਗੁਰਿੰਦਰਵੀਰ ਸਿੰਘ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਇਲਾਜ ਕਰ ਰਹੇ ਡਾਕਟਰਾਂ ਅਤੇ ਕਰਮਚਾਰੀਆਂ ਨੂੰ ਮਿਲੇ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸੇਫ਼ਟੀ ਕਿੱਟਾਂ ਅਤੇ ਸਹੂਲਤਾਂ ਦੇਣ ਦਾ ਵਾਅਦਾ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫ਼ੂਲਕਾ ਨੇ ਕਿਹਾ ਕਿ ਜੋ ਵੀ ਸਟਾਫ਼ ਇਸ ਸਮੇਂ ਕੰਮ ਕਰ ਰਿਹਾ ਹੈ, ਉਨ੍ਹਾਂ ਸਾਰਿਆਂ ਦਾ ਅਸੀਂ ਧੰਨਵਾਦ ਕਰਦੇ ਹਾਂ। ਸਾਰੇ ਡਾਕਟਰਾਂ ਅਤੇ ਕਰਮਚਾਰੀਆਂ ਦੀ ਹਿੰਮਤ ਅਤੇ ਜੋਸ਼ ਨੂੰ ਦੇਖਦੇ ਹੋਏ ਪ੍ਰਸ਼ਾਸ਼ਨ ਨੂੰ ਵੀ ਮਾਣ ਮਹਿਸੂਸ ਹੋ ਰਿਹਾ ਹੈ ਕਿ ਜੋ ਜੰਗ ਅਸੀਂ ਲੜ ਰਹੇ ਹਾਂ, ਉਸ ਵਿੱਚ ਸਾਨੂੰ ਸਫ਼ਲਤਾ ਜ਼ਰੂਰ ਮਿਲੇਗੀ। ਉਨ੍ਹਾਂ ਸਿਹਤ ਕਰਮਚਾਰੀਆਂ ਤੋਂ ਇਸੇ ਹਿੰਮਤ ਅਤੇ ਜੋਸ਼ ਨਾਲ ਡਿਊਟੀ ਨਿਭਾਉਂਦੇ ਰਹਿਣ ਦੀ ਆਸ ਪ੍ਰਗਟਾਈ।